ਸਰਕਾਰ ਦੀ ਅਣਗਹਿਲੀ ਕਾਰਨ ਆਯੁਸ਼ਮਾਨ ਆਰੋਗਿਆ ਕੇਂਦਰਾਂ ’ਤੇ ਲੱਗੇ ਤਾਲੇ

ਚੰਡੀਗੜ੍ਹ

 ਸੀਐਚਓ ਐਸੋਸੀਏਸ਼ਨ ਵੱਲੋਂ ਪੰਜਾਬ ਭਰ ਵਿੱਚ ਰੋਸ ਪੋਸਟਰ ਲਗਾਏ ਗਏ– ਡਾ ਸੁਨੀਲ ਤਰਗੋਤਰਾ

ਪੰਜਾਬ, ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)— ਪੰਜਾਬ ਦੇ ਪਿੰਡਾਂ ਵਿੱਚ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਕੰਮ ਕਰ ਰਹੇ ਕਮਿਊਨਿਟੀ ਹੈਲਥ ਅਫ਼ਸਰਾਂ (ਸੀਐਚਓ) ਵੱਲੋਂ ਆਪਣੀਆਂ ਜਾਇਜ਼ ਵਿੱਤੀ ਅਤੇ ਸੇਵਾ ਸਬੰਧੀ ਮੰਗਾਂ ਲਈ ਚੱਲ ਰਹੇ ਸੰਘਰਸ਼ ਤਹਿਤ ਅੱਜ ਪੰਜਾਬ ਭਰ ਦੇ ਸਿਹਤ ਕੇਂਦਰਾਂ ’ਤੇ ਰੋਸ ਅਤੇ ਜਾਗਰੂਕਤਾ ਪੋਸਟਰ ਲਗਾਏ ਗਏ।

ਇਨ੍ਹਾਂ ਪੋਸਟਰਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਸਿਹਤ ਕੇਂਦਰਾਂ ’ਤੇ ਲੱਗੇ ਤਾਲੇ ਸੀਐਚਓ ਦੀ ਮਰਜ਼ੀ ਨਾਲ ਨਹੀਂ, ਸਗੋਂ ਸਰਕਾਰ ਅਤੇ ਸਿਹਤ ਵਿਭਾਗ ਦੀ ਲਗਾਤਾਰ ਅਣਗਹਿਲੀ ਕਾਰਨ ਲੱਗੇ ਹਨ। ਸੀਐਚਓ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ।

ਸੂਬਾ ਪ੍ਰਧਾਨ ਡਾ ਸੁਨੀਲ ਤਰਗੋਤਰਾ ਨੇ ਕਿਹਾ ਕਿ ਸਰਕਾਰ ਵੱਲੋਂ ₹5000/- ਦੀ ਰਕਮ ਨੂੰ ਤਨਖਾਹ ਵਿੱਚ ਸਥਾਈ ਵਾਧੇ ਵਜੋਂ ਦੇਣ ਦੀ ਬਜਾਏ ਇੰਸੈਂਟਿਵ ਨਾਲ ਜੋੜ ਕੇ ਬੈਂਚਮਾਰਕ ਦੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਜਿਸ ਦਾ ਸੀਐਚਓ ਐਸੋਸੀਏਸ਼ਨ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੀਐਚਓ ਦਾ ਰੈਗੂਲਰ ਕੈਡਰ, ਲੌਇਲਟੀ ਬੋਨਸ, ਤਨਖਾਹ ਅਤੇ ਇੰਸੈਂਟਿਵ ਨੂੰ ਮਰਜ ਕਰਨਾ ਅਤੇ ਹੋਰ ਜਾਇਜ਼ ਮੰਗਾਂ ਵੀ ਅਜੇ ਤੱਕ ਹੱਲ ਨਹੀਂ ਕੀਤੀਆਂ ਗਈਆਂ।

ਆਗੂਆਂ ਨੇ ਕਿਹਾ ਕਿ ਸੀਐਚਓ ਪਿੰਡਾਂ ਦੇ ਲੋਕਾਂ ਨੂੰ BP, ਸ਼ੂਗਰ, ਮਾਤਾ-ਬੱਚਾ ਸਿਹਤ ਅਤੇ ਹੋਰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਲਈ ਹਮੇਸ਼ਾ ਤਿਆਰ ਰਹੇ ਹਨ। ਪਰ ਸਰਕਾਰ ਦੀ ਅਣਗਹਿਲੀ ਕਾਰਨ ਅੱਜ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਤੋਂ ਵਾਂਝਾ ਹੋਣਾ ਪੈ ਰਿਹਾ ਹੈ ਅਤੇ ਇਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਸਿਹਤ ਵਿਭਾਗ ਦੀ ਹੈ। ਆਗੂਆਂ ਨੇ ਦੱਸਿਆ ਕਿ ਮਿਤੀ 10 ਅਗਸਤ 2026 ਨੂੰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਦੇ ਮੁੱਖ ਦਫ਼ਤਰ ਵਿਖੇ ਦਿੱਤੇ ਜਾਣ ਵਾਲੇ ਵਿਸ਼ਾਲ ਰੋਸ ਧਰਨੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸੀਐਚਓ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚ ਕੇ ਇਸ ਧਰਨੇ ਵਿੱਚ ਸ਼ਮੂਲੀਅਤ ਕਰਨਗੇ।

ਸੀਐਚਓ ਐਸੋਸੀਏਸ਼ਨ ਪੰਜਾਬ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀਐਚਓ ਦੀਆਂ ਜਾਇਜ਼ ਮੰਗਾਂ ਨੂੰ ਸਮਝਣ ਅਤੇ ਇਸ ਸੰਘਰਸ਼ ਵਿੱਚ ਆਪਣਾ ਸਹਿਯੋਗ ਦੇਣ। ਆਗੂਆਂ ਨੇ ਕਿਹਾ ਕਿ ਸੀਐਚਓ ਲੋਕਾਂ ਦੇ ਵਿਰੁੱਧ ਨਹੀਂ, ਬਲਕਿ ਲੋਕਾਂ ਦੀ ਬਿਹਤਰ ਸਿਹਤ ਸੇਵਾ ਅਤੇ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰ ਰਹੇ ਹਨ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਸੀਐਚਓ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਠੋਸ ਅਤੇ ਸਥਾਈ ਹੱਲ ਨਹੀਂ ਕਰਦੀ, ਸੰਘਰਸ਼ ਜਾਰੀ ਰਹੇਗਾ। ਸਰਕਾਰ ਨੂੰ ਚਾਹੀਦਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਸੀਐਚਓ ਨਾਲ ਤੁਰੰਤ ਗੱਲਬਾਤ ਕਰਕੇ ਮਸਲੇ ਦਾ ਹੱਲ ਕਰੇ।

Leave a Reply

Your email address will not be published. Required fields are marked *