‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਕੀਤਾ ਜਾਵੇਗਾ ਹੋਰ ਤੇਜ਼, ਜ਼ਿਲ੍ਹੇ ਦੇ ਸਾਰੇ ਹਲਕਿਆਂ ਵਿੱਚ ਹੋਵੇਗੀ ਮੀਟਿੰਗ
ਗੁਰਦਾਸਪੁਰ, 8 ਅਗਸਤ (ਸਰਬਜੀਤ ਸਿੰਘ)– ‘ਨਸ਼ਾ ਮੁਕਤੀ ਮੋਰਚਾ’ ਦੀ ਜ਼ਿਲ੍ਹਾ ਪੱਧਰ ‘ਤੇ ਸਿਵਲ ਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ, ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ, ਜ਼ਿਲ੍ਹਾ ਵਾਈਸ ਕੁਆਰਡੀਨੇਟਰ ਅਨਮੋਲਜੋਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐੱਸ ਪੀ ਗੁਰਦਾਸਪੁਰ ਦਵਿੰਦਰ ਸਿੰਘ ਚੌਧਰੀ, ਰਮਨਦੀਪ ਸਿੰਘ ਐਸ.ਪੀ ਬਟਾਲਾ ਰਮਨਦੀਪ ਸਿੰਘ, ਹਰਪ੍ਰੀਤ ਸਿੰਘ ਡੀ.ਡੀ.ਪੀ.ਓ, ਐੱਸ. ਡੀ. ਐਮਜ਼ ਸਮੇਤ ਬੀ.ਡੀ.ਪੀ.ਓਜ਼ ਮੌਜੂਦ ਸਨ।
ਪੰਚਾਇਤ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਲਈ ਰਣਨੀਤੀ ਤਿਆਰ ਕੀਤੀ ਗਈ ਅਤੇ ਜ਼ਿਲ੍ਹੇ ਦੇ ਸਾਰੇ ਹਲਕਿਆਂ ਵਿੱਚ ਹੋਣ ਵਾਲੀਆਂ ਯੁੱਧ ਨਸ਼ਿਆਂ ਵਿਰੁੱਧ ਮੀਟਿੰਗਾਂ ਸਬੰਧੀ ਵਿਚਾਰ ਕੀਤਾ ਗਿਆ।
ਮੀਟਿੰਗ ਦੌਰਾਨ ਉਨ੍ਹਾਂ ‘ਯੁੱਧ ਨਸ਼ੇ ਵਿਰੁੱਧ’ ਮੁਹਿਮ ਨੂੰ ਹੋਰ ਤੇਜ਼ ਕਰਨ ਲਈ ਕਿਹਾ ਗਿਆ ਅਤੇ ਦੱਸਿਆ ਕਿ ਸਮੂਹਿਕ ਯਤਨਾਂ ਨਾਲ ਇਸ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕੀਤਾ ਜਾਵੇਗਾ।
ਡਾ.ਅਰਸ਼ਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸੂਬੇ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸਾਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਪਿੰਡਾਂ ਵਿੱਚੋਂ ਨਸ਼ਿਆਂ ਨੂੰ ਖਤਮ ਕੀਤਾ ਜਾ ਰਿਹਾ ਹੈ।
ਉਨ੍ਹਾ ਕਿਹਾ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚੇ ਦੀ ਟੀਮਾਂ ਵਲੋਂ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਉਨ੍ਹਾਂ ਨੂੰ ਬਹੁਤ ਪਿਆਰ ਸਤਿਕਾਰ ਮਿਲ ਰਿਹਾ ਹੈ। ਲੋਕ ਬਹੁਤ ਖੁਸ਼ ਹਨ ਕਿ ਪੰਜਾਬ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਿਆ ਖਿਲਾਫ ਵੱਡੀਆਂ ਕਾਰਵਾਈਆਂ ਕੀਤੀ ਹਨ।
ਉਨ੍ਹਾ ਅੱਗੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਸਰਕਾਰ ਬਣੀ ਜਿਸ ਵਲੋਂ ਨਿਰੰਤਰ ਲੋਕ ਹਿੱਤ ਦੇ ਕੰਮਾਂ ਨੂੰ ਪਹਿਲ ਦਿੱਤੀ ਹੈ ਅਤੇ ਗਰਾਉਂਡ ਲੈਵਲ ‘ਤੇ ਜਾ ਕੇ ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਹਨ।


