ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਕੰਮ ਕਰਦੇ ਕਮਿਊਨਿਟੀ ਹੈਲਥ ਵਰਕਰਾਂ ਨੇ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ

ਗੁਰਦਾਸਪੁਰ

ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)– ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਕੰਮ ਕਰਦੇ ਕਮਿਊਨਿਟੀ ਹੈਲਥ ਵਰਕਰਾਂ ਦਾ ਵਫ਼ਦ ਸਿਵਲ ਸਰਜਨ ਨੂੰ ਮੰਗ ਪੱਤਰ ਦੇਣ ਪਹੁੰਚਿਆ। ਪ੍ਰੈਸ ਨਾਲ਼ ਗੱਲ ਕਰਦਿਆਂ ਸੀ ਐਚ ਓ ਜੁਆਇੰਟ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਅੱਜ ਓਹ ਸਿਵਲ ਸਰਜਨ ਸਾਹਿਬ ਨੂੰ ਮਾਣਯੋਗ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਅਤੇ ਮਾਣਯੋਗ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਦੇ ਨਾਮ ਮੰਗ ਪੱਤਰ ਦੇਣ ਪਹੁੰਚੇ ਨੇ। ਉਹਨਾਂ ਦੱਸਿਆ ਕਿ ਪਿਛਲੇ ਲੰਮੇਂ ਸਮੇਂ ਤੋਂ ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਹੈਲਥ ਐਂਡ ਵੈਲਨੈਸ ਸੈਂਟਰਾਂ ਉਪੱਰ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸੀ ਐਚ ਓ ਵਲੋਂ ਕਰੋਨਾ ਕਾਲ ਅਤੇ ਹੜ੍ਹਾਂ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਗਈ। ਪਰੰਤੂ ਵਿਭਾਗ ਵੱਲੋਂ ਪਿੱਛਲੇ ਲੰਮੇਂ ਸਮੇਂ ਤੋਂ ਉਹਨਾਂ ਨਾਲ ਵਧੀਕੀ ਕੀਤੀ ਜਾ ਰਹੀ ਹੈ।

ਦੇਸ਼ ਦੇ ਬਾਕੀ ਸੂਬਿਆਂ ਨਾਲੋਂ ਉਹਨਾਂ ਨੂੰ 5000 ਰੁਪਏ ਘੱਟ ਤਨਖਾਹ ਦਿੱਤੀ ਜਾ ਰਹੀ ਹੈ ਜਿਸ ਦੇ ਸਬੰਧ ਵਿੱਚ ਯੂਨੀਅਨ ਵਲੋਂ ਮਾਣਯੋਗ ਸਿਹਤ ਮੰਤਰੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਬਹੁਤ ਵਾਰ ਮੀਟਿੰਗ ਕਰਕੇ ਜਾਣੂੰ ਕਰਵਾਇਆ ਗਿਆ ਪਰੰਤੂ ਇਸ ਸਬੰਧ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਉੱਲਟ ਸਾਡੇ ਟਾਰਗੇਟ ਵਿੱਚ ਬਦਲਾਅ ਕਰਕੇ, 2-2 ਟਾਰਗੇਟ ਜੋੜ ਕੇ ਇਕ ਬਣਾ ਦਿੱਤਾ ਗਿਆ ਅਤੇ ਸਾਡੇ ਕੰਮਾਂ ਨੂੰ ਹੋਰ ਔਖ਼ਾ ਕੀਤਾ ਜਾ ਰਿਹਾ ਹੈ ਅਤੇ ਸਾਰੇ ਕੰਮ ਆਨਲਾਈਨ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ ਜਦਕਿ ਆਨਲਾਈਨ ਕੰਮ ਕਰਨ ਲਈ ਨਾਂ ਤੇ ਹੈਲਥ ਐਂਡ ਵੈਲਨੈਸ ਸੈਂਟਰਾਂ ਤੇ ਕੋਈ ਇੰਟਰਨੈੱਟ ਦੀ ਫੈਸਿਲਟੀ ਹੈ ਅਤੇ ਨਾਂ ਹੀ ਕੋਈ ਕੰਪਿਊਟਰ ਆਪਰੇਟਰ ਦੀ ਭਰਤੀ ਕੀਤੀ ਗਈ ਹੈ। ਅਗਰ ਸੀ ਐਚ ਓ ਵਲੋਂ ਇਹ ਸਾਰੇ ਕੰਮ ਆਪਣੇ ਆਪ ਆਨਲਾਈਨ ਕੀਤੇ ਜਾਣ ਗੇ ਤਾਂ ਲੋਕਾਂ ਨੂੰ ਮਿਲ ਰਹੀਆਂ ਜਰੂਰੀ ਸਿਹਤ ਸਹੂਲਤਾਂ ਜਿਵੇ ਓ ਪੀ ਡੀ, ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ, ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਜਾਂਚ, ਵੱਖ ਵੱਖ ਪਿੰਡਾਂ ਵਿਚ ਲਗਾਏ ਜਾਂਦੇ ਮੈਡੀਕਲ ਜਾਂਚ ਕੈਂਪ ਆਦਿ ਪ੍ਰਭਾਵਿਤ ਹੋਣਗੇ।
ਉਹਨਾਂ ਕਿਹਾ ਕਿ ਸਟੇਟ ਯੂਨੀਅਨ ਵੱਲੋਂ ਉੱਚ ਅਧਿਕਾਰੀਆਂ ਨੂੰ ਇਹਨਾਂ ਮਸਲਿਆਂ ਦੇ ਹੱਲ ਲਈ ਮੀਟਿੰਗ ਦੇਣ ਲਈ ਪੱਤਰ ਵੀ ਭੇਜਿਆ ਗਿਆ ਹੈ ਪਰੰਤੂ ਵਿਭਾਗ ਵੱਲੋਂ ਉਸ ਦਾ ਵੀ ਹਾਲੇ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ ਅਗਰ 25 ਦਸੰਬਰ ਤੱਕ ਵਿਭਾਗ ਵੱਲੋਂ ਕੋਈ ਜਵਾਬ ਨਹੀਂ ਆਉਂਦਾ ਤਾਂ ਯੂਨੀਅਨ ਦੀ ਕਾਲ ਤੇ ਸਾਰੇ ਪੰਜਾਬ ਦੇ ਸੀ ਐਚ ਓ ਵੱਲੋਂ 26 ਦਸੰਬਰ ਤੋਂ ਸਾਰੇ ਆਨਲਾਈਨ ਕੰਮ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ ਵੀ ਜੇਕਰ ਕੋਈ ਸੁਣਵਾਈ ਨਹੀਂ ਹੁੰਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋੜ ਪੈਣ ਤੇ ਚੰਡੀਗੜ੍ਹ ਸਿਹਤ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਜਾਵੇਗਾ।

Leave a Reply

Your email address will not be published. Required fields are marked *