ਸਾਉਣੀ ਮੱਕੀ ਅਤੇ ਝੋਨੇ ਦੀ ਸਿੱਧੀ ਬਿਜਾਈ ਤੇ ਵਿੱਤੀ ਸਹਾਇਤਾ ਲੈਣ ਲਈ ਫਸਲਾਂ ਦੀ ਵੈਰੀਫਿਕੇਸ਼ਨ ਲਾਜ਼ਮੀ: ਡਾ. ਚੀਮਾ

ਗੁਰਦਾਸਪੁਰ

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡ-ਪਿੰਡ ਜਾ ਕੇ ਫਸਲਾਂ ਦੀ ਵੈਰੀਫਿਕੇਸ਼ਨ ਦਾ ਕੰਮ ਜਾਰੀ

ਗੁਰਦਾਸਪੁਰ, 9 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਝੋਨੇ ਦੀ ਜਗ੍ਹਾ ਸਾਉਣੀ ਮੱਕੀ ਦੀ ਬਿਜਾਈ ਕਰਨ ਵਾਲੇ ਯੋਗ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 7000 ਰੁਪਏ ਪ੍ਰਤੀ ਏਕੜ ਅਤੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਕਰਨ ਵਾਲੇ ਯੋਗ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਲਈ ਫਸਲਾਂ ਦੀ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜ੍ਹੀ ਅਫ਼ਸਰ ਡਾ ਸ਼ਹਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਨੇ ਇਸ ਸੀਜਨ ਦੌਰਾਨ ਸਾਉਣੀ ਮੱਕੀ ਦੀ ਬਿਜਾਈ ਕੀਤੀ ਹੈ, ਉਹ 10 ਅਗਸਤ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 15 ਅਗਸਤ ਤੋਂ ਪਹਿਲਾਂ-ਪਹਿਲਾਂ ਆਪਣੀ ਫਸਲ ਦੀ ਵੈਰੀਫਿਕੇਸ਼ਨ ਲਾਜ਼ਮੀ ਤੌਰ ਤੇ ਕਰਵਾ ਲੈਣ ਤਾਂ ਜੋ ਵਿੱਤੀ ਸਹਾਇਤਾ ਬਿਨਾਂ ਕਿਸੇ ਦੇਰੀ ਤੋਂ ਪ੍ਰਾਪਤ ਕੀਤੀ ਜਾ ਸਕੇ।

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਹ ਵੈਰੀਫਿਕੇਸ਼ਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਟੀਮਾਂ ਵੱਲੋਂ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਕਿਸਾਨ ਵੀਰ ਆਖਰੀ ਮਿਤੀ ਦੀ ਉਡੀਕ ਕਰਨ ਦੀ ਬਜਾਏ ਤੁਰੰਤ ਆਪਣੇ ਸਬੰਧਤ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਉੱਪ ਨਿਰੀਖਕ ਜਾਂ ਵਿਭਾਗ ਦੇ ਹੋਰ ਕਰਮਚਾਰੀਆਂ ਨਾਲ ਸਪੰਰਕ ਕਰਕੇ ਆਪਣੀ ਫਸਲ ਦੀ ਪੜਤਾਲ ਮੁਕੰਮਲ ਕਰਵਾਉਣ।

ਉਨ੍ਹਾਂ ਕਿਹਾ ਕਿ ਸਮੇਂ ਸਿਰ ਵੈਰੀਫਿਕੇਸ਼ਨ ਮੁਕੰਮਲ ਹੋਣ ਉਪਰੰਤ ਹੀ ਇਹ ਵਿੱਤੀ ਸਹਾਇਤਾ ਰਾਸ਼ੀ ਯੋਗ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ, ਜਦਕਿ ਨਿਰਧਾਰਿਤ ਸਮੇਂ ਅੰਦਰ ਵੈਰੀਫਿਕੇਸ਼ਨ ਨਾ ਕਰਵਾਉਣ ਦੀ ਸੂਰਤ ਵਿੱਚ ਕਿਸਾਨ ਇਸ ਯੋਜਨਾ ਦੇ ਲਾਭ ਤੋਂ ਵਾਂਝੇ ਰਹਿ ਸਕਦੇ ਹਨ। ਡਾ. ਚੀਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਸਾਉਣੀ ਦੀ ਮੱਕੀ ਅਤੇ ਝੋਨੇ ਦੀ ਸਿੱਧੀ ਬਜਾਈ (ਡੀ ਐਸ ਆਰ) ਫਸਲ ਦੀ ਵੈਰੀਫਿਕੇਸ਼ਨ ਕਰਵਾ ਲਈ ਜਾਵੇ।

Leave a Reply

Your email address will not be published. Required fields are marked *