ਚਾਈਨਾ ਡੋਰ ਦੀ ਵਰਤੋਂ ਦਾ ਪਤਾ ਲਗਾਉਣ ਲਈ ਡਰੋਨ ਉਡਾਇਆ ਜਾਵੇਗਾ-ਡੀ.ਸੀ ਡਾ. ਹਿਮਾਂਸ਼ੂ ਅਗਰਵਾਲ

ਗੁਰਦਾਸਪੁਰ

ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ 5 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜ਼ੁਰਮਾਨਾ

ਜ਼ਿਲ੍ਹਾ ਪੱਧਰੀ ਹੈਲਪ ਲਾਈਨ ਨੰਬਰ 1800-180-1852 `ਤੇ ਚਾਈਨਾ ਡੋਰ ਸਬੰਧੀ ਦਿੱਤੀ ਜਾਵੇ ਸੂਚਨਾ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਚਾਈਨਾ ਡੋਰ ਦੀ ਵਿਕਰੀ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣਾ ਚਾਹੀਦਾ ਹੈ ਤਾਂ ਜੋ ਇਸ ਮਾੜੇ ਰੁਝਾਨ ਨੂੰ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪਲਾਸਟਿਕ/ਸੰਥੈਟਿਕ ਡੋਰ ਦੀ ਵਿਕਰੀ ਜਾਂ ਵਰਤੋਂ ਕਰੇਗਾ ਉਸ ਖਿਲਾਫ ਸਖਤ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ਤਹਿਤ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਰਤੋਂ ਦਾ ਪਤਾ ਲਗਾਉਣ ਲਈ ਡਰੋਨ ਉਡਾਇਆ ਜਾਵੇਗਾ ਅਤੇ ਜਿਹੜੇ ਵਿਅਕਤੀ ਚਾਈਨਾ ਡੋਰ ਨਾਲ ਪਤੰਗਾਂ ਉਡਾਉਣਗੇ ਉਨ੍ਹਾਂ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਚਾਈਨਾ ਡੋਰ ਨਾਲ ਪਤੰਗਾਂ ਉਡਾਉਣਗੇ ਉਨ੍ਹਾਂ ਦੇ ਮਾਪਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹੇ ਵਿੱਚ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਇੱਕ ਜ਼ਿਲ੍ਹਾ ਪੱਧਰ `ਤੇ ਵਿਸ਼ੇਸ਼ ਹੈਲਪ ਲਾਈਨ ਨੰਬਰ 1800-180-1852 ਜਾਰੀ ਕੀਤਾ ਗਿਆ ਹੈ, ਜਿਸ ਉੱਪਰ ਚਾਈਨਾਂ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਬੱਚਿਆਂ ਕੋਲ ਅਜੇ ਵੀ ਪਿਛਲੇ ਸਾਲ ਦੀ ਪਲਾਸਟਿਕ/ਚਾਈਨਾ ਡੋਰ ਘਰ ਪਈ ਹੋਈ ਹੈ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਹ ਡੋਰ ਦੇ ਕੇ ਬਦਲੇ ਵਿੱਚ ਸੂਤੀ ਧਾਗੇ ਦੀ ਡੋਰ ਤੇ ਨਾਲ ਪਤੰਗਾਂ ਲੈ ਸਕਦੇ ਹਨ। ਉਨਾਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਵਿੱਚ ਏ.ਡੀ.ਸੀ. ਵਿਕਾਸ ਦੇ ਦਫ਼ਤਰ ਕੋਲ `ਅਬਾਦ ਹੁਨਰ ਹੱਟ` ਤੋਂ ਬੱਚੇ ਚਾਈਨਾ ਡੋਰ ਵਟਾ ਕੇ ਸੂਤੀ ਧਾਗੇ ਦੀ ਡੋਰ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬੱਚੇ ਡੋਰ ਵਟਾਉਣ ਆਉਣ ਸਮੇਂ ਆਪਣੇ ਮਾਪਿਆਂ ਨੂੰ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਹੁਨਰ ਹੱਟ ਵਿਖੇ ਸੂਤੀ ਧਾਗੇ ਦੀ ਡੋਰ ਵੀ ਵਿਕਰੀ ਲਈ ਰੱਖੀ ਗਈ ਹੈ ਤਾਂ ਜੋ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਅਸਾਨੀ ਨਾਲ ਸੂਤੀ ਧਾਗੇ ਦੀ ਡੋਰ ਮਿਲ ਸਕੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਤੇ ਵਰਤੋਂ ਕਰਨ ਵਾਲੇ ਵਿਅਕਤੀਆਂ ਨੂੰ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਮਨੁੱਖੀ ਜਾਨਾਂ ਨਾਲ ਖੇਡਣ ਵਾਲੇ ਇਸ ਧੰਦੇ ਨੂੰ ਤੁਰੰਤ ਬੰਦ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵੱਲੋਂ ਉਨਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੰਥੈਟਿਕ/ਪਲਾਸਟਿਕ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਅੱਗੇ ਆਉਣ।       

Leave a Reply

Your email address will not be published. Required fields are marked *