ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀਤੀ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੌਂਸਲ ਦੀਆਂ ਪਿਛਲੇ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ। ਇਸ ਮੀਟਿੰਗ ਵਿੱਚ ਜ਼ਿਲ੍ਹਾ ਬਾਲ ਭਲਾਈ ਕੌਂਸਲ ਦੇ 48 ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਦੌਰਾਨ ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਦੇ ਸਕੱਤਰ ਰਮੇਸ਼ ਮਹਾਜਨ ਵੱਲੋਂ ਕੌਂਸਲ ਦੀਆਂ ਗਤੀਵਿਧੀਆਂ ਦੀ ਰੀਪੋਰਟ ਪੇਸ਼ ਕੀਤੀ ਗਈ ਅਤੇ ਮੀਟਿੰਗ ਦਾ ਏਜੰਡਾ ਪੇਸ਼ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਮਾਨ ਕੌਰ ਕਲੋਨੀ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਲਈ ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ ਨੂੰ ਨਿਰਦੇਸ਼ ਦਿੱਤੇ। ਬਾਲ ਭਵਨ ਕੈਂਪਸ ਦੀ ਦੀਵਾਰ ਬਣਾਉਣ ਲਈ ਲੋਕ ਨਿਰਮਾਣ ਵਿਭਾਗ ਨੂੰ 1.39 ਲੱਖ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ ਗਈ।
ਸਕੱਤਰ ਰਮੇਸ਼ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਨਕੌਰ ਇਲਾਕੇ ਵਿੱਚ ਸਲੱਮ ਏਰੀਏ ਦੇ ਬੱਚਿਆਂ ਲਈ ਜੋ ਸਕੂਲ ਚਲਾਇਆ ਜਾ ਰਿਹਾ ਹੈ ਉਸਨੂੰ ਪ੍ਰਾਇਮਰੀ ਸਕੂਲ ਵਿੱਚ ਤਬਦੀਲ ਕਰਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ {ਪ੍ਰਾਇਮਰੀ) ਨਾਲ ਐੱਮ.ਓ.ਯੂ. ਸਾਈਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਵੱਲੋਂ ਬੱਚਿਆਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੌਂਸਲ ਦੇ ਸਾਰੇ ਮੈਂਬਰ ਇਸ ਵਾਰ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਵਿੱਖ ਵਿੱਚ ਬੱਚਿਆਂ ਲਈ ਨਵੇਂ ਪ੍ਰੋਜੈਕਟ ਉਲੀਕੇ ਜਾਣਗੇ।


