ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ
ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਦਿੱਤੇ ਦਿਸ਼ਾ-ਨਿਰਦੇਸ਼
ਗੁਰਦਾਸਪੁਰ, 11 ਅਗਸਤ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਵੱਲੋਂ 15 ਅਗਸਤ ਨੂੰ
ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅੱਜ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਗੁਰਦਾਸਪੁਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ, ਮੈਡਮ ਅਦੀਬਾ ਅਨਮ ਅਸ਼ਫਾਕ ਅਹਿਮਦ, ਆਈ ਏ ਐੱਸ, ਅੰਡਰ ਟਰੇਨਿੰਗ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗੁਰਪ੍ਰੀਤ ਸਿੰਘ ਗਿੱਲ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਜੁਗਰਾਜ ਸਿੰਘ ਐੱਸ ਪੀ (ਐੱਚ) ਗੁਰਦਾਸਪੁਰ, ਅਸ਼ੋਕ ਕੁਮਾਰ ਐੱਸ ਡੀ ਐੱਮ ਗੁਰਦਾਸਪੁਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਕਿਹਾ ਕਿ ਜ਼ਿਲ੍ਹਾ ਪੱਧਰ ਦਾ ਆਜ਼ਾਦੀ ਦਿਵਸ ਸਮਾਰੋਹ ਹਰ ਸਾਲ ਦੀ ਤਰਾਂ ਇਸ ਵਾਰ ਵੀ ਪੂਰੇ ਉਤਸ਼ਾਹ ਨਾਲ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਉਹਨਾਂ ਅੱਗੇ ਕਿਹਾ ਕਿ ਸਮੂਹ ਅਧਿਕਾਰੀ ਤੇ ਕਰਮਚਾਰੀ ਰਾਸ਼ਟਰੀ ਮਹੱਤਤਾ ਵਾਲੇ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਉਣ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਦੀ ਸਾਫ-ਸਫਾਈ, ਸਜਾਵਟ, ਬੈਠਣ ਦੇ ਪ੍ਰਬੰਧ, ਪੀਣ ਵਾਲਾ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਫਾਇਰ ਬ੍ਰਿਗੇਡ, ਆਰਜ਼ੀ ਪਖਾਨੇ ਆਦਿ ਸਮੇਤ ਸਮੁੱਚੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਹੋਣੇ ਚਾਹੀਦੇ ਹਨ, ਜਿਸ ਦੇ ਲਈ ਸੀਨੀਅਰ ਅਧਿਕਾਰੀ ਖੁਦ ਇੰਤਜ਼ਾਮਾਂ ਦੀ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਸਿਹਤ ਵਿਭਾਗ ਨੂੰ ਸਮਾਗਮ ਵਾਲੇ ਸਮਾਗਮ ਵਾਲੇ ਦਿਨ ਅਤੇ ਰਿਹਰਸਲਾਂ ਦੌਰਾਨ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ।ਮੀਟਿੰਗ ਦੌਰਾਨ ਬੱਚਿਆਂ ਲਈ ਰਿਫ੍ਰੈਸ਼ਮੈਂਟ ਦੇ ਪ੍ਰਬੰਧਾਂ ਸਬੰਧੀ ਵੀ ਸਬੰਧਿਤ ਅਧਿਕਾਰੀਆਂ ਨੂੂੰ ਆਦੇਸ਼ ਦਿੱਤੇ ਗਏ।


