ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ 26 ਜਨਵਰੀ ਨੂੰ ਗੁਰਦਾਸਪੁਰ ਵਿਖੇ ਲਹਿਰਾਉਣਗੇ ਤਿਰੰਗਾ ਝੰਡਾ
75ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ
ਸੁਰੱਖਿਆ ਪੱਖੋਂ ਸਾਰੇ ਇੰਤਜ਼ਾਮ ਮੁਕੰਮਲ : ਐਸ.ਐਸ.ਪੀ
ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)– 26 ਜਨਵਰੀ ਨੂੰ ਦੇਸ਼ ਦੇ 75ਵੇਂ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇੱਥੇ ਐਸ.ਐਸ.ਪੀ. ਹਰੀਸ਼ ਦਾਯਮਾ ਸਮੇਤ ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਗਣਤੰਤਰ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕਰਨਗੇ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ। ਉਪਰੰਤ ਉਹ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਰੇਡ ਵਿੱਚ ਪੰਜਾਬ ਪੁਲਿਸ ਦੀਆਂ ਦੋ ਟੁਕੜੀਆਂ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐਨ.ਸੀ.ਸੀ. ਕੈਡਿਟਸ, ਪੰਜਾਬ ਪੁਲਿਸ ਦੀ ਬੈਂਡ ਟੀਮ ਅਤੇ ਸਕੂਲੀ ਵਿਦਿਆਰਥੀਆਂ ਦੀ ਟੁਕੜੀਆਂ ਹਿੱਸਾ ਲੈਣਗੀਆਂ। ਪਰੇਡ ਦੀ ਅਗਵਾਈ ਸ੍ਰੀ ਦਿਲਪ੍ਰੀਤ ਸਿੰਘ ਆਈ.ਪੀ.ਐੱਸ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ ਵੱਲੋਂ ਜਿਥੇ ਝਾਕੀ ਦੌਰਾਨ ਸਰਹੱਦੀ ਖੇਤਰ ਦੇ ਨੌਜਵਾਨਾਂ ਲਈ ਕਰਵਾਏ ਜਾ ਕਿੱਤਾਮੁੱਖੀ ਸਿਖਲਾਈ ਦੇ ਪ੍ਰੋਗਰਾਮ ਨੂੰ ਦਰਸਾਇਆ ਜਾਵੇਗਾ ਓਥੇ ਨਾਲ ਹੀ ਬੀ.ਐੱਸ.ਐੱਫ. ਵੱਲੋਂ ਇੱਕ ਵਿਸ਼ੇਸ਼ ਬੂਥ ਲਗਾ ਹਥਿਆਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਆਜ਼ਾਦੀ ਘੁਲਾਟੀਆਂਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨਗੇ ਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਕਰਨਗੇ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਰਾਸ਼ਟਰੀ ਗਾਨ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਇਸੇ ਦੌਰਾਨ ਐਸ.ਐਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐਸ.ਪੀਜ਼ ਅਤੇ ਡੀ.ਐਸ.ਪੀਜ਼ ਸੁਰੱਖਿਆ ਪੱਖੋਂ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਚਾਰੂ ਢੰਗ ਨਾਲ ਟ੍ਰੈਫਿਕ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿਕੱਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਐੱਸ.ਡੀ.ਐੱਮ ਗੁਰਦਾਸਪੁਰ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜ) ਇਰਵਿਨ ਕੌਰ, ਐੱਸ.ਪੀ. ਨਵਜੋਤ ਸਿੰਘ, ਡੀ.ਡੀ.ਪੀ.ਓ. ਸਤੀਸ਼ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਰਵਿੰਦਰਪਾਲ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਸੇਠੀ, ਤਹਿਸੀਲਦਾਰ ਰਾਜਵਿੰਦਰ ਕੌਰ, ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਹਰਚਰਨ ਸਿੰਘ ਕੰਗ, ਸੈਕਟਰੀ ਰੈੱਡ ਕਰਾਸ ਰਾਜੀਵ ਸਿੰਘ, ਪ੍ਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।