ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ 14ਵਾਂ ਵੋਟਰ ਦਿਵਸ ਮਨਾਇਆ

ਗੁਰਦਾਸਪੁਰ

ਜ਼ਿਲ੍ਹਾ ਪੱਧਰੀ ਸਮਾਗਮ ਵਿੱਚ 18-19 ਸਾਲ ਦੇ ਨਵੇਂ ਵੋਟਰਾਂ ਨੂੰ ਵੰਡੇ ਗਏ ਵੋਟਰ ਸ਼ਨਾਖਤੀ ਕਾਰਡ

ਵੋਟ ਦਾ ਸਹੀ ਤੇ ਜਰੂਰ ਇਸਤੇਮਾਲ ਕਰਨ ਦਾ ਦਿਵਾਇਆ ਗਿਆ ਪ੍ਰਣ

ਦੀਨਾਨਗਰ, ਗੁਰਦਾਸਪੁਰ, 26 ਜਨਵਰੀ (ਸਰਬਜੀਤ ਸਿੰਘ)– ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਲੋਕਤੰਤਰ ਦੀ ਮਜਬੂਤੀ ਵਾਸਤੇ ਹਰੇਕ ਵੋਟਰ ਨੂੰ ਆਪਣੀ ਬਣਾਉਣ ਦੇ ਨਾਲ ਆਪਣੀ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨਾ ਜਰੂਰੀ ਹੈ। ਵੋਟ ਦਾ ਸਹੀ ਇਸਤੇਮਾਲ ਕਰਕੇ ਹੀ ਅਸੀਂ ਆਪਣੇ ਦੇਸ਼ ਅਤੇ ਸੂਬੇ ਦੀ ਮਜਬੂਤੀ ਅਤੇ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ- ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਸੁਭਾਸ਼ ਚੰਦਰ ਨੇ ਅੱਜ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ 14ਵੇਂ ਕੌਮੀ ਵੋਟਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਵਾਸਤੇ ਨੈਸ਼ਨਲ ਵੋਟਰ ਦਿਵਸ ਮਨਾਇਆ ਜਾਂਦਾ ਹੈ ਤਾਂ ਜੋ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਮਜਬੂਤ ਕੀਤਾ ਜਾ ਸਕੇ। ਉਨ੍ਹਾਂ  ਕਿਹਾ ਕਿ ਵੋਟ ਬਣਾਉਣਾ ਅਤੇ ਉਸ ਦਾ ਬਿਨਾਂ ਕਿਸੇ ਭੇਦ-ਭਾਵ ਤੋਂ ਇਸਤੇਮਾਲ ਕਰਨਾ ਹਰੇਕ ਨਾਗਰਿਕ ਦੀ ਸਮਾਜਿਕ ਜਿੰਮੇਵਾਰੀ ਹੈ ਜਿਸ ਨੂੰ ਨਿਭਾਉਣ ਤੋਂ ਕਦੇ ਵੀ ਪਿੱਛੇ ਨਹੀਂ ਹਟਣਾ ਚਾਹੀਦਾ। ਉਨ੍ਹਾਂ ਲੋਕਤੰਤਰੀ ਪ੍ਰੰਪਰਾਵਾਂ ਨੂੰ ਕਾਇਮ ਰੱਖਣ ਅਤੇ ਸਹੀ ਤੇ ਨਿਰਪੱਖ ਵੋਟ ਦਾ ਇਸਤੇਮਾਲ ਕਰਨ ਦਾ ਪ੍ਰਣ ਵੀ ਦਿਵਾਇਆ।

ਇਸ ਮੌਕੇ ਮੁੱਖ ਚੋਣ ਕਮਿਸ਼ਨਰ ਜੀ ਵੱਲੋਂ ਵੀਡੀਓ ਸੰਦੇਸ਼ ਰਾਹੀਂ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ।  

ਇਸ ਤੋਂ ਪਹਿਲਾਂ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਦੀ ਵਿਦਿਆਰਥਣ ਜਾਨਵੀ, ਐਸ.ਡੀ. ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ, ਹਰਲੀਨ ਕੌਰ, ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੀ ਵਿਦਿਆਰਥਣ ਅਕਾਂਨਸ਼ਾ, ਗੁਰਪ੍ਰੀਤ ਕੌਰ ਅਤੇ ਵਿਦਿਆਰਥੀ ਦਨਮਜੋਤ ਸਿੰਘ ਨੇ ਆਪਣੇ ਭਾਸ਼ਣ ਰਾਹੀਂ ਵੋਟ ਦੀ ਮਹੱਤਤਾ ਉੱਪਰ ਚਾਨਣਾ ਪਾਇਆ।

ਲੈਕਚਰਾਰ ਗੁਰਮੀਤ ਸਿੰਘ ਭੋਮਾ ਅਤੇ ਲੈਕਚਰਾਰ ਅਮਰਜੀਤ ਸਿੰਘ ਪੁਰੇਵਾਲ ਨੇ ਵੋਟ ਦੀ ਮਹੱਤਤਾ ਬਾਰੇ ਨੌਜਵਾਨਾਂ ਨੂੰ ਦੱਸਿਆ। ਇਸ ਮੌਕੇ ਐੱਸ.ਐੱਸ.ਐੱਮ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਰੈਡ ਆਰਟ ਦੀ ਟੀਮ ਵੱਲੋਂ ਨੁੱਕੜ ਨਾਟਕ ਖੇਡਿਆ ਗਿਆ।

ਰਾਸ਼ਟਰੀ ਵੋਟਰ ਦਿਵਸ ਦੌਰਾਨ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਅਸ਼ਵਨੀ ਅਰੋੜਾ ਨੂੰ ਬੈੱਸਟ ਈ.ਆਰ.ਓ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਦਨੀਪ ਕੌਰ ਘੁੰਮਣ, ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਗੁਰਦੇਵ ਸਿੰਘ ਧਾਮ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਡਿਪਟੀ ਡੀ.ਈ.ਓ. ਸ. ਲਖਵਿੰਦਰ ਸਿੰਘ ਨੂੰ ਬੈਸਟ ਨੋਡਲ ਅਫ਼ਸਰ ਅਤੇ ਰਾਕੇਸ਼ ਕੁਮਾਰ ਨੂੰ ਬੈੱਸਟ ਬੀ.ਐੱਲ.ਓ. ਵਜੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਤਹਿਸੀਲਦਾਰ ਚੋਣਾਂ ਮਨਜਿੰਦਰ ਸਿੰਘ ਬਾਜਵਾ, ਤਹਿਸੀਲਦਾਰ ਮਨਜੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਇੰਦਰਜੀਤ ਸਿੰਘ ਬਾਜਵਾ, ਆਰ.ਕੇ. ਤੁੱਲੀ ਪ੍ਰਿੰਸੀਪਲ ਐੱਸ.ਐੱਸ.ਐੱਮ. ਕਾਲਜ ਦੀਨਾਨਗਰ, ਪ੍ਰੋ. ਪ੍ਰਬੋਧ ਗਰੋਵਰ ਡੀਨ ਯੂਥ ਵੈਲਫੇਅਰ, ਪ੍ਰੋ ਸੋਨੂੰ, ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਲੈਕਚਰਾਰ ਜਸਬੀਰ ਸਿੰਘ, ਜ਼ਿਲ੍ਹਾ ਫੈਲੋ ਮੈਡਮ ਹਿਮਾਂਕਸ਼ੀ, ਲੈਕਚਰਾਰ ਗੁਰਮੀਤ ਸਿੰਘ ਭੋਮਾ, ਲੈਕਚਰਾਰ ਅਮਰਜੀਤ ਸਿੰਘ ਪੁਰੇਵਾਲ, ਕੰਪਿਊਟਰ ਅਧਿਆਪਕ ਲਖਬੀਰ ਸਿੰਘ, ਸ੍ਰੀ ਸੁਨੀਲ ਕੁਮਾਰ ਚੋਣ ਕਾਨੂੰਗੋ, ਜ਼ਿਲ੍ਹਾ ਗਾਈਡੈਂਸ਼ ਕਾਊਂਸਲਰ ਪਰਮਿੰਦਰਸਿੰਘ  ਸੈਣੀ, ਈ.ਟੀ.ਟੀ. ਅਧਿਆਪਕ ਗਗਨਜੀਤ ਸਿੰਘ ਅਤੇ ਸਮਾਜ ਸੇਵੀ ਕੰਵਰ ਰਵਿੰਦਰ ਸਿੰਘ ਵਿੱਕੀ ਨੂੰ ਵੀ ਸਨਮਾਨਿਤ ਕੀਤਾ ਗਿਆ।  18-19 ਸਾਲ ਦੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਤਕਸੀਮ ਕੀਤੇ ਗਏ।

Leave a Reply

Your email address will not be published. Required fields are marked *