ਲੋਕ ਭਲਾਈ ਸਕੀਮਾਂ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪੁੱਜ ਰਿਹਾ ਹੈ ਲਾਭ – ਸੇਖਵਾਂ
ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਰਾਜ ਸਰਕਾਰ ਵੱਲੋਂ ਵੱਖ-ਵੱਖ ਭਲਾਈ ਯੋਜਨਾਵਾਂ ਰਾਹੀਂ ਲੋੜਵੰਦਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ।
ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਮਹਿਜ਼ 22 ਮਹੀਨਿਆਂ ਵਿੱਚ ਰਿਕਾਰਡ ਤੋੜ ਕੰਮ ਕੀਤਾ ਗਿਆ ਹੈ ਜਿਸ ਤੋਂ ਸੂਬਾ ਵਾਸੀ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗਜਨਾਂ ਅਤੇ ਬੇਸਹਾਰਾ ਬੱਚਿਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ, ਜਿਸ ਤਹਿਤ ਪਿਛਲੇ 22 ਮਹੀਨਿਆਂ ਦੌਰਾਨ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਲਈ 6941.46 ਕਰੋੜ ਰੁਪਏ, ਵਿਧਵਾਵਾਂ ਨੂੰ 1912.85 ਕਰੋੜ ਰੁਪਏ, ਦਿਵਿਆਂਗਜਨਾਂ ਨੂੰ 806.01 ਕਰੋੜ ਰੁਪਏ, ਬੇਸਹਾਰਾ ਬੱਚਿਆਂ ਨੂੰ ਪੈਨਸ਼ਨ ਲਈ 646.22 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੈਨਸ਼ਨ ਸਕੀਮਾਂ ਅਧੀਨ 32 ਲੱਖ 84 ਹਜ਼ਾਰ 908 ਲਾਭਪਾਤਰੀ ਪੈਨਸ਼ਨ ਰਾਸ਼ੀ ਦਾ ਲਾਭ ਪ੍ਰਾਪਤ ਕਰ ਰਹੇ ਹਨ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸਮਾਜ ਦੇ ਸਮੁੱਚੇ ਵਿਕਾਸ ਲਈ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿੱਦਿਅਕ ਸੰਸਥਾ ਦੇ ਕੋਰਸ ਦੀ ਸਾਰੀ ਫ਼ੀਸ ਅਤੇ ਵਜ਼ੀਫ਼ੇ ਦੀ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸਦੇ ਨਾਲ ਹੀ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਪਰਿਵਾਰਾਂ ਨੂੰ ਲੜਕੀ ਦੇ ਵਿਆਹ ’ਤੇ 51 ਹਜ਼ਾਰ ਰੁਪਏ ਦਾ ਸ਼ਗਨ ਦਿੱਤਾ ਜਾ ਰਿਹਾ ਹੈ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ ਅਤੇ ਮਾਨ ਸਰਕਾਰ ਇਹ ਨੇ ਆਪਣੇ ਮਹਿਜ਼ 22 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 39 ਹਜ਼ਾਰ 406 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ 12 ਹਜ਼ਾਰ 710 ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।