ਅਧਿਕਾਰੀਆਂ ਨੂੰ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਣ ਦੇ ਨਿਰਦੇਸ਼ ਦਿੱਤੇ
ਗੁਰਦਾਸਪੁਰ, 2 ਫਰਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀ ਭਲਾਈ ਯੋਜਨਾਵਾਂ ਦੀ ਆਪਣੇ ਪੱਧਰ ‘ਤੇ ਸਮੀਖਿਆ ਕਰਨ ਦੇ ਨਾਲ ਵਿਕਾਸ ਕਾਰਜਾਂ ਦਾ ਮੌਕੇ ‘ਤੇ ਜਾ ਕੇ ਨਿਰੀਖਣ ਕਰਨ।
ਅੱਜ ਵੀਡੀਓ ਕਾਨਫ਼ਰੰਸ ਰਾਹੀਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ ਅਤੇ ਲੋਕਾਂ ਦੀ ਭਲਾਈ ਲਈ ਆਈਆਂ ਗਰਾਂਟਾਂ ਨੂੰ ਉਸ ਮਕਸਦ ਤਹਿਤ ਬਿਨਾਂ ਕਿਸੇ ਦੇਰੀ ਦੇ ਖ਼ਰਚਿਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਵੱਛਤਾ ਅਭਿਆਨ ਉੱਪਰ ਵਿਸ਼ੇਸ਼ ਜ਼ੋਰ ਦਿੱਤਾ ਜਾਵੇ ਤਾਂ ਜੋ ਸਫ਼ਾਈ ਪੱਖੋਂ ਪਿੰਡ ਕਿਸੇ ਵੀ ਪੱਖ ਤੋਂ ਪਿੱਛੇ ਨਾ ਰਹਿਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੌਰਾਨ ਮਨਰੇਗਾ ਯੋਜਨਾ ਤਹਿਤ ਜਾਬ ਕਾਰਡ ਹੋਲਡਰ ਵਿਅਕਤੀਆਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇ। ਉਨ੍ਹਾਂ ਨੇ ਪਿੰਡਾਂ ਵਿੱਚ ਚੱਲ ਰਹੇ ਓ.ਡੀ.ਐੱਫ ਅਤੇ ਐੱਮ.ਐੱਫ਼.ਪੀ.ਐੱਸ. ਯੋਜਨਾ ਦਾ ਰੀਵਿਊ ਵੀ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 21 ਹੋਰ ਨਵੇਂ ਆਮ ਆਦਮੀ ਕਲੀਨਿਕ ਉਸਾਰੇ ਜਾ ਰਹੇ ਹਨ ਤਾਂ ਜੋ ਸਿਹਤ ਸੇਵਾਵਾਂ ਦੇ ਖੇਤਰ ਦਾ ਹੋਰ ਵਿਸਥਾਰ ਕੀਤਾ ਜਾ ਸਕੇ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫਰਵਰੀ ਮਹੀਨੇ ਦੇ ਅਖੀਰ ਤੱਕ ਇਹ ਸਾਰੇ ਆਮ ਆਦਮੀ ਕਲੀਨਿਕ ਤਿਆਰ ਕਰ ਲਏ ਜਾਣ।
ਸੀ.ਐੱਮ. ਦੀ ਯੋਗਸ਼ਾਲਾ ਦਾ ਰੀਵਿਊ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ 98 ਯੋਗਾ ਕਲਾਸਾਂ ਚੱਲ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਖੇਡ ਮੈਦਾਨਾਂ, ਪਾਰਕਾਂ ਜਾਂ ਸਾਂਝੀਆਂ ਥਾਵਾਂ ਉੱਪਰ ਯੋਗਾ ਦੀਆਂ ਹੋਰ ਕਲਾਸਾਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਯੋਗਾ ਕਲਾਸਾਂ ਲਈ ਟਰੇਨਰ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਹ ਕਲਾਸਾਂ ਲੋਕਾਂ ਲਈ ਬਿਲਕੁਲ ਮੁਫ਼ਤ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਬਣ ਰਹੀਆਂ ਵੋਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਾਂ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ 29 ਫਰਵਰੀ ਤੋਂ ਪਹਿਲਾਂ ਹਰ ਯੋਗ ਵੋਟਰ ਦੀ ਵੋਟ ਜ਼ਰੂਰ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੋਟਾਂ ਬਣਾਉਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਵੀ ਲਗਾਏ ਜਾਣ। ਮੀਟਿੰਗ ਦੌਰਾਨ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਤੇ ਹੋਰ ਭਲਾਈ ਯੋਜਨਾਵਾਂ ਦਾ ਰੀਵਿਊ ਵੀ ਕੀਤਾ ਗਿਆ।