ਪੰਜਾਬ ਸਰਕਾਰ, ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 6 ਫਰਵਰੀ ਤੋਂ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ’ਚ ਲਗਾਏ ਜਾਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਗੁਰਦਾਸਪੁਰ

ਕੈਂਪਾਂ ਦੌਰਾਨ ਪ੍ਰਾਪਤ ਜਨਤਕ ਸ਼ਿਕਾਇਤਾਂ ਤੇ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਨਿਬੇੜਾ

ਗੁਰਦਾਸਪੁਰ, 5 ਫਰਵਰੀ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ ’ਤੇ (ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਵਿਸ਼ੇਸ ਕੈਂਪ ਲਗਾਏ ਜਾਣਗੇ।

ਇਨ੍ਹਾਂ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਕ ਸਬ ਡਵੀਜ਼ਨ ਵਿੱਚ ਰੋਜ਼ਾਨਾ ਕਰੀਬ 4 ਤੋਂ 6 ਕੈਂਪ ਲਗਾਏ ਜਾਣਗੇ। ਜਿਨ੍ਹਾਂ ਦੀ ਅਗਵਾਈ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ। ਨੋਡਲ ਅਫਸਰ ਦੀ ਭੂਮਿਕਾ ਪੇਂਡੂ ਖੇਤਰਾਂ ਵਿੱਚ ਐਸ.ਡੀ.ਐਮਜ਼/ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਸੌਂਪੀ ਗਈ ਹੈ। ਸਵੇਰੇ ਵਾਲੇ ਕੈਂਪ ਦਾ ਸਮਾਂ 10-00 ਵਜੇ ਤੋਂ ਦੁਪਹਿਰ 01-00 ਵਜੇ ਤੱਕ ਜਦਕਿ ਬਾਅਦ ਦੁਪਹਿਰ ਵਾਲੇ ਕੈਂਪ ਦਾ ਸਮਾਂ 02-00 ਵਜੇ ਤੋਂ ਸ਼ਾਮ 05-00 ਵਜੇ ਤੱਕ ਹੋਵੇਗਾ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ਟੀਚਾ ਅਵਾਮ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਾਰੇ ਕੈਂਪਾਂ ਵਿੱਚ ਸ਼ਿਕਾਇਤ ਨਿਵਾਰਨ ਵਿਧੀ ਤੋਂ ਇਲਾਵਾ 45 (ਪਹਿਲਾਂ 43) ਡੋਰ-ਟੂ-ਡੋਰ ਸੇਵਾਵਾਂ (ਡਾਇਲ 1076) ਨਾਲ ਸਬੰਧਤ ਵਸਨੀਕਾਂ ਨੂੰ ਮੌਕੇ ’ਤੇ ਉਪਲਬਧ ਕਰਵਾਉਣ ਦੇ ਵੀ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਵਿਸ਼ੇਸ਼ ਤੌਰ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ।

Leave a Reply

Your email address will not be published. Required fields are marked *