ਬੱਸ ਯਾਤਰਾ ਰਾਹੀਂ ਤਖ਼ਤ ਸ੍ਰੀ ਕੇਸਗੜ੍ਹ੍ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨ ਕਰਨਗੀਆਂ ਸੰਗਤਾਂ
ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਅੱਜ ਸਵੇਰੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਕਾਦੀਆਂ ਵਾਲੀ ਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਹੋਈ। ਇਸ ਤੀਰਥ ਯਤਾਰਾ ਬੱਸ ਨੂੰ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਧਰੁਵ ਬਹਿਲ, ਬਲਾਕ ਪ੍ਰਧਾਨ ਨਿਸ਼ਾਨ ਸਿੰਘ ਜੌੜਾ ਛਿੱਤਰਾਂ, ਬਲਾਕ ਪ੍ਰਧਾਨ ਰੌਸ਼ਨ ਲਾਲ, ਵਿਕਰਮ ਸਿੰਘ ਕਾਦੀਆਂ ਵਾਲੀ ਸਮੇਤ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ। ਇਸ ਵਿਸ਼ੇਸ਼ ਬੱਸ ਰਾਹੀਂ ਰਵਾਨਾ ਹੋਏ 46 ਸ਼ਰਧਾਲੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨ ਕਰਨਗੇ।
ਤੀਰਥ ਯਾਤਰਾ ਬੱਸ ਨੂੰ ਰਵਾਨਾ ਕਰਨ ਮੌਕੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੀ ਲਗਜ਼ਰੀ ਬੱਸ ਅੱਜ ਸਭ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗੀ ਜਿੱਥੇ ਸੰਗਤਾਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਗੜ੍ਹ ਸਾਹਿਬ ਸਮੇਤ ਹੋਰ ਗੁਰਧਾਮਾਂਂ ਦੇ ਦਰਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਗੁਰਧਾਮਾ ਦੇ ਦਰਸ਼ਨ ਤੋਂ ਬਾਅਦ ਰਾਤ ਦਾ ਸਟੇਅ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੀ ਹੋਵੇਗਾ। ਸ੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਅਗਲੇ ਦਿਨ ਬੱਸ ਯਾਤਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਅੰਮ੍ਰਿਤਸਰ ਵਿਖੇ ਪਹੁੰਚੇਗੀ ਜਿੱਥੇ ਸੰਗਤਾਂ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਗੁਰਦਾਸਪੁਰ ਵਿਖੇ ਪਹੁੰਚਣਗੀਆਂ। ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਨੇ ਕਿਹਾ ਕਿ ਯਾਤਰਾ ਦੌਰਾਨ ਆਉਣ-ਜਾਣ ਅਤੇ ਓਥੇ ਰਹਿਣ ਦਾ ਸਾਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ।
ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਆਰੰਭੀ ਗਈ ਇਹ ਯੋਜਨਾ ਇੱਕ ਅਗਾਂਹਵਧੂ ਉਪਰਾਲਾ ਹੈ ਜਿਸ ਨੂੰ ਸੂਬੇ ਭਰ ਵਿੱਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨਾਂ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਉਨ੍ਹਾਂ ਲਈ ਇਹ ਯੋਜਨਾ ਵਰਦਾਨ ਸਾਬਤ ਹੋ ਰਹੀ ਹੈ।