ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਜ਼ਿਲਿਆਂ ਨੂੰ 76 ਲੱਖ ਰੁਪਏ ਜਾਰੀ

ਪੰਜਾਬ

ਸਰਹੱਦੀ ਜ਼ਿਲੇ ਗੁਰਦਾਸਪੁਰ ਨੂੰ 5 ਲੱਖ ਰੁਪਏ ਜਾਰੀ
ਗੁਰਦਾਸਪੁਰ, 4 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਸ਼ੂਆਂ ਵਿੱਚ ਫੈਲੀ ਲੰਪੀ ਸਕਿੱਨ ਬੀਮਾਰੀ ਦੀ ਰੋਕਥਾਮ ਅਤੇ ਬਚਾਅ ਲਈ ਫੰਡ ਜਾਰੀ ਕਰਨ ਦੀਆਂ ਹਦਾਇਤਾਂ ‘ਤੇ ਫੌਰੀ ਕਾਰਵਾਈ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਦਵਾਈਆਂ ਦੀ ਖਰੀਦ ਅਤੇ ਹੋਰਨਾਂ ਰੋਕਥਾਮ ਤੇ ਜਾਗਰੂਕਤਾ ਗਤੀਵਿਧੀਆਂ ਲਈ ਸਮੂਹ ਜ਼ਿਲਿਆਂ ਨੂੰ 76 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦੀ ਜ਼ਿਲਿਆਂ ਵਿੱਚ ਇਸ ਬੀਮਾਰੀ ਦੇ ਜ਼ਿਆਦਾ ਫੈਲਣ ਦੀਆਂ ਰਿਪੋਰਟਾਂ ਹਨ। ਇਸ ਲਈ ਸਰਹੱਦੀ ਜ਼ਿਲਿਆਂ ਗੁਰਦਾਸਪੁਰ, ਅੰਮਿ੍ਰਤਸਰ, ਤਰਨ ਤਾਰਨ, ਫ਼ਾਜ਼ਿਲਕਾ ਅਤੇ ਫ਼ਿਰੋਜ਼ੁਪਰ ਨੂੰ 5-5 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਬਾਕੀ ਜ਼ਿਲਿਆਂ ਨੂੰ 3-3 ਲੱਖ ਰੁਪਏ ਦੇ ਫ਼ੰਡ ਦਿੱਤੇ ਗਏ ਹਨ ਤਾਂ ਜੋ ਜ਼ਿਲਾ ਅਧਿਕਾਰੀਆਂ ਨੂੰ ਲੋੜੀਂਦੀਆਂ ਦਵਾਈਆਂ ਦੀ ਖ਼ਰੀਦ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਉਹ ਬੀਮਾਰੀ ਦੀ ਰੋਕਥਾਮ ਲਈ ਕਿਸਾਨਾਂ, ਪਸ਼ੂਪਾਲਕਾਂ ਅਤੇ ਆਮ ਲੋਕਾਂ ਨੂੰ ਨਿਰੰਤਰ ਜਾਗਰੂਕ ਕਰ ਸਕਣ। ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਬੀਮਾਰੀ ਤੋਂ ਬਚਾਅ ਲਈ ਐਡਵਾਈਜ਼ਰੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ਾਂ ਜਾਰੀ ਕਰਕੇ ਅਧਿਕਾਰੀਆਂ ਨੂੰ ਇਸ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਪਸ਼ੂ ਪਾਲਣ ਮੰਤਰੀ ਨੇ ਜ਼ਿਲਿਆਂ ਵਿੱਚ ਤੈਨਾਤ ਡਿਪਟੀ ਡਾਇਰੈਕਟਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖੇਤਰਾਂ ਦੇ ਨਿਰੰਤਰ ਦੌਰੇ ਕਰਦੇ ਰਹਿਣ। ਉਨਾਂ ਕਿਹਾ ਕਿ ਖ਼ਾਸ ਤੌਰ ‘ਤੇ ਪਸ਼ੂ ਫ਼ਾਰਮਾਂ ਵਿੱਚ ਦੌਰੇ ਕਰਕੇ ਸਥਿਤੀ‘ ਤੇ ਨਜ਼ਰ ਰੱਖੀ ਜਾਵੇ। ਉਨਾਂ ਕਿਹਾ ਕਿ ਅਧਿਕਾਰੀ ਪਿੰਡਾਂ ਦੇ ਪਸ਼ੂ ਪਾਲਕਾਂ/ਕਿਸਾਨਾਂ ਨੂੰ ਬੀਮਾਰੀ ਦੇ ਲੱਛਣਾਂ/ਰੋਕਥਾਮ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਨਿਰੰਤਰ ਜਾਰੀ ਰੱਖਣ। ਮੰਤਰੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਹ ਲਾਗ ਦੀ ਬੀਮਾਰੀ ਗਾਵਾਂ ਵਿੱਚ ਜ਼ਿਆਦਾ ਫੈਲਦੀ ਹੈ ਅਤੇ ਮੱਖੀ/ਮੱਛਰ ਇਸ ਬੀਮਾਰੀ ਨੂੰ ਫੈਲਾਉਣ ਦਾ ਕਾਰਨ ਬਣਦੇ ਹਨ। ਇਸ ਲਈ ਪ੍ਰਭਾਵਤ ਪਸ਼ੂਆਂ ਨੂੰ ਪਹਿਲ ਦੇ ਆਧਾਰ ‘ਤੇ ਸਿਹਤਮੰਦ ਪਸ਼ੂਆਂ ਨਾਲੋਂ ਵੱਖ ਕੀਤਾ ਜਾਵੇ ਅਤੇ ਹੋ ਸਕੇ ਤਾਂ ਪਸ਼ੂਆਂ ‘ਤੇ ਮੱਛਰਦਾਨੀ ਲਾ ਕੇ ਰੱਖੀ ਜਾਵੇ। ਉਨਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਮੁਲਾਜ਼ਮ ਪਸ਼ੂ-ਪਾਲਕਾਂ ਦੀ ਹਰ ਪੱਖੋਂ ਸਹਾਇਤਾ ਕਰ ਰਹੇ ਹਨ। ਇਸ ਲਈ ਪਸ਼ੂਪਾਲਕ ਕਿਸੇ ਘਬਰਾਹਟ ਵਿੱਚ ਨਾ ਆਉਣ ਅਤੇ ਸੰਜਮ ਨਾਲ ਕੰਮ ਲੈਂਦਿਆਂ ਇਹਤਿਆਤ ਵਰਤਣ।

Leave a Reply

Your email address will not be published. Required fields are marked *