ਰਾਜ ਸਰਕਾਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਦਿੱਤੀ ਵੱਡੀ ਸਹੂਲਤ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ

ਲੋਕਾਂ ਦੇ ਮਸਲੇ ਉਨ੍ਹਾਂ ਕੋਲ ਜਾ ਹੱਲ ਕਰਨ ਦੀ ਪਹਿਲ ਨੇ ਮਾਨ ਸਰਕਾਰ ਦੀ ਮਕਬੂਲੀਅਤ ਨੂੰ ਵਧਾਇਆ

ਚੇਅਰਮੈਨ ਰਮਨ ਬਹਿਲ ਨੇ ਪਿੰਡ ਵਿਖੇ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ,9 ਫਰਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਰਾਹੀਂ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਹੈ, ਜਿਸ ਨਾਲ ਹੁਣ ਲੋਕਾਂ ਨੂੰ ਦਫ਼ਤਰਾਂ ਤੱਕ ਪਹੁੰਚ ਕੀਤੇ ਬਿਨ੍ਹਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਸਬ ਡਵੀਜ਼ਨ ਗੁਰਦਾਸਪੁਰ ਦੇ ਪਿੰਡ ਮਾੜੇ ਅਤੇ ਰੋੜਾਂਵਾਲੀ ’ਚ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਗੁਰਦਾਸਪੁਰ ਕਰਮਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।    

ਰਮਨ ਬਹਿਲ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ‘ਆਪ ਦੀ ਸਰਕਾਰ, ਆਪ ਦੇ ਦੁਆਰ ਸਕੀਮ’ ਤਹਿਤ ਸਾਰੇ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਇੱਕ ਥਾਂ ਤੇ ਬੈਠ ਕੇ ਲੋਕਾਂ ਦੇ ਕੰਮ ਕਰ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਖ ਵੱਖ ਸਰਕਾਰੀ ਦਫਤਰਾਂ ’ਚ ਜਾਣ ਦੀ ਬਜਾਇ ਉਨ੍ਹਾਂ ਦੇ ਪਿੰਡ ਹੀ ਸਰਕਾਰੀ ਸੇਵਾਵਾਂ ਉਪਲੱਬਧ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਉਪਰਾਲੇ ਨਾਲ ਲੋਕਾਂ ਦੇ ਸਮੇਂ ਦੀ ਬੱਚਤ ਵੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਸੂਬਾ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਸਰਕਾਰ ਹੁਣ ਸੱਥਾਂ ਵਿਚੋਂ ਚੱਲੇਗੀ, ਇਸ ਵਾਅਦੇ ਨੂੰ ਇਨ੍ਹਾਂ ਕੈਂਪਾਂ ਰਾਹੀਂ ਪੂਰਾ ਕੀਤਾ ਜਾ ਰਿਹਾ ਹੈ।

ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਇਨ੍ਹਾਂ ਕੈਂਪਾਂ ਦੌਰਾਨ ਭਲਾਈ ਸਕੀਮਾਂ ਤੋਂ ਜਾਣੂ ਕਰਾਉਣ ਲਈ ਵਿਸ਼ੇਸ਼ ਪ੍ਰਚਾਰ ਵੈਨਾਂ ਵੀ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਤਹਿਤ ਰੋਜ਼ਾਨਾਂ ਕੈਂਪ ਲਗਾਏ ਜਾਣਗੇ ਤਾਂ ਜੋ ਸਾਰੇ ਨਾਗਰਿਕ ਆਪਣੀ ਲੋੜ ਦੀਆਂ ਸੇਵਾਵਾਂ ਹਾਸਲ ਕਰ ਸਕਣ। ਇਸ ਲਈ ਸਮੂਹ ਨਾਗਰਿਕ ਆਪੋ ਆਪਣੇ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਪਹੁੰਚਣ ਤਾਂ ਜੋ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਪ੍ਰੋਗਰਾਮ ਪੂਰੀ ਸਫਲਤਾ ਨਾਲ ਸਿਰੇ ਚੜ੍ਹ ਸਕੇ।

Leave a Reply

Your email address will not be published. Required fields are marked *