ਬਾਜਵਾ ਨੇ ਭਗਵੰਤ ਮਾਨ ‘ਤੇ ਕਿਸਾਨਾਂ ਵਿਰੁੱਧ ਹਰਿਆਣਾ ਸਰਕਾਰ ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਾਇਆ

ਪੰਜਾਬ

ਚੰਡੀਗੜ੍ਹ, ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਕਿਸਾਨਾਂ ਵਿਰੁੱਧ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਾਇਆ।

ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਹਰਿਆਣਾ ਸਰਕਾਰ ਨੇ ਜ਼ਾਲਮ ਰੁਖ ਅਪਣਾਇਆ ਹੋਇਆ ਹੈ। ਹਰਿਆਣਾ ਪੁਲਿਸ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਡੇਰਾ ਲਾ ਕੇ ਬੈਠੇ ਕਿਸਾਨਾਂ ‘ਤੇ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਚਲਾ ਰਹੀ ਹੈ। ਬਾਜਵਾ ਨੇ ਕਿਹਾ ਕਿ ਲਗਭਗ 130 ਪੰਜਾਬੀ ਕਿਸਾਨ ਜ਼ਖਮੀ ਹੋਏ ਹਨ, ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਹਰਿਆਣਾ ਪੁਲਿਸ ਵਿਰੁੱਧ ਐਫਆਈਆਰ ਦਰਜ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ ਹਨ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ‘ਆਪ’ ਦੇ ਇਕ ਵੀ ਆਗੂ ਨੇ ਮਨੋਹਰ ਲਾਲ ਖੱਟਰ ਸਰਕਾਰ ਵੱਲੋਂ ਪੰਜਾਬੀ ਕਿਸਾਨਾਂ ‘ਤੇ ਹਮਲਾ ਕਰਨ ਦੀ ਨਿੰਦਾ ਨਹੀਂ ਕੀਤੀ। ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਦੇ ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰ ਰਹੇ ਸਨ, ਜੋ ਕਿ ਸਮੁੱਚੇ ਕਿਸਾਨ ਭਾਈਚਾਰੇ ਦੀ ਪਿੱਠ ‘ਤੇ ਚਾਕੂ ਮਾਰਨ ਵਰਗਾ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਦੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਕੱਲ੍ਹ ਡਾ ਬੀਆਰ ਅੰਬੇਡਕਰ ਸਟੇਟ ਇੰਸਟੀਚਿਊਟ ਫਾਰ ਮੈਡੀਕਲ ਸਾਇੰਸਜ਼ (ਏਆਈਐਮਐਸ), ਮੁਹਾਲੀ, ਸੀਐਚਸੀ ਬਨੂੜ, ਸਿਵਲ ਹਸਪਤਾਲ ਰਾਜਪੁਰਾ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜ਼ਖਮੀਆਂ ਦਾ ਦੌਰਾ ਕੀਤਾ ਪਰ ਉਹ ਇਹ ਯਕੀਨੀ ਬਣਾਉਣ ਵਿੱਚ ਅਸਫਲ ਰਹੇ ਕਿ ਜ਼ਖਮੀਆਂ ਦੀ ਮੈਡੀਕੋ-ਲੀਗਲ ਰਿਪੋਰਟ (ਐਮਐਲਆਰ) ਕੀਤੀ ਗਈ ਹੈ। ਬਾਜਵਾ ਨੇ ਕਿਹਾ ਕਿ ਉਹ ਸਿਰਫ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾਉਣ ਅਤੇ ਇਸ ਤੋਂ ਐਸੀ ਲਾਹਾ ਲੈਣ ਲਈ ਜ਼ਖਮੀਆਂ ਕੋਲ ਗਏ ਸਨ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਭਾਜਪਾ ਦੀਆਂ ਨਜ਼ਰਾਂ ਵਿੱਚ ਚੰਗਾ ਬਣੇ ਰਹਿਣ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਆਪ ਨੂੰ ਅਤੇ ਦੇਸ਼ ਦੇ ਕਿਸਾਨ ਭਾਈਚਾਰੇ ਦੇ ਜਮਹੂਰੀ ਅਧਿਕਾਰਾਂ ਨੂੰ ਸਮਰਪਣ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਅਤੇ ਭਾਜਪਾ ਸਰਕਾਰ ਵਿਚਾਲੇ ਵਿਚੋਲਗੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਹੁਣ ਉਨ੍ਹਾਂ ਨੇ ਹਰਿਆਣਾ ਸਰਕਾਰ ਨੂੰ ਪੰਜਾਬੀ ਕਿਸਾਨਾਂ ਨਾਲ ਜ਼ੁਲਮ ਕਰਨ ਦਿੱਤਾ ਹੈ।

Leave a Reply

Your email address will not be published. Required fields are marked *