ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਗੁਰਦਾਸਪੁਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ, 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ)– 15 ਅਗਸਤ ਨੂੰ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਅੱਜ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਦਾ ਨਿਰੀਖਣ ਸ੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ ਐੱਸ ਪੀ ਗੁਰਦਾਸਪੁਰ ਸ੍ਰੀ ਆਦਿਤਿਆ, ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੀ ਮੌਜੂਦ ਸਨ।

ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ, ਉਪਰੰਤ ਉਨ੍ਹਾਂ ਵੱਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਪੁਲਿਸ ਦੀਆਂ ਦੋ ਟੁਕੜੀਆਂ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐਨ.ਸੀ.ਸੀ. ਕੈਡਿਟਸ, ਪੰਜਾਬ ਪੁਲਿਸ ਅਤੇ ਭਾਰਤੀ ਫ਼ੌਜ ਦੀ ਬੈਂਡ ਟੀਮ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਇਸ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਸ੍ਰੀ ਪਰਦੀਪ ਸਿੰਘ ਡੀ.ਐੱਸ.ਪੀ ਵੱਲੋਂ ਕੀਤੀ ਗਈ।

ਉਪਰੰਤ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ‘ਤੇ ਆਧਾਰਿਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਨੇ ਦੱਸਿਆ ਕਿ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਉਨ੍ਹਾਂ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਵੱਖ-ਵੱਖ ਸੁਰੱਖਿਆ ਸੈਨਾਵਾਂ ਵਿੱਚ ਸੇਵਾ ਨਿਭਾਉਂਦਿਆਂ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ, ਵੀਰ ਨਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲਾਂ ਦੀ ਵੰਡ ਵੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ 15 ਅਗਸਤ ਨੂੰ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ ਗੁਰਦਾਸਪੁਰ ਵਿਖੇ ਪੂਰੇ ਉਤਸ਼ਾਹ ਨਾਲ ਆਜ਼ਾਦੀ ਦਿਵਸ ਮਨਾਇਆ ਜਾਵੇਗਾ।

ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਰਿਹਰਸਲ ਉਪਰੰਤ ਉਨ੍ਹਾਂ ਵਲੋਂ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ ਅਤੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਬੰਧੀ ਲੱਗੀ ਡਿਊਟੀ ਨੂੰ ਪੂਰੀ ਮਿਹਨਤ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ ਗਿਆ।

ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਮੈਡਮ ਅਦੀਬਾ ਅਨਮ ਅਸ਼ਫਾਕ ਅਹਿਮਦ, ਅਸ਼ੋਕ ਕੁਮਾਰ, ਐੱਸ ਡੀ ਐਮ ਗੁਰਦਾਸਪੁਰ, ਜੁਗਰਾਜ ਸਿੰਘ ਐੱਸ ਪੀ (ਐੱਚ), ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਡਾ. ਰਮੇਸ਼ ਅੱਤਰੀ, ਸਹਾਇਕ ਸਿਵਲ ਸਰਜਨ, ਰਾਕੇਸ਼ ਕੁਮਾਰ ਸ਼ਰਮਾ, ਜ਼ਿਲਾ ਸਿੱਖਿਆ ਅਫਸਰ, ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਪ੍ਰੋਗਰਾਮ ਅਫਸਰ ਸਮੇਤ ਵੱਖਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *