ਪੰਜਾਬ ਦੇ ਮੁੱਖ ਸਕੱਤਰ ਨੇ ਕੇਂਦਰੀ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
ਚੰਡੀਗੜ੍ਹ, ਗੁਰਦਾਸਪੁਰ, 22 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੂਬੇ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਬਣੇ ਹਾਲਾਤਾਂ ਨਾਲ ਬਹੁਤ ਹੀ ਸੁਚੱਜੇ ਅਤੇ ਕਾਰਗਰ ਢੰਗ ਨਾਲ ਨਜਿੱਠਿਆ ਜਾ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਭਾਰਤ ਸਰਕਾਰ ਦੇ ਸਕੱਤਰ ਗ੍ਰਹਿ ਮੰਤਰਾਲੇ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਕਹਿਣਾ ਬਿਲਕੁਲ ਗਲਤ ਹੈ ਕਿ ਪੰਜਾਬ ਸਰਕਾਰ ਦੀ ਆਗਿਆ ਨਾਲ ਹੀ ਸ਼ੰਭੂ ਅਤੇ ਢਾਬੀ-ਗੁਜਰਾਂ ਬਾਰਡਰ ‘ਤੇ ਵੱਡੀ ਗਿਣਤੀ ਲੋਕ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਆਪਣੇ ਸੰਘਰਸ਼ ਲਈ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਨੇ ਤਾਕਤ ਦਾ ਪ੍ਰਯੋਗ ਕਰਦਿਆਂ ਉਨ੍ਹਾਂ ਨੂੰ ਹਰਿਆਣਾ ਵਿੱਚੋਂ ਲੰਘਣ ਨਹੀਂ ਦਿੱਤਾ।
ਮੁੱਖ ਸਕੱਤਰ ਨੇ ਕਿਹਾ ਕਿ ਕਿਸਾਨ ਸਮੂਹਾਂ ਦੀ ਆਵਾਜਾਈ ‘ਤੇ ਲਾਈ ਗਈ ਇਸ ਪਾਬੰਦੀ ਕਰਕੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਦੋ ਜਗ੍ਹਾ ਲੋਕ ਇਕੱਠੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਥੇ ਇਹ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਕਿਸਾਨਾਂ ਦਾ ਅੰਦੋਲਨ ਕਾਫ਼ੀ ਹੱਦ ਤੱਕ ਸ਼ਾਂਤਮਈ ਰਿਹਾ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਚਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ, ਤਾਕਤ ਅਤੇ ਡਰੋਨਾਂ ਸਮੇਤ ਦੰਗਿਆਂ ‘ਤੇ ਕਾਬੂ ਪਾਉਣ ਵਾਲੇ ਹੋਰ ਉਪਾਵਾਂ ਦੀ ਵੱਡੇ ਪੱਧਰ ‘ਤੇ ਵਰਤੋਂ ਕੀਤੇ ਜਾਣ ਕਾਰਨ ਲਗਭਗ 160 ਵਿਅਕਤੀਆਂ ਦੇ ਜਖ਼ਮੀ ਹੋਣ ਦੀ ਖਬਰ ਹੈ।