ਪੁਲਿਸ ਵਿਭਾਗ ਨੇ ਖੇਡ ਟੂਰਨਾਮੈਂਟ ਕਰਾ ਕੇ ਨੌਜਵਾਨਾਂ ਨੂੰ ਰੰਗਲਾ ਪੰਜਾਬ ਸਿਰਜਣ ਦਾ ਦਿੱਤਾ ਸੁਨੇਹਾ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ
ਗੁਰਦਾਸਪੁਰ, 25 ਫਰਵਰੀ ( ਸਰਬਜੀਤ ਸਿੰਘ– ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਅਤੇ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਐੱਸ.ਟੀ.ਐੱਫ., ਪੰਜਾਬ ਵੱਲੋਂ ਪ੍ਰਾਪਤ ਹਦਾਇਤਾਂ ਅਤੇ ਨਸ਼ਿਆਂ ਦੇ ਖ਼ਿਲਾਫ਼ ਆਮ ਜਨਤਾ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਣ ਲਈ ਜਾਰੀ ‘ਨਿਸ਼ਚੇ ਅਭਿਆਨ’ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵੱਲੋਂ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ ਹਰੀਸ਼ ਦਾਯਮਾ ਦੀ ਚੇਅਰਮੈਨਸ਼ਿਪ ਵਿੱਚ ਇੱਕ ਟੂਰਨਾਮੈਂਟ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਕਾਲਜ, ਗੁਰਦਾਸਪੁਰ ਦੀ ਹਾਕੀ ਗਰਾਊਂਡ ਵਿੱਚ ਕਰਵਾਇਆ ਗਿਆ।
ਇਸ ਪ੍ਰੋਗਰਾਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਤੋਂ ਇਲਾਵਾ ਵੱਖ-ਵੱਖ ਪਿੰਡਾਂ ਤੋਂ ਪਬਲਿਕ ਨੁਮਾਇੰਦਿਆਂ, ਨੌਜਵਾਨਾਂ, ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ।
ਮਿਸ਼ਨ ਨਿਸ਼ਚੇ ਪ੍ਰੋਗਰਾਮ ਵਿੱਚ ਕਬੱਡੀ, ਜਮਨਾਸਟਿਕ, ਫੁੱਟਬਾਲ ਮੈਚ, ਜੂਡੋ, ਰੱਸਾ-ਕੱਸੀ, ਗਿੱਧਾ, ਭੰਗੜਾ, ਕਲਚਰ ਅਤੇ ਫਨ ਐਕਟੀਵਿਟੀ ਆਦਿ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਤੇ ਲੋਕ ਗਾਇਕ ਸ੍ਰੀ ਅਨਮੋਲ ਕਲਿਆਣ ਨੇ ਸਰੋਤਿਆਂ ਦਾ ਮਨੋਰੰਜਨ ਕੀਤਾ। ਇਸ ਮੌਕੇ ਤੇ ਕੁਝ ਨੌਜਵਾਨਾਂ ਵੱਲੋਂ ਜੋ ਆਪਣੀ ਸਵੈ-ਇੱਛਾ ਨਾਲ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਿਆਂ ਦਾ ਤਿਆਗ ਕਰ ਚੁੱਕੇ ਹਨ ਵੱਲੋਂ ਆਪਣੀ ਆਪ ਬੀਤੀ ਸੁਣਾਈ ਅਤੇ ਜਾਤੀ ਹਾਲਤਾਂ ਅਤੇ ਤਜਰਬਿਆਂ ਬਾਰੇ ਬਿਆਨ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਲੋਕਾਂ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਵੀ ਇਨ੍ਹਾਂ ਯਤਨਾਂ ਤਹਿਤ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੈ ਕੇ ਇਸ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਦੀ ਬੁਰਾਈ ਤੋਂ ਦੂਰ ਰਹਿ ਕੇ ‘ਰੰਗਲਾ ਪੰਜਾਬ’ ਬਣਾਉਣ ਦੀ ਮੁਹਿੰਮ ਵਿੱਚ ਆਪਣਾ ਸਾਥ ਦੇਣ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਵੀ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੇ ਮਿਸ਼ਨ ਨਿਸ਼ਚੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਸਮਾਜ ਨੂੰ ਬਹੁਤ ਲੋੜ ਹੈ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਜਾਗਰੂਕਤਾ ਸਮਾਗਮ ਨਿਸ਼ਚਤ ਤੌਰ ‘ਤੇ ਚੰਗੇ ਨਤੀਜੇ ਲਿਆਉਣਗੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ ਅਤੇ ਕਿਹਾ ਕਿ ਨੌਜਵਾਨਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ। ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਆਪ ਆਗੂ ਸ਼ਮਸ਼ੇਰ ਸਿੰਘ ਨੇ ਵੀ ਮਿਸ਼ਨ ਨਿਸ਼ਚੇ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਵੱਲੋਂ ਅਰੰਭੀ ਗਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਮੋਹਰੀ ਹੋ ਕੇ ਆਪਣਾ ਰੋਲ ਨਿਭਾਉਣ।
ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਪੁਲਿਸ ਵਿਭਾਗ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਮਿਸ਼ਨ ਨਿਸ਼ਚੇ ਤਹਿਤ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ ਓਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਵਿਅਕਤੀਆਂ ਦੀ ਜਾਇਦਾਦਾਂ ਜੋ ਉਨ੍ਹਾਂ ਨੇ ਨਸ਼ੇ ਦੇ ਕਾਰੋਬਾਰ ਤੋਂ ਬਣਾਈਆਂ ਸਨ ਨੂੰ ਸੰਬੰਧਿਤ ਵਿਭਾਗਾਂ ਤੋਂ ਪ੍ਰਵਾਨਗੀ ਲੈ ਕੇ ਜ਼ਬਤ ਕੀਤਾ ਜਾ ਰਿਹਾ ਹੈ।
ਐੱਸ.ਐੱਸ.ਪੀ. ਹਰੀਸ਼ ਦਾਯਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸੋਸ਼ਲ ਮੀਡੀਆ ਤੇ ਕੋਈ ਵੀ ਅਫ਼ਵਾਹ ਫੈਲਾਉਣ ਦੀ ਕੋਸ਼ਿਸ਼ ਕਰਦਾ ਹੈ ਜਾਂ ਕਿਤੇ ਵੀ ਕੋਈ ਵਿਅਕਤੀ ਨਸ਼ੇ ਦੇ ਧੰਦੇ ਵਿੱਚ ਸ਼ਾਮਿਲ ਹੈ ਤਾਂ ਉਸ ਬਾਰੇ ਸਹੀ ਜਾਣਕਾਰੀ ਪੁਲਿਸ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਅਜਿਹੇ ਵਿਅਕਤੀਆਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਬੱਚਾ/ਨੌਜਵਾਨ ਵਿਅਕਤੀ ਗ਼ਲਤੀ ਨਾਲ ਕਿਸੇ ਸਮਾਜ ਵਿਰੋਧੀ ਅਨਸਰ ਦੇ ਜਾਂ ਨਸ਼ੇ ਦਾ ਧੰਦਾ ਕਰਨ ਵਾਲੇ ਦੇ ਝਾਂਸੇ ਵਿੱਚ ਆ ਗਿਆ ਹੈ ਤਾਂ ਉਹਦੀ ਕੌਂਸਲਿੰਗ ਕਰਵਾਉਣ, ਉਸਦਾ ਮੁਫ਼ਤ ਇਲਾਜ ਕਰਨ, ਰੋਜ਼ਗਾਰ ਦੇਣ ਅਤੇ ਮਾਲੀ ਮਦਦ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦਾ ਪੂਰਾ ਪ੍ਰਸ਼ਾਸਨ ਤਿਆਰ ਹੈ।
ਮਾਨਯੋਗ ਐੱਸ.ਐੱਸ.ਪੀ.ਗੁਰਦਾਸਪੁਰ ਵੱਲੋਂ ਮੀਟਿੰਗ ਵਿੱਚ ਸ਼ਾਮਿਲ ਵਿਅਕਤੀਆਂ ਦੇ ਪੁਲਿਸ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ ਅਤੇ ਅੱਗੇ ਤੋਂ ਵੀ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਅਤੇ ਇਸ ਮੌਕੇ ਤੇ ਸ਼ਾਮਿਲ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਖਿਡਾਰੀਆਂ ਅਤੇ ਹੋਰ ਟੀਮਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਜੇਤੂ ਟੀਮਾਂ ਨੂੰ ਨਕਦ ਇਨਾਮ ਵੀ ਦਿੱਤੇ ਗਏ।