ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਹੁਸ਼ਿਆਰਪੁਰ

ਖੁਰਾਲਗੜ੍ਹ ਵਿਖੇ ਨਵੀਂ ਬਣੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ

ਸਮਾਜ ਦੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਦਾ ਅਹਿਦ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁੱਖ ਮੰਤਰੀ ਨੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ


ਹੁਸ਼ਿਆਰਪੁਰ, ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ।
ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਉਤਸਵ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਮਾਨਵਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਪਹਿਲਾਂ ਹੀ ਆਦੇਸ਼ ਦੇ ਦਿੱਤੇ ਹਨ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਢੁਕਵੀਂ ਵਿਉਂਤਬੰਦੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵੱਡੇ ਪੱਧਰ ਉਤੇ ਮਨਾਉਣ ਲਈ ਸੰਗਤ ਦੇ ਸਲਾਹ-ਮਸ਼ਵਰੇ ਨਾਲ ਖੁਰਾਲਗੜ੍ਹ ਦੇ ਆਲੇ-ਦੁਆਲੇ ਸਮੁੱਚੇ ਇਲਾਕੇ ਨੂੰ ਵਿਆਪਕ ਪੱਧਰ ਉਤੇ ਵਿਕਸਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੋਵੇਗਾ ਅਤੇ ਸੂਬਾ ਸਰਕਾਰ ਇਸ ਉਤਸਵ ਦੀ ਸਫਲਤਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਲਗਭਗ 143 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀਆਂ ਲਈ ਸਹੂਲਤਾਂ ਵਾਲੀ ਇਮਾਰਤ, ਮਲਟੀ ਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ ਆਧੁਨਿਕ ਆਡੀਟੋਰੀਅਮ ਅਤੇ ਹੋਰਾਂ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਯਾਦਗਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਵੇਗੀ।
ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਮਿਹਨਤ ਕਰਨ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਅਨੁਰੂਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਵਰਗ ਦੀ ਭਲਾਈ ਨੂੰ ਯਕੀਨੀ ਬਣਾਏ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਦੀ ਸਰਕਾਰ ਭਾਰੀ ਬਹੁਮਤ ਨਾਲ ਸੱਤਾ ਵਿਚ ਆਈ ਹੈ ਜੋ ਸੂਬੇ ਦੀ ਸੇਵਾ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਤਾਂ ਕਿ ਸਮਾਨਤਾਵਾਦੀ ਕਦਰਾਂ-ਕੀਮਤਾਂ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਕਿਸੇ ਕਿਸਮ ਦਾ ਦੁੱਖ ਨਹੀਂ ਝੱਲਣਾ ਪੈਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ‘ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵੱਲ ਸੇਧ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਨ ਅਧਿਆਤਮਕ ਮਾਰਗਦਰਸ਼ਕ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਵਰਗਾਂ ਦੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੇਕ ਅਤੇ ਉੱਤਮ ਜੀਵਨ ਜਿਊਣ ਦਾ ਉਪਦੇਸ਼ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਕਰਨ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਨਾਲ ਜੀਵਨ ਬਤੀਤ ਕਰਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਭਾਰਤ ਰਤਨ’ ਬਾਬਾ ਸਾਹਿਬ ਬੀ.ਆਰ.ਅੰਬੇਦਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਗਏ ‘ਸਕੂਲ ਆਫ ਐਮੀਨੈਂਸ’ ਗਰੀਬ ਪਰ ਹੋਣਹਾਰ ਵਿਦਿਆਰਥੀਆਂ ਨੂੰ ਸੁਨਹਿਰੇ ਭਵਿੱਖ ਦੇ ਕਾਬਲ ਬਣਾ ਕੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ। ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਖਸ਼ਿਸ਼ ਸਦਕਾ ਸੂਬਾ ਸਰਕਾਰ ਵੱਲੋਂ ਛੇਤੀ ਹੀ ਅਗਾਂਹਵਧੂ ਪੰਜਾਬ ਸਿਰਜਿਆ ਜਾਵੇਗਾ।
ਸੂਬਾ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਕਾਬਲ ਨੌਜਵਾਨਾਂ ਨੂੰ 40,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਹੁਣ ਤੱਕ ਇੱਕ ਵੀ ਨਿਯੁਕਤੀ ਨੂੰ ਕਿਸੇ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਔਰਤਾਂ ਦੇ ਵੱਧ ਅਧਿਕਾਰਾਂ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦਸੰਬਰ, 2023 ਵਿੱਚ ਨਾਗਰਿਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰਮੁੱਖ ਸਰਕਾਰੀ ਸੇਵਾਵਾਂ ਘਰ-ਘਰ ਜਾ ਕੇ ਪਹੁੰਚਾਉਣ ਵਾਸਤੇ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਨਾਗਰਿਕ 1076 ਨੰਬਰ ‘ਤੇ ਕਾਲ ਕਰ ਸਕਦੇ ਹਨ, ਆਪਣੀ ਸਹੂਲਤ ਅਨੁਸਾਰ ਸਮਾਂ ਦੇ ਸਕਦੇ ਹਨ ਅਤੇ ਨਾਗਰਿਕਾਂ ਦੇ ਘਰ-ਘਰ ਜਾ ਕੇ ਕਰਮਚਾਰੀ ਸੇਵਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਅੱਗੇ ਜਾ ਕੇ ਸੂਬਾ ਸਰਕਾਰ ਨੇ ਇੱਕ ਹੋਰ ਅਹਿਮ ਪਹਿਲਕਦਮੀ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਨਾਗਰਿਕਾਂ ਤੱਕ ਪਹੁੰਚ ਕੀਤੀ ਹੈ ਅਤੇ ਸੂਬੇ ਦੀ ਹਰ ਤਹਿਸੀਲ ਵਿੱਚ ਰੋਜ਼ਾਨਾ ਚਾਰ ਕੈਂਪ ਲਾਏ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ 90 ਫੀਸਦੀ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਅਤੇ ਅਜਿਹੇ 150 ਹੋਰ ਕਲੀਨਿਕ ਜਲਦੀ ਹੀ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤੱਕ ਲਗਭਗ ਇਕ ਕਰੋੜ ਲੋਕ ਇਨ੍ਹਾਂ ਕਲੀਨਿਕਾਂ ਤੋਂ ਮੁਫਤ ਸਿਹਤ ਸੇਵਾਵਾਂ ਦਾ ਲਾਭ ਉਠਾ ਚੁੱਕੇ ਹਨ ਅਤੇ ਸਿਹਤ ਸੰਭਾਲ ਖੇਤਰ ਵਿੱਚ ਇਹ ਇੱਕ ਨਵੀਂ ਕ੍ਰਾਂਤੀ ਹੈ ਅਤੇ ਇਸ ਖੇਤਰ ਨੂੰ ਨਵਾਂ ਰੂਪ ਦੇਣ ਲਈ ਯਤਨ ਜਾਰੀ ਹਨ।
ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਦਾ ਢਿੰਡੋਰਾ ਪਿੱਟੀ ਰੱਖਿਆ ਜਿਸ ਨਾਲ ਸੂਬੇ ਦੇ ਵਿਕਾਸ ਉਤੇ ਬੁਰਾ ਅਸਰ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੀ ਉਨ੍ਹਾਂ ਨੇ ਸੂਬੇ ਦੀ ਜ਼ਿੰਮੇਵਾਰੀ ਸੰਭਾਲੀ ਹੈ, ਖਜ਼ਾਨੇ ਦਾ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ-ਮੋਰੀਆਂ ਬੰਦ ਕੀਤੀਆਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸੂਝ-ਬੂਝ ਨਾਲ ਖਰਚਿਆ ਜਾਵੇ।

ਸਮਾਜ ਦੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਕਾਰੋਬਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਵਪਾਰ ਮਿਲਣੀ’ ਦੀ ਸ਼ੁਰੂਆਤ ਕੀਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੀਆ ਅਤੇ ਰੋਜ਼ਗਾਰ ਸਿਰਜਣ ਇੱਕ ਅਜਿਹਾ ਚੱਕਰ ਹੈ, ਜੋ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੁੰਬਈ, ਚੇਨਈ ਅਤੇ ਕਈ ਹੋਰ ਵੱਡੇ ਸ਼ਹਿਰਾਂ ਦਾ ਦੌਰਾ ਕਰਕੇ ਸਨਅਤਕਾਰਾਂ ਨੂੰ ਆਪਣੇ ਉੱਦਮ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਗਏ, ਜਦੋਂ ਸੱਤਾ ‘ਚ ਬੈਠੇ ਲੋਕ ਪ੍ਰਾਜੈਕਟਾਂ ‘ਚ ਹਿੱਸਾ ਮੰਗਦੇ ਸਨ ਕਿਉਂਕਿ ਹੁਣ ਸਾਰਾ ਧਿਆਨ ਸੂਬੇ ਦੇ ਵਿਕਾਸ ਉਤੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਨੇ ਸੂਬੇ ਵਿੱਚ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਪੰਜਾਬ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਪੰਜਾਬ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਉਦਯੋਗ ਵੱਡੀ ਪੱਧਰ ‘ਤੇ ਪੰਜਾਬ ਆ ਰਹੇ ਹਨ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਆਗੂ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਕਾਰੋਬਾਰਾਂ ਲਈ ਸਮਝੌਤੇ ਸੱਤਾ ਵਿੱਚ ਬੈਠੇ ਸਿਆਸੀ ਪਰਿਵਾਰਾਂ ਨਾਲ ਕੀਤੇ ਜਾਂਦੇ ਸਨ ਪਰ ਹੁਣ ਇਹ ਸਮਝੌਤੇ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੇ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬੀਆਂ ਦੇ ਹੱਕਾਂ ਅਤੇ ਹਿੱਤਾਂ ਦੇ ਰਾਖੇ ਹਨ, ਜਿਸ ਕਾਰਨ ਉਨ੍ਹਾਂ ਦਾ ਹਰ ਕਾਰਜ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਿਹੜੇ ਆਗੂ ਸੂਬੇ ਦੀ ਸੱਤਾ ‘ਤੇ ਕਾਬਜ਼ ਰਹੇ, ਉਨ੍ਹਾਂ ਨੇ ਪਹਿਲਾਂ ਸੂਬੇ ਨੂੰ ਬਰਬਾਦ ਕਰਕੇ ਵੱਡੀ ਜਾਇਦਾਦ ਇਕੱਠੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਟਰਾਂਸਪੋਰਟ, ਸਿੱਖਿਆ, ਸਿਹਤ ਅਤੇ ਹੋਰ ਖੇਤਰਾਂ ਵਿੱਚ ਦਿਲਚਸਪੀ ਸੀ, ਜਿਸ ਕਾਰਨ ਇਨ੍ਹਾਂ ਨੇ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ ਅਤੇ ਇਨ੍ਹਾਂ ਆਗੂਆਂ ਨੇ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ।

ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਸਨਅਤਕਾਰਾਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਚੱਲ ਰਹੀ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਵਿਸ਼ੇਸ਼ ਆਰਥਿਕ ਖਿੱਤਿਆਂ (ਐਸ.ਈ.ਜ਼ੈੱਡਜ਼) ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖਾਕਾ ਤਿਆਰ ਕਰ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਅਤੇ ਵਪਾਰੀਆਂ ਨੂੰ ਪ੍ਰੇਸ਼ਾਨ ਕਰਨ ਦਾ ਯੁੱਗ ਖ਼ਤਮ ਹੋ ਗਿਆ ਹੈ ਅਤੇ ਸੂਬਾ ਸਰਕਾਰ ਹੁਣ ਉਨ੍ਹਾਂ ਦੀ ਸਹੂਲਤ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦੌਰ ਦੇ ਉਲਟ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਤੰਗ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਇਸ ਨੂੰ ਜੋਸ਼ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਅਤੇ ਵਿਸਤਾਰ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਅਹਿਮ ਮੁਕਾਮ ਬਣਾਇਆ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰ ਲਿਆਂਦੇ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇਕ ਕਦਮ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਸਨਅਤੀ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਸੌਖ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਹੈ, ਸਗੋਂ ਇਹ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਸਰਕਾਰ ਸਨਅਤਕਾਰ ਮਿਲਣੀ’ ਦਾ ਅਗਲਾ ਪੜਾਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੂਬੇ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਸੂਬਾ ਸਰਕਾਰ ਵੱਲੋਂ ਲਏ ਜਾ ਰਹੇ ਵੱਖ-ਵੱਖ ਫੈਸਲਿਆਂ ਦਾ ਵਪਾਰੀਆਂ ਨੂੰ ਬਹੁਤ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੌਮੀ ਮਾਰਗ ਉੱਤੇ ਹੋਣ ਕਰ ਕੇ ਮੁਕੇਰੀਆਂ ਦੇ ਸਿਵਲ ਹਸਪਤਾਲ ਨੂੰ ਟਰੌਮਾ ਸੈਂਟਰ ਅਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਇਹ ਉਲਟਫੇਰ ਦੇਖਣ ਨੂੰ ਮਿਲਿਆ ਹੈ ਕਿਉਂਕਿ ਸੂਬਾ ਸਰਕਾਰ ਨੇ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਸੂਬੇ ਦੀਆਂ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਬਹੁਤ ਘੱਟ ਕੀਮਤ ‘ਤੇ ਵੇਚ ਦਿੱਤੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਵੀ ਸਰਕਾਰੀ/ਪ੍ਰਾਈਵੇਟ ਕੰਪਨੀ ਵੱਲੋਂ ਸਭ ਤੋਂ ਸਸਤੇ ਵਿੱਚ ਖਰੀਦਿਆ ਗਿਆ ਪਾਵਰ ਪਲਾਂਟ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਹੋਰ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਰੁਪਏ ਅਤੇ 1818 ਕਰੋੜ ਰੁਪਏ ਵਿੱਚ ਖਰੀਦੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ 540 ਮੈਗਾਵਾਟ ਪਾਵਰ ਪਲਾਂਟ 2 ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖਰੀਦਿਆ ਹੈ ਅਤੇ ਇਸ ਪਾਵਰ ਪਲਾਂਟ ਦਾ ਨਾਂ ਤੀਜੇ ਸਿੱਖ ਗੁਰੂ ਸਾਹਿਬਾਨ ਦੇ ਨਾਂ ‘ਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਕੋਲਾ ਖਾਣ ਵਿੱਚੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖਰੀਦ ਨਾਲ ਸਮੁੱਚੀ ਟੈਰਿਫ ਵਿੱਚ 1 ਰੁਪਏ ਪ੍ਰਤੀ ਯੂਨਿਟ ਦੀ ਕਮੀ ਲਿਆਉਣ ਵਿੱਚ ਮਦਦ ਮਿਲੇਗੀ ਜਿਸ ਸਦਕਾ ਬਿਜਲੀ ਦੀ ਖਰੀਦ ‘ਤੇ 300-350 ਕਰੋੜ ਰੁਪਏ ਦੀ ਬਚਤ ਹੋਵੇਗੀ ਜੋ ਸੂਬੇ ਦੇ ਖਪਤਕਾਰਾਂ ਲਈ ਕਾਫ਼ੀ ਲਾਭਦਾਇਕ ਸਿੱਧ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਆਉਣ ਵਾਲੇ ਸਮੇਂ ਵਿੱਚ ਸਨਅਤਕਾਰ ਅਤੇ ਵਪਾਰਕ ਖੇਤਰ ਨੂੰ ਵੀ ਸਸਤੀ ਬਿਜਲੀ ਦੇਣ ਦਾ ਰਾਹ ਪੱਧਰਾ ਹੋ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਕੇ ਸੂਬੇ ਦੀ ਆਰਥਿਕ ਖੁਸ਼ਹਾਲੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਆਰ.ਡੀ.ਐਫ. ਅਤੇ ਐਨ.ਐਚ.ਐਮ. ਤਹਿਤ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 8000 ਕਰੋੜ ਰੁਪਏ ਤੋਂ ਵੱਧ ਦੇ ਫੰਡਾਂ ਨੂੰ ਗਲਤ ਤਰੀਕੇ ਨਾਲ ਰੋਕ ਦਿੱਤਾ ਗਿਆ ਹੈ, ਜੋ ਕਿ ਸੂਬੇ ਨਾਲ ਸਰਾਸਰ ਬੇਇਨਸਾਫ਼ੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਗਾਮੀ ਲੋਕ ਸਭਾ ਚੋਣਾਂ ਵਿੱਚ ਹਰਾ ਕੇ ਉਨ੍ਹਾਂ ਨੂੰ ਚੰਗਾ ਸਬਕ ਸਿਖਾਉਣਾ ਚਾਹੀਦਾ ਹੈ।
ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਇਸ ਮੰਤਵ ਲਈ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਹੁਣ ਕਰੀਬ 2 ਕਰੋੜ ਰੁਪਏ ਦੀ ਟਰਨਓਵਰ ਵਾਲੇ ਵਪਾਰੀ ਸਿਹਤ ਬੀਮਾ ਕਵਰ ਲਈ ਯੋਗ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੀ.ਬੀ.ਐਮ.ਬੀ. ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਮੁੱਦਾ ਵੀ ਅਧਿਕਾਰੀਆਂ ਕੋਲ ਉਠਾਇਆ ਜਾਵੇਗਾ ਅਤੇ ਲੋਕਾਂ ਲਈ ਮਿਆਰੀ ਇਲਾਜ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੀਆਂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਤਕਨੀਕਾਂ ਦੇ ਆਧਾਰ ‘ਤੇ ਅੱਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਵਪਾਰੀਆਂ ਅਤੇ ਉਦਯੋਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਕੈਬਨਿਟ ਰੈਂਕ ਦੇ ਚੇਅਰਮੈਨ ਅਧੀਨ ਉਦਯੋਗ ਸਲਾਹਕਾਰ ਕਮਿਸ਼ਨ ਦੀ ਸਥਾਪਨਾ ਕੀਤੀ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਮਿਸ਼ਨ ਵਿੱਚ ਵੱਖ-ਵੱਖ ਸੈਕਟਰਾਂ ਅਤੇ ਉਦਯੋਗਾਂ ਦੇ ਮੈਂਬਰ ਹੋਣਗੇ ਤਾਂ ਜੋ ਉਦਯੋਗਾਂ ਸਬੰਧੀ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਦਯੋਗਾਂ ਅਤੇ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਸੁਚਾਰੂ ਨਿਪਟਾਰਾ ਯਕੀਨੀ ਬਣਾਉਣ ਵਿੱਚ ਕਾਫ਼ੀ ਮਦਦ ਮਿਲੇਗੀ।
ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।
ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਈ-ਮੇਲ ਅਤੇ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ਦੀ ਮਦਦ ਨਾਲ ਵਪਾਰੀ ਆਪਣੇ ਮਸਲੇ ਰੱਖ ਸਕਦੇ ਹਨ।

Leave a Reply

Your email address will not be published. Required fields are marked *