ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦਾ ਨਿਵੇਕਲਾ ਉਪਰਾਲਾ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ

ਚੇਅਰਮੈਨ ਰਮਨ ਬਹਿਲ ਨੇ ਗਜਨੀਪੁਰ, ਤਤਲੇ, ਮੰਗਲ ਹੁਸੈਨ ਅਤੇ ਵਾਰਡ ਨੰਬਰ 6 ਔਜਲਾ ‘ਚ ਲੱਗੇ ਕੈਂਪਾਂ ਦਾ ਦੌਰਾ ਕੀਤਾ

ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਨਿਵੇਕਲੇ ਉਪਰਾਲੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਜਿੱਥੇ ਸਬੰਧਿਤ ਸੇਵਾਵਾਂ ਪ੍ਰਦਾਨ ਕੀਤੀਆਂ ਉੱਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਨਿਪਟਾਰਾ ਕੀਤਾ ਜਾਂਦਾ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਇਹ ਇੱਕ ਨਿਵੇਕਲਾ ਉਪਰਾਲਾ ਹੈ, ਜਿਸ ਲਈ ਲੋਕਾਂ ਨੂੰ ਇਸ ਦਾ ਜ਼ਰੂਰ ਲਾਭ ਲੈਣਾ ਚਾਹੀਦਾ ਹੈ।

ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ ਪ੍ਰਚਾਰ ਵੈਨਾਂ ਰਾਹੀਂ ਵੀ ਲੋਕਾਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਹ ਵੈਨਾਂ ਸਬ ਡਵੀਜ਼ਨਾਂ ਦੇ ਪਿੰਡਾਂ ਵਿੱਚ ਲਗਾਏ ਗਏ ਕੈਂਪਾਂ ਵਿੱਚ ਪੁੱਜੀਆਂ, ਜਿੱਥੇ ਇਹ ਲੋਕਾਂ ਦੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ।

     ਇਸੇ ਦੌਰਾਨ ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਗਜਨੀਪੁਰ, ਤਤਲੇ, ਮੰਗਲ ਹੁਸੈਨ ਅਤੇ ਗੁਰਦਾਸਪੁਰ ਸ਼ਹਿਰ ਦੇ ਵਾਰਡ ਨੰਬਰ 6 ਔਜਲਾ ਵਿਖੇ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਬਾਰੇ ਜਾਗਰੂਕ ਕਰਕੇ ਲੋਕਾਂ ਦੀ ਫੀਡਬੈਕ ਵੀ ਹਾਸਲ ਕੀਤੀ।  ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ ਵੀ ਮੌਜੂਦ ਸਨ।

ਰਮਨ ਬਹਿਲ ਨੇ ਕਿਹਾ ਕਿ ਹੁਣ ਵੱਖ-ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਹ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

Leave a Reply

Your email address will not be published. Required fields are marked *