ਚੰਡੀਗੜ, ਗੁਰਦਾਸਪੁਰ 5 ਮਾਰਚ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਜ਼ੋਰਦਾਰ ਵਕਾਲਤ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਦਮਪੁਰ ਤੋਂ ਦਲਿਤ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਲਟੀ ਦਾ ਅਪਮਾਨ ਕਰਨ ਲਈ ਜਨਤਕ ਤੌਰ ‘ਤੇ ਮੁਆਫੀ ਮੰਗਣੀ ਚਾਹੀਦੀ ਹੈ ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਲਿਤ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦਾ ਅਪਮਾਨ ਕਰਨ ਲਈ ਜੋ ਸ਼ਬਦ ਵਰਤਿਆ ਹੈ, ਉਹ ਬਹੁਤ ਹੀ ਇਤਰਾਜ਼ਯੋਗ ਹੈ। ਇਹ ਨਾ ਸਿਰਫ ਉਸ ਦੀ ਜਗੀਰੂ ਮਾਨਸਿਕਤਾ ਨੂੰ ਦਰਸਾਉਂਦਾ ਹੈ ਬਲਕਿ ਇਹ ਵੀ ਦਰਸਾਉਂਦਾ ਹੈ ਕਿ ਉਹ ਸੱਤਾ ਦੇ ਨਸ਼ੇ ਵਿੱਚ ਧੁੱਤ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਜਾਣਬੁੱਝ ਕੇ ਇਨ੍ਹਾਂ ਸ਼ਬਦਾਂ ਦੀ ਵਰਤੋਂ ਉਨ੍ਹਾਂ ਨੂੰ ਨੀਵਾਂ ਮਹਿਸੂਸ ਕਰਾਉਣ ਲਈ ਕੀਤੀ ਕਿਉਂਕਿ ਉਹ ਦਲਿਤ ਭਾਈਚਾਰੇ ਨਾਲ ਸਬੰਧਤ ਹਨ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਜਦੋਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਅਪਮਾਨਿਤ ਕੀਤਾ ਸੀ ਤਾਂ ਕੋਲਟੀ ਕੁਝ ਨਿੱਜੀ ਨਹੀਂ ਮੰਗ ਰਹੇ ਸਨ। ਉਹ ਸਿਰਫ ਉਨ੍ਹਾਂ ਨੂੰ ਦਲਿਤ ਭਾਈਚਾਰੇ ਤੋਂ ਉਪ ਮੁੱਖ ਮੰਤਰੀ ਬਣਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਯਾਦ ਦਿਵਾ ਰਹੇ ਸਨ। ਉਹ ਪੂਰੇ ਭਾਈਚਾਰੇ ਦੇ ਸਨਮਾਨ ਲਈ ਸੰਘਰਸ਼ ਕਰ ਰਿਹਾ ਸੀ। ਮੁੱਖ ਮੰਤਰੀ ਦੀ ਟਿੱਪਣੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਇਸ ਲਈ ਉਨ੍ਹਾਂ ਨੂੰ ਪੂਰੇ ਦਲਿਤ ਭਾਈਚਾਰੇ ਤੋਂ ਮੁਆਫੀ ਮੰਗਣੀ ਚਾਹੀਦੀ ਹੈ।