ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਮੁਖੀ ਦੱਸਦਿਆਂ ਇਸ ਬਜਟ ਦੀ ਭਰਪੂਰ ਸ਼ਲਾਘਾ ਕੀਤੀ ਹੈ। ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ‘ਜ਼ੀਰੋ ਟੈਕਸ’ ਵਾਲੇ ਇਸ ਬਜਟ ਵਿੱਚ ਸਾਰੇ ਮੁੱਖ ਖੇਤਰਾਂ ਜਿਵੇਂ ਸਿਹਤ, ਸਿੱਖਿਆ, ਬਿਜਲੀ, ਬੁਨਿਆਦੀ ਢਾਂਚਾ, ਉਦਯੋਗ, ਖੇਡਾਂ, ਸਮਾਜਿਕ ਸੁਰੱਖਿਆ ਅਤੇ ਹੋਰ ਖੇਤਰਾਂ ਵੱਲ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ ਜੋ ਸੂਬੇ ਦੇ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬੇ ਦੇ ਸਮੁੱਚੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰੇਗਾ ਅਤੇ ਸਮਾਜ ਦੇ ਸਾਰੇ ਵਰਗਾਂ ਖ਼ਾਸ ਕਰ ਕੇ ਗਰੀਬ ਤੇ ਪਛੜੇ ਵਰਗਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਏਗਾ।ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪਹਿਲੀ ਵਾਰ ਸੂਬੇ ਦਾ ਬਜਟ ਦੋ ਲੱਖ ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕਈ ਅਹਿਮ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਚ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਤਿਆਰ ਕੀਤਾ ਗਿਆ ਇਹ ਵਿੱਤੀ ਵਰ੍ਹੇ 2024-25 ਦਾ ਬਜਟ, ਸਰੋਤ ਜੁਟਾ ਕੇ ਮਾਲੀਆ ਵਧਾਉਣ ‘ਤੇ ਧਿਆਨ ਕੇਂਦਰਿਤ ਕਰਦਿਆਂ ਵਿੱਤੀ ਘਾਟੇ ਨੂੰ ਘਟਾਉਣ ਦੇ ਨਾਲ-ਨਾਲ ਵਿੱਤੀ ਅਨੁਸ਼ਾਸਨ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਕਿਹਾ ਕਿ ਇਸ ਬਜਟ ਨਾਲ ਸਾਡਾ ਸੂਬਾ ਹੁਣ ਵਿਕਾਸ ਅਤੇ ਖ਼ੁਸ਼ਹਾਲੀ ਦੀਆਂ ਸਿਖ਼ਰਾਂ ਛੂਹੇਗਾ। ਸ. ਸੇਖਵਾਂ ਨੇ ਉਮੀਦ ਜਤਾਈ ਕਿ ਮੌਜੂਦਾ ਬਜਟ ਉਦਯੋਗਿਕ ਖੇਤਰ ਦੀ ਸੁਰਜੀਤੀ ਦੇ ਨਾਲ-ਨਾਲ ਸੂਬੇ ਦੀ ਖੇਤੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਇਕ ਖ਼ਾਕੇ ਵਜੋਂ ਕੰਮ ਕਰੇਗਾ।ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਨੇੜਲੇ ਭਵਿੱਖ ਵਿੱਚ ਇਹ ਬਜਟ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਿਕਾਸ ਅਤੇ ਪ੍ਰਗਤੀ ਦੇ ਨਵੇਂ ਦਿਸਹੱਦੇ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਦਰਸਾਉਂਦਾ ਹੈ ਅਤੇ ਇਸ ਦਾ ਉਦੇਸ਼ ਸਮਾਜ ਦੇ ਸਭ ਤੋਂ ਕਮਜ਼ੋਰ ਅਤੇ ਗਰੀਬ ਵਰਗ ਦੇ ਲੋਕਾਂ ਦੀ ਸਹੀ ਮਾਅਨਿਆਂ ਵਿੱਚ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਦੇ ਉਦੇਸ਼ ਦੀ ਪ੍ਰਾਪਤੀ ਲਈ ਆਪ ਸਰਕਾਰ ਦੀ ਵਿਵਹਾਰਿਕ ਪਹੁੰਚ ਦਾ ਨਤੀਜਾ ਹੈ।