ਆਲ ਇੰਡੀਆ ਕਿਸਾਨ ਮਹਾਸਭਾ ਦੇ ਰਾਸ਼ਟਰੀ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਮਾਲਵਾ

ਦੇਸ਼ ਦੀ ਚਰਚਿਤ ਵਿਦਿਆਰਥੀ ਆਗੂ ਕਾਮਰੇਡ ਨੇਹਾ ਬੋਰਾ ਨੂੰ 20 ਸਤੰਬਰ ਨੂੰ ਜਲੰਧਰ ਵਿਖੇ ਕੀਤਾ ਜਾਵੇਗਾ ਸਨਮਾਨਿਤ

ਮਾਨਸਾ, ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)– ਬਾਬਾ ਬੂਝਾ ਸਿੰਘ ਭਵਨ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਮਾਨਸਾ ਬਲਾਕ ਪੱਧਰੀ ਵਰਕਰ ਮੀਟਿੰਗ ਹੋਈ। ਮੀਟਿੰਗ ਦੀ ਸ਼ੁਰੂਆਤ ਕਿਸਾਨ ਕਰਜ਼ਾ ਮੁਕਤੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਾਮਰੇਡ ਭੂਰਾ ਸਿੰਘ ਮਾਨ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਰਾਮਫਲ ਸਿੰਘ ਚੱਕ ਅਲੀਸ਼ੇਰ, ਮੱਖਣ ਸਿੰਘ ਮਾਨ, ਕਰਨੈਲ ਸਿੰਘ ਮਾਨਸਾ ਅਤੇ ਜਗਤਾਰ ਸਹਾਰਨਾ ਨੇ ਕੀਤੀ।

ਮੀਟਿੰਗ ਵਿੱਚ 20-21 ਸਤੰਬਰ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਹੋਣ ਜਾ ਰਹੇ ਆਲ ਇੰਡੀਆ ਕਿਸਾਨ ਮਹਾਸਭਾ ਦੇ ਪੰਜਵੇਂ ਰਾਸ਼ਟਰੀ ਸੰਮੇਲਨ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਪੰਜਾਬ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਦੀ ਇਤਿਹਾਸਕ ਏਕਤਾ ਦੇ ਗਵਾਹ ਬਣਨ ਜਾ ਰਹੇ ਇਸ ਸੰਮੇਲਨ ਨੂੰ ਕਾਮਯਾਬ ਬਣਾਉਣ ਲਈ ਪੂਰੀ ਤਾਕਤ ਨਾਲ ਪ੍ਰਚਾਰ ਅਤੇ ਲਾਮਬੰਦੀ ਕਰਨ ਦਾ ਸੰਕਲਪ ਲਿਆ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਸਰਪ੍ਰਸਤੀ ਹੇਠ ਵੱਖ-ਵੱਖ ਬਹਾਨਿਆਂ ਨਾਲ ਕਾਰਪੋਰੇਟ ਘਰਾਣਿਆਂ ਵੱਲੋਂ ਖੇਤੀਯੋਗ ਜ਼ਮੀਨਾਂ ਉੱਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਅਤੇ ਕਮੇਟੀਆਂ ਬਣਾਉਣ ਦੇ ਬਾਵਜੂਦ ਫ਼ਸਲਾਂ ਦੀ ਐਮ.ਐਸ.ਪੀ. ‘ਤੇ ਕਾਨੂੰਨੀ ਗਾਰੰਟੀ ਅੱਜ ਤੱਕ ਨਹੀਂ ਦਿੱਤੀ ਗਈ। ਦੂਜੇ ਪਾਸੇ ਕਾਰਪੋਰੇਟ ਘਰਾਣਿਆਂ ਦੇ ਲੱਖਾਂ ਕਰੋੜ ਰੁਪਏ ਦੇ ਕਰਜ਼ੇ ਮਾਫ਼ ਕਰਨ ਵਾਲੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ੇ ਦੇ ਬੋਝ ਤੋਂ ਮੁਕਤੀ ਦਿਵਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕ ਰਹੀ। ਖੇਤੀ ਲਾਗਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਅਤੇ ਰੁਜ਼ਗਾਰ ਦੇ ਸੰਕਟ ਕਾਰਨ ਕਿਸਾਨਾਂ ਦੇ ਨੌਜਵਾਨ ਬੱਚੇ ਵੱਡੀ ਗਿਣਤੀ ਵਿੱਚ ਵਿਦੇਸ਼ ਜਾਣ ਲਈ ਮਜ਼ਬੂਰ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਪੋਰੇਟ ਪੱਖੀ ਅਤੇ ਕਿਸਾਨ ਵਿਰੋਧੀ ਨੀਤੀਆਂ ਦਾ ਡਟ ਕੇ ਮੁਕਾਬਲਾ ਕਰਨ ਅਤੇ ਦੇਸ਼ ਪੱਧਰ ‘ਤੇ ਜਮਹੂਰੀ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਹੀ ਪੰਜਾਬ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਨੇ ਏਕਤਾ ਦਾ ਇਤਿਹਾਸਕ ਫੈਸਲਾ ਕੀਤਾ ਹੈ। ਦੋਵੇਂ ਜਥੇਬੰਦੀਆਂ ਮਿਲ ਕੇ ਪੰਜਾਬ ਭਰ ਵਿੱਚ ਵਿਆਪਕ ਪ੍ਰਚਾਰ ਮੁਹਿੰਮ ਚਲਾਉਣਗੀਆਂ ਅਤੇ 20 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਵਿਸ਼ਾਲ ਕਿਸਾਨ ਰੈਲੀ ਅਤੇ ਇਸ ਉਪਰੰਤ ਸ਼ੁਰੂ ਹੋਣ ਵਾਲੇ ਆਲ ਇੰਡੀਆ ਕਿਸਾਨ ਮਹਾਸਭਾ ਦੇ ਰਾਸ਼ਟਰੀ ਸੰਮੇਲਨ ਵਿੱਚ ਪੰਜਾਬ ਸਮੇਤ ਦੇਸ਼ ਦੇ ਕਰੀਬ 18 ਸੂਬਿਆਂ ਤੋਂ ਪਹੁੰਚਣ ਵਾਲੇ ਸੈਂਕੜੇ ਪ੍ਰਤੀਨਿਧਾਂ ਦੀ ਸ਼ਾਨਦਾਰ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।

ਮੀਟਿੰਗ ਵਿੱਚ ਇਹ ਵੀ ਐਲਾਨ ਕੀਤਾ ਗਿਆ ਕਿ 20 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਵਿਸ਼ਾਲ ਕਿਸਾਨ ਰੈਲੀ ਦੌਰਾਨ ਦੇਸ਼ ਭਰ ਵਿੱਚ ਪੇਪਰ ਲੀਕ ਵਿਰੋਧੀ ਅੰਦੋਲਨ ਦੀ ਅਗਵਾਈ ਕਰ ਰਹੀ ਚਰਚਿਤ ਵਿਦਿਆਰਥੀ ਆਗੂ ਕਾਮਰੇਡ ਨੇਹਾ ਬੋਰਾ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਮੀਟਿੰਗ ਵਿੱਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨ, ਖੇਤ ਮਜ਼ਦੂਰ, ਨੌਜਵਾਨ ਅਤੇ ਜਮਹੂਰੀ ਵਿਚਾਰਾਂ ਨਾਲ ਜੁੜੇ ਲੋਕ ਵੱਡੀ ਗਿਣਤੀ ਵਿੱਚ 20 ਸਤੰਬਰ ਨੂੰ ਜਲੰਧਰ ਪਹੁੰਚ ਕੇ ਇਸ ਇਤਿਹਾਸਕ ਸੰਮੇਲਨ ਅਤੇ ਰੈਲੀ ਨੂੰ ਕਾਮਯਾਬ ਬਣਾਉਣ।

Leave a Reply

Your email address will not be published. Required fields are marked *