ਪੱਟੀ : ਕਰਜ਼ੇ ‘ਤੇ 0.25 ਫੀਸਦੀ ਸਟੈਂਪ ਡਿਊਟੀ ਲਾਉਣ ਨਾਲ ਸੂਬੇ ਦੇ ਸਨਤਕਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ: ਵਿਰੋਧੀ ਧਿਰ ਦੇ ਆਗੂ
ਚੰਡੀਗੜ, ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਤਾਕੀਦ ਕੀਤੀ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਵਪਾਰੀਆਂ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਚਾਰੂ ਬਣਾਉਣ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸ਼ਾਸਨ ਕਾਲ ਦੌਰਾਨ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈ ਹੈ। ਲਗਭਗ ਸਾਰੇ ਸਥਾਪਤ ਕਾਰੋਬਾਰੀ ਪਰਿਵਾਰ ਸੂਬੇ ਵਿੱਚ ਗੈਂਗਸਟਰਾਂ ਵੱਲੋਂ ਵਾਰ-ਵਾਰ ਜਬਰੀ ਵਸੂਲੀ ਦੀਆਂ ਕਾਲਾਂ ਤੋਂ ਪਰੇਸ਼ਾਨ ਹਨ। ਉਨ੍ਹਾਂ ਨੂੰ ਅਜਿਹੇ ਘਿਨਾਉਣੇ ਅਨਸਰਾਂ ਨਾਲ ਨਜਿੱਠਣਾ ਮੁਸ਼ਕਲ ਲੱਗਦਾ ਹੈ, ਇਸ ਲਈ ਉਹ ਯੂਪੀ ਅਤੇ ਗੁਜਰਾਤ ਵਰਗੇ ਹੋਰ ਸੂਬਿਆਂ ਵਿੱਚ ਚਲੇ ਗਏ ਹਨ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਵਾਹਨਾਂ ਅਤੇ ਜਾਇਦਾਦ ਦੇ ਕਰਜ਼ਿਆਂ ‘ਤੇ 0.25 ਪ੍ਰਤੀਸ਼ਤ ਸਟੈਂਪ ਡਿਊਟੀ ਲਾਈ ਹੈ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਬੁਰੀ ਤਰ੍ਹਾਂ ਝਟਕਾ ਲੱਗੇਗਾ। ਇਸੇ ਤਰ੍ਹਾਂ, ਇਹ ਉਨ੍ਹਾਂ ਲੋਕਾਂ ਲਈ ਵੀ ਮੁਸ਼ਕਲ ਸਥਿਤੀ ਪੈਦਾ ਕਰੇਗਾ ਜੋ ਨਵਾਂ ਘਰ ਬਣਾਉਣ ਦੀ ਯੋਜਨਾ ਬਣਾ ਰਹੇ ਹਨ। ਅਜਿਹੇ ਸਮੇਂ ਜਦੋਂ ਮਹਿੰਗਾਈ ਵੱਧ ਰਹੀ ਹੈ, ਸਰਕਾਰ ਨੂੰ ਹੋਰ ਟੈਕਸ ਲਾਉਣ ਦੀ ਬਜਾਏ ਲੋਕਾਂ ਨੂੰ ਰਾਹਤ ਦੇਣ ਬਾਰੇ ਸੋਚਣਾ ਚਾਹੀਦਾ ਹੈ।
ਬਾਜਵਾ ਨੇ ਬਹਿਬਲ ਕਲਾਂ ਵਿਖੇ ਗੋਲੀਬਾਰੀ ਦੀ ਘਟਨਾ ਵਿੱਚ ਇਨਸਾਫ ਨਾ ਲੈਣ ਲਈ ‘ਆਪ’ ਸਰਕਾਰ ਦੀ ਵੀ ਆਲੋਚਨਾ ਕੀਤੀ, ਜਿਸ ਵਿੱਚ ਦੋ ਸਿੱਖ ਨੌਜਵਾਨ ਮਾਰੇ ਗਏ ਸਨ। ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਪਹਿਲਾਂ ਹੀ ਇਸ ਮੁੱਦੇ ‘ਤੇ ਇਨਸਾਫ ਨਾ ਕਰਨ ਲਈ ‘ਆਪ’ ਸਰਕਾਰ ਦੀ ਨਿੰਦਾ ਕਰ ਚੁੱਕੇ ਹਨ।
ਬਾਜਵਾ ਨੇ ਕਿਹਾ ਕਿ ਇਸ ਮੌਕੇ ਮੈਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਉਸ ਵਾਅਦੇ ਦੀ ਯਾਦ ਦਿਵਾਉਣਾ ਚਾਹੁੰਦਾ ਹਾਂ ਜੋ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਗੋਲੀਬਾਰੀ ਦੀ ਘਟਨਾ ‘ਤੇ ਇਨਸਾਫ ਦਿਵਾਉਣ ਲਈ ਕੀਤਾ ਸੀ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਲਿਤ ਭਾਈਚਾਰੇ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਅਜੇ ਤੱਕ ਮੁਆਫੀ ਨਹੀਂ ਮੰਗੀ ਹੈ ਜਦੋਂ ਉਨ੍ਹਾਂ ਨੇ ਦਲਿਤ ਭਾਈਚਾਰੇ ਵਿੱਚੋਂ ਪੰਜਾਬ ਦਾ ਉਪ ਮੁੱਖ ਮੰਤਰੀ ਨਿਯੁਕਤ ਕਰਨ ਦਾ ਜਾਇਜ਼ ਮੁੱਦਾ ਉਠਾਇਆ ਸੀ।