ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਸ਼ਾਂਤੀ ਬਹਾਲ ਹੋਈ, ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ

ਗੁਰਦਾਸਪੁਰ

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਇੰਦਰ ਸਿੰਘ ਢਿੱਲੋਂ, ਏ.ਡੀ.ਜੀ.ਪੀ. ਜੇਲ੍ਹਾਂ ਅਰੁਨ ਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਪੁਲਿਸ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਕੈਦੀਆਂ ਨਾਲ ਗੱਲਬਾਤ ਕਰਕੇ ਮਸਲਾ ਸੁਲਝਾਇਆ

ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮ. ਗੁਰਦਾਸਪੁਰ ਦੀ ਅਗਵਾਈ ਹੇਠ ਮੈਜਿਸਟੇਰੀਅਲ ਇਨਕੁਆਰੀ ਦੇ ਹੁਕਮ ਜਾਰੀ

ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਕੇਂਦਰੀ ਸੁਧਾਰ ਘਰ ਗੁਰਦਾਸਪੁਰ ਵਿੱਚ ਬੰਦ ਬੰਦੀਆਂ ਦੀ ਹੋਈ ਲੜਾਈ ਤੋਂ ਬਾਅਦ ਪੈਦਾ ਹੋਈ ਸਥਿਤੀ ਨੂੰ ਜ਼ਿਲ੍ਹਾ ਪ੍ਰਸ਼ਾਸਨ, ਜੇਲ੍ਹ ਵਿਭਾਗ ਅਤੇ ਪੁਲਿਸ ਵਿਭਾਗ ਵੱਲੋਂ ਕਾਬੂ ਹੇਠ ਕਰ ਲਿਆ ਗਿਆ ਹੈ। ਪੁਲਿਸ ਵਿਭਾਗ ਦੇ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਇੰਦਰ ਸਿੰਘ ਢਿੱਲੋਂ, ਏ.ਡੀ.ਜੀ.ਪੀ. ਜੇਲ੍ਹਾਂ ਅਰੁਨ ਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਅਸ਼ਵਨੀ ਗੋਟਿਆਲ, ਐੱਸ.ਐੱਸ.ਪੀ. ਪਠਾਨਕੋਟ ਦਿਲਜਿੰਦਰ ਸਿੰਘ ਢਿੱਲੋਂ ਸਮੇਤ ਪੁਲਿਸ ਵਿਭਾਗ ਦੇ ਹੋਰ ਅਧਿਕਾਰੀਆਂ ਵੱਲੋਂ ਜੇਲ੍ਹ ਵਿੱਚ ਮੁਜ਼ਾਹਰਾ ਕਰ ਰਹੇ ਕੈਦੀਆਂ ਨੂੰ ਸ਼ਾਂਤ ਕੀਤਾ ਗਿਆ ਅਤੇ ਉਨ੍ਹਾਂ ਦੀ ਗੱਲ ਨੂੰ ਧਿਆਨ ਨਾਲ ਸੁਣ ਕੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਸਲੇ ਲਈ ਜੋ ਵੀ ਦੋਸ਼ੀ ਹੋਇਆ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਇੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਕੈਦੀਆਂ ਨਾਲ ਗੱਲਬਾਤ ਦੌਰਾਨ ਮੁੱਢਲੇ ਤੌਰ ‘ਤੇ ਇਹ ਸਾਹਮਣੇ ਆਇਆ ਹੈ ਕਿ ਜੇਲ੍ਹ ਦੇ ਕੁਝ ਛੋਟੇ ਪੱਧਰ ਦੇ ਮੁਲਾਜ਼ਮਾਂ ਦੀਆਂ ਕਮੀਆਂ ਪੇਸ਼ੀਆਂ ਸਨ ਜਿਨ੍ਹਾਂ ਨੂੰ ਕਲਮਬੱਧ ਕੀਤਾ ਗਿਆ ਹੈ ਅਤੇ ਇਨ੍ਹਾਂ ਦਾ ਹੱਲ ਤਿੰਨ ਦਿਨਾਂ ਵਿੱਚ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੈਦੀਆਂ ਦੇ ਕੁਝ ਮੈਡੀਕਲ ਮਸਲੇ ਸਨ ਅਤੇ ਕੈਦੀਆਂ ਨੇ ਕਿਹਾ ਹੈ ਕਿ ਜੇਲ੍ਹ ਵਿੱਚ ਕੈਦੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਨ੍ਹਾਂ ਦੇ ਇਲਾਜ ਵਿੱਚ ਕੁਝ ਕਮੀ ਰਹਿ ਜਾਂਦੀ ਹੈ, ਇਸ ਨੂੰ ਹੱਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਭਰੋਸਾ ਦਿੱਤਾ ਹੈ ਕਿ ਸਿਹਤ ਵਿਭਾਗ ਦੇ ਤਿੰਨ ਮਾਹਿਰ ਡਾਕਟਰਾਂ ਦੀ ਅਗਵਾਈ ਹੇਠ ਅਗਲੇ ਤਿੰਨ ਦਿਨ ਜੇਲ੍ਹ ਦੇ ਸਾਰੇ ਬੰਦੀਆਂ ਦੀ ਵਿਸ਼ੇਸ਼ ਮੈਡੀਕਲ ਜਾਂਚ ਕਰਕੇ ਉਨ੍ਹਾਂ ਦਾ ਇਲਾਜ  ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੈਦੀ ਨੂੰ ਇਲਾਜ ਲਈ ਹਸਪਤਾਲ ਲਿਜਾਣ ਦੀ ਲੋੜ ਹੋਈ ਤਾਂ ਉਹ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘਟਨਾ ਲਈ ਜੋ ਵੀ ਦੋਸ਼ੀ ਹੋਏ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਐੱਸ.ਡੀ.ਐੱਮ. ਗੁਰਦਾਸਪੁਰ ਦੀ ਅਗਵਾਈ ਹੇਠ ਇਸ ਸਾਰੀ ਘਟਨਾ ਦੀ ਮੈਜਿਸਟੇਰੀਅਲ ਜਾਂਚ ਕਰਵਾਈ ਜਾਵੇਗੀ ਅਤੇ ਇਸ ਝਗੜੇ ਦੇ ਕਾਰਨਾਂ ਦਾ ਪਤਾ ਕਰਕੇ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ।  ਉਨ੍ਹਾਂ ਕਿਹਾ ਕਿ ਹੁਣ ਇਹ ਮਾਮਲਾ ਪੂਰੀ ਤਰ੍ਹਾਂ ਸ਼ਾਂਤ ਹੋ ਗਿਆ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। 

Leave a Reply

Your email address will not be published. Required fields are marked *