ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਗੁਰਦਾਸਪੁਰ ਤੋਂ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਈ। ਇਸ ਯਾਤਰੂ ਬੱਸ ਨੂੰ ਮਾਰਕਿਟ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ, ਸੀਨੀਅਰ ਆਗੂ ਯੋਗੇਸ਼ ਸ਼ਰਮਾ ਅਤੇ ਧਰੁਵ ਬਹਿਲ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਨੇ ਕਿਹਾ ਕਿ ਇਹ ਸਕੀਮ ਸ਼ਰਧਾਲੂਆਂ ਲਈ ਪੰਜਾਬ ਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਅੱਜ ਗੁਰਦਾਸਪੁਰ ਤੋਂ ਰਵਾਨਾ ਹੋਈ ਬੱਸ ਯਾਤਰਾ ਰਾਹੀਂ 43 ਸ਼ਰਧਾਲੂ ਰਾਜਸਥਾਨ ਦੇ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਨੂੰ ਗਏ ਹਨ ਅਤੇ ਇਹ ਸਾਰੇ ਹੀ ਸ਼ਰਧਾਲੂ ਪਹਿਲੀ ਵਾਰ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾਂ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਇਸ ਯੋਜਨਾ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ।