ਮਾਨਸਾ, ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)- ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਇਨਕਲਾਬੀ ਵਿਦਿਆਰਥੀ ਲਹਿਰ ਨੂੰ ਮਜ਼ਬੂਤ ਕਰਨ ਦੇ ਅਹਿਦ ਨਾਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਕਾਲਜ ਇਕਾਈ ਦਾ ਇਜਲਾਸ ਕਰਕੇ 16ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ।ਇਸ ਮੌਕੇ ਕੁਲਵੰਤ ਸਿੰਘ ਖੋਖਰ ਕਲਾਂ,ਅਰਸ਼ਦੀਪ ਸਿੰਘ ਖੋਖਰ ਕਲਾਂ,ਆਦਿ ਆਗੂਆਂ ਤੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਅਗਵਾਈ ਹੇਠ ਹੋਏ ਇਜਲਾਸ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਮਾਲਵਾ ਜੋਨ ਦੇ ਕਨਵੀਨਰ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਭਰ ਵਿੱਚ ਜਮਹੂਰੀ ਅੰਦੋਲਨਾਂ ਨੂੰ ਕੁਚਲਣ ਲਈ ਪੱਬਾਂ ਭਾਰ ਹੈ। ਪੰਜਾਬ ਚ ਅੰਦੋਲਨਕਾਰੀ ਮਜ਼ਦੂਰਾਂ ਦੀਆਂ ਗਿਰਫ਼ਤਾਰੀਆਂ,ਉੱਤਰ ਪ੍ਰਦੇਸ਼ ਵਿੱਚ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਆਵਾਜ਼ ਬੰਦ ਕਰਨ ਖਿਲਾਫ ਵਿਦਿਆਰਥੀ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਣਾ,ਘੱਟੋ ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈਕੇ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਤੇ ਜ਼ਬਰ ਦਾ ਕੁਹਾੜਾ ਚਲਾਉਣਾ ਇਸਦੀਆਂ ਸਪੱਸ਼ਟ ਉਦਾਹਰਨਾਂ ਹਨ। ਇੱਕ ਪਾਸੇ ਜਿੱਥੇ ਮੋਦੀ ਸਰਕਾਰ ਜਮਹੂਰੀਅਤ ਦਾ ਕਤਲ ਕਰਕੇ ਫਾਸ਼ੀਵਾਦੀ ਰਾਜ ਪ੍ਰਬੰਧ ਦੀ ਉਸਾਰੀ ਕਰ ਰਹੀ ਹੈ। ਉੱਥੇ ਨਾਲ ਹੀ ਦੂਜੇ ਪਾਸੇ ਦੇਸ਼ ਭਰ ਵਿੱਚ ਬੇਰੁਜ਼ਗਾਰੀ ਦੀ ਕਤਾਰ ਲਗਾਤਾਰ ਲੰਬੀ ਹੋ ਰਹੀ ਹੈ। ਜਿਸਦੇ ਖਿਲਾਫ ਰੁਜ਼ਗਾਰ ਗਾਰੰਟੀ ਐਕਟ ਬਣਾਏ ਜਾਣ, ਸਿੱਖਿਆ ਦੇ ਨਿੱਜੀਕਰਨ ਵੱਲ ਸੇਧਿਤ ਨਵੀਂ ਸਿੱਖਿਆ ਨੀਤੀ ਨੂੰ ਰੱਦ ਕਰਵਾਏ ਜਾਣ, ਵਿਦਿਆਰਥੀ ਬੱਸ ਪਾਸ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ ਤੇ ਲਾਗੂ ਕਰਵਾਏ ਜਾਣ ਲਈ ਵਿਧਾਨ ਸਭਾ ਵਿੱਚ ਕਾਨੂੰਨ ਬਣਵਾਏ ਜਾਣ,ਸਾਰੇ ਸਜ਼ਾ ਪੂਰੀ ਕਰ ਚੁੱਕੇ ਸਿਆਸੀ ਕੈਦੀਆਂ ਦੀ ਬਿਨਾਂ ਸ਼ਰਤ ਰਿਹਾਈ,ਝੂਠੇ ਪੁਲਿਸ ਕੇਸ ਦਰਜ ਕਰਕੇ ਜੇਲ੍ਹੀਂ ਡੱਕੇ ਜਮਹੂਰੀ ਕਾਰਕੁੰਨਾਂ ਦੀ ਰਿਹਾਈ ਲਈ ਇਨਕਲਾਬੀ ਵਿਦਿਆਰਥੀ ਲਹਿਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ ਲੜੇ ਗਏ ਸੰਘਰਸ਼ਾਂ ਦੀ ਰਿਪੋਰਟ ਪੇਸ਼ ਕਰਦੇ ਹੋਏ 22 ਮਾਰਚ ਦੇ ਜ਼ਿਲ੍ਹਾ ਇਜਲਾਸ ਨੂੰ ਸਫ਼ਲ ਬਣਾਏ ਜਾਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸੁਖਜੀਤ ਸਿੰਘ ਖੋਖਰ ਖੁਰਦ,ਅਰਸ਼ਦੀਪ ਸਿੰਘ ਝੁਨੀਰ, ਅਰਸ਼ਦੀਪ ਸਿੰਘ ਮਾਨਸਾ, ਆਕਾਸ਼ਦੀਪ ਸਿੰਘ,ਖਾਨ, ਰਾਜਦੀਪ ਸਿੰਘ, ਜਸਪ੍ਰੀਤ ਸਿੰਘ,ਬਿੱਟੂ ਸਿੰਘ,ਅਰਸ਼ਦੀਪ ਕੌਰ,ਰਮਨਦੀਪ ਕੌਰ, ਸਿਮਰਜੀਤ ਕੌਰ,ਜਸਕਰਨ ਸਿੰਘ ਅਤੇ ਬਿੱਲਾ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ। ਸਰਕਾਰੀ ਆਈ ਟੀ ਆਈ ਮਾਨਸਾ ਵਿੱਚ ਵੀ ਵਿਦਿਆਰਥੀਆਂ ਦੀ ਮੀਟਿੰਗ ਕਰਵਾਈ ਗਈ ਅਤੇ 22 ਮਾਰਚ ਨੂੰ ਇਜਲਾਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।