ਅਸਲਾ ਲਾਇਸੈਂਸ ਧਾਰਕਾਂ ਦੇ ਹਥਿਆਰ ਜਮ੍ਹਾਂ ਕਰਵਾਏ ਜਾਣ
ਗੁਰਦਾਸਪੁਰ,5 ਅਪ੍ਰੈਲ (ਸਰਬਜੀਤ ਸਿੰਘ)– ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਅੱਜ ਜ਼ਿਲ੍ਹਾ ਪੁਲਿਸ ਦਫ਼ਤਰ, ਗੁਰਦਾਸਪੁਰ ਵਿਖੇ ਸਮੂਹ ਜੀ.ਓਜ਼, ਸਮੂਹ ਮੁੱਖ ਅਫਸਰ ਥਾਣਾ ਅਤੇ ਸਮੂਹ ਇੰਚਾਰਜ ਯੂਨਿਟਾਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਹੈ ਕਿ ਮਾਣਯੋਗ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਜਾਇਜ਼ ਸ਼ਰਾਬ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਚੋਣਾਂ ਦੌਰਾਨ ਨਸ਼ਿਆਂ ਦੀ ਵਰਤੋਂ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਅਸਲਾ ਧਾਰਕਾ ਦਾ 100 ਫੀਸਦੀ ਅਸਲਾ ਜਮ੍ਹਾਂ ਕੀਤਾ ਜਾਵੇ ਅਤੇ ਸਮਾਜ ਵਿਰੋਧੀ ਅਨਸਰਾਂ ਉੱਪਰ ਵਿਸ਼ੇਸ਼ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਗੜਬੜੀ ਜਾਂ ਖੱਲੜ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਪੂਰੀ ਤਰ੍ਹਾਂ ਸੁਰੱਖਿਅਤ, ਅਮਨ-ਸ਼ਾਂਤੀ ਪੂਰਵਕ ਅਤੇ ਅਜ਼ਾਦਾਨਾ ਮਾਹੌਲ ਵਿੱਚ ਚੋਣ ਅਮਲ ਨੇਪਰੇ ਚਾੜਨ ਲਈ ਵਚਨਬੱਧ ਹੈ।