ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖ਼ਰੀਦ ਸਬੰਧੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ
ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਣਕ ਦੀ ਖ਼ਰੀਦ ਵਿੱਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੀਆਂ ਸਾਰੀਆਂ 94 ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦੇ ਸਾਰੇ ਲੋੜੀਂਦੇ ਪ੍ਰਬੰਧ ਤੁਰੰਤ ਮੁਕੰਮਲ ਕਰ ਲਏ ਜਾਣ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿੱਕਰੀ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿੱਚ 6.62 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ 94 ਮੰਡੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਨੂੰ ਅਲਾਟ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਫ਼ਾਈ ਕਰਨ ਦੇ ਨਾਲ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਛਾਂ, ਪਖਾਨੇ, ਲਾਈਟਾਂ, ਬਾਰਦਾਨੇ, ਲੇਬਰ ਅਤੇ ਲਿਫ਼ਟਿੰਗ ਸਮੇਤ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਆੜ੍ਹਤੀਆਂ ਕੋਲ ਲੋੜੀਂਦੀ ਮਾਤਰਾ ਵਿੱਚ ਤਰਪਾਲ਼ਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ ਤਾਂ ਜੋ ਮੌਸਮ ਦੀ ਖ਼ਰਾਬੀ ਦੇ ਮੱਦੇਨਜ਼ਰ ਫ਼ਸਲ ਨੂੰ ਭਿੱਜਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਵੱਲੋਂ ਕਣਕ ਦੀ ਫ਼ਸਲ ਲਈ 12 ਫ਼ੀਸਦੀ ਤੱਕ ਨਮੀ ਨਿਰਧਾਰਿਤ ਕੀਤੀ ਗਈ ਹੈ ਇਸ ਲਈ ਕਿਸਾਨ ਆਪਣੀ ਫ਼ਸਲ ਦੀ ਪੂਰੀ ਤਰ੍ਹਾਂ ਪੱਕਣ ‘ਤੇ ਹੀ ਕਟਾਈ ਕਰਨ।
ਡਿਪਟੀ ਕਮਿਸ਼ਨਰ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਤਾਂ ਵਿੱਚੋਂ ਲੰਘਦੀਆਂ ਬਿਜਲੀ ਤਾਰਾਂ ਅਤੇ ਟਰਾਂਸਫ਼ਾਰਮਰਾਂ ਨੂੰ ਠੀਕ ਕਰ ਲੈਣ ਤਾਂ ਜੋ ਸ਼ਾਰਟ ਸਰਕਟ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਕਿ ਕਣਕ ਦੀ ਕਟਾਈ ਤੋਂ ਬਾਅਦ ਤੂੜੀ ਥੋੜ੍ਹਾ ਰੁਕ ਕੇ ਬਣਾਈ ਜਾਵੇ ਕਿਉਂਕਿ ਤੂੜੀ ਬਣਾਉਂਦੇ ਸਮੇਂ ਕਈ ਵਾਰ ਰੀਪਰ ‘ਚੋਂ ਨਿਕਲੇ ਚੰਗਿਆੜਿਆਂ ਕਾਰਨ ਨਾਲ ਦੇ ਖੇਤਾਂ ਵਿੱਚ ਖੜੀ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ ਕਿਉਂਕਿ ਇਹ ਧਰਤੀ ਦੀ ਉਪਜਾਊ ਸ਼ਕਤੀ ਦੇ ਨਾਲ ਸਮੁੱਚੇ ਵਾਤਾਵਰਨ ਲਈ ਬਹੁਤ ਹਾਨੀਕਾਰਕ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਫਾਇਰ ਬ੍ਰਿਗੇਡ ਨੂੰ ਤਿਆਰ-ਬਰ-ਤਿਆਰ ਰੱਖਣ ਦੇ ਨਾਲ ਜਿਨ੍ਹਾਂ ਕਿਸਾਨਾਂ ਕੋਲ ਵੱਡੇ ਸਪਰੇਅ ਪੰਪ ਹਨ ਉਨ੍ਹਾਂ ਦੀ ਲਿਸਟ ਵੀ ਤਿਆਰ ਕੀਤੀ ਜਾਵੇ ਤਾਂ ਜੋ ਲੋੜ ਪੈਣ ‘ਤੇ ਉਹ ਵੀ ਮੌਕੇ ‘ਤੇ ਅੱਗ ਉੱਪਰ ਕਾਬੂ ਪਾਉਣ ਵਿੱਚ ਸਹਾਈ ਹੋਣ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਕਣਕ ਦੀ ਖ਼ਰੀਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਤਿਆਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ।