ਵੋਟਾਂ ਮੰਗਣ ਤੋਂ ਪਹਿਲਾਂ ‘ਆਪ’ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਹ ਵਾਅਦੇ ਪੂਰੇ ਕਰਨ ‘ਚ ਅਸਫ਼ਲ ਕਿਉਂ ਰਹੀ- ਬਾਜਵਾ

ਪੰਜਾਬ

ਚੰਡੀਗੜ, ਗੁਰਦਾਸਪੁਰ 10 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਰਹਿਣ ਅਤੇ ਸੂਬੇ ਵਿੱਚ ਵੱਡੇ ਮੁੱਦਿਆਂ ‘ਤੇ ਲਾਪਰਵਾਹੀ ਵਰਤਣ ਲਈ ਕਟਹਿਰੇ ਵਿੱਚ ਖੜ੍ਹਾ ਕੀਤਾ।

ਉਨ੍ਹਾਂ ਕਿਹਾ ਕਿ ‘ਆਪ’ ਨੇ ਸੂਬੇ ‘ਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਪਾਰਟੀ ਨੇ ਇਹ ਵੀ ਕਿਹਾ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਅਪਣਾਏਗੀ। ਹੁਣ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਵਿਚ ਅਸਫ਼ਲ ਕਿਉਂ ਰਹੀ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਵੀਆਈਪੀ ਕਲਚਰ ਨੂੰ ਖ਼ਤਮ ਕਰਨ ‘ਚ ਅਸਫ਼ਲ ਕਿਉਂ ਰਹੀ?

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ‘ਆਪ’ ਦੇ ਵਾਅਦੇ ਅਤੇ ਵਚਨਬੱਧਤਾ ਖੋਖਲੀ ਸਾਬਿਤ ਹੋਈ ਹੈ। ਆਮ ਆਦਮੀ ਪਾਰਟੀ ਦੇ ਦੋ ਸਾਲਾਂ ਦੇ ਸ਼ਾਸਨ ਕਾਲ ਦੌਰਾਨ ਨਸ਼ਿਆਂ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਆਮ ਗੱਲ ਬਣ ਗਈਆਂ ਹਨ। ਇਸੇ ਤਰ੍ਹਾਂ ਅਮਨ-ਕਾਨੂੰਨ ਦੀ ਸਥਿਤੀ ਵਿਗੜ ਗਈ ਹੈ ਅਤੇ ‘ਆਪ’ ਸਰਕਾਰ ਨੇ ਸੂਬੇ ‘ਚ ਵੱਧ ਰਹੀ ਅਪਰਾਧ ਦਰ ਨੂੰ ਰੋਕਣ ਲਈ ਕੁਝ ਨਹੀਂ ਕੀਤਾ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਨਾ ਤਾਂ ਠੇਕੇ ‘ਤੇ ਕੰਮ ਕਰਨ ਵਾਲੇ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਹੈ। ਇਸ ਨੇ ਸਿਰਫ ਝੂਠੇ ਵਾਅਦੇ ਕੀਤੇ ਅਤੇ ਦੋਵਾਂ ਮੁੱਦਿਆਂ ‘ਤੇ ਗੁੰਮਰਾਹਕੁੰਨ ਜਾਣਕਾਰੀ ਪੇਸ਼ ਕੀਤੀ। ‘ਆਪ’ ਸਰਕਾਰ ਸੂਬੇ ਦੀ ਆਰਥਿਕਤਾ ਨੂੰ ਵੀ ਸੁਚਾਰੂ ਨਹੀਂ ਬਣਾ ਸਕੀ। ਇਸ ਦੇ ਉਲਟ ‘ਆਪ’ ਦੇ ਦੋ ਸਾਲਾਂ ਦੇ ਸ਼ਾਸਨ ਕਾਲ ਦੌਰਾਨ ਸੂਬੇ ‘ਤੇ ਕਰਜ਼ੇ ਦਾ ਬੋਝ ਵਧਿਆ ਹੈ। ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2024-25 ‘ਚ 30,465 ਕਰੋੜ ਰੁਪਏ ਦਾ ਕਰਜ਼ਾ ਲੈਣ ਦਾ ਅਨੁਮਾਨ ਹੈ।

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਭਰੋਸੇ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ, ਜਿਨ੍ਹਾਂ ਦੀਆਂ ਫ਼ਸਲਾਂ ਹੜ੍ਹਾਂ ਅਤੇ ਬੇਮੌਸਮੀ ਮੀਂਹ ਅਤੇ ਗੜੇਮਾਰੀ ਨਾਲ ਨੁਕਸਾਨੀਆਂ ਗਈਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਦਰਿਆਈ ਪਾਣੀਆਂ ਅਤੇ ਰਾਜਧਾਨੀ ਚੰਡੀਗੜ੍ਹ ‘ਤੇ ਸੂਬੇ ਦੇ ਅਧਿਕਾਰਾਂ ਦੀ ਰਾਖੀ ਕਰਨ ਵਿੱਚ ਵੀ ਅਸਫਲ ਰਹੇ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਤੋਂ 20,000 ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਕੇ 34,000 ਕਰੋੜ ਰੁਪਏ ਦਾ ਮਾਲੀਆ ਇਕੱਠਾ ਨਹੀਂ ਕਰ ਸਕੀ। ਇਸੇ ਤਰ੍ਹਾਂ ਪੰਜਾਬ ਦੀਆਂ ਔਰਤਾਂ ਅਜੇ ਵੀ ਸਰਕਾਰ ਵੱਲੋਂ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਉਡੀਕ ਕਰ ਰਹੀਆਂ ਹਨ।

Leave a Reply

Your email address will not be published. Required fields are marked *