ਕੁੰਵਰ ਵਿਜੇ ਪ੍ਰਤਾਪ ਦੇ ਭਾਸ਼ਣ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਅਤੇ ਜਾਂਚ ਹੋਣੀ ਚਾਹੀਦੀ ਹੈ- ਬਾਜਵਾ

ਪੰਜਾਬ

ਚੰਡੀਗੜ, ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)– ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ‘ਤੇ ਨਸ਼ਾ ਤਸਕਰੀ ਵਿੱਚ ਕਥਿਤ ਤੌਰ ‘ਤੇ ਸ਼ਾਮਲ ਪੁਲਿਸ ਅਧਿਕਾਰੀਆਂ ਨਾਲ ਨੇੜਲੇ ਸਬੰਧ ਹੋਣ ਦਾ ਦੋਸ਼ ਲਾਉਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਇਸ ਮੁੱਦੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ‘ਆਪ’ ਵਿਧਾਇਕ ਨੇ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ‘ਤੇ ਗੰਭੀਰ ਦੋਸ਼ ਲਗਾਏ ਹਨ। ਬਾਜਵਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਸਾਬਕਾ ਆਈਪੀਐਸ ਅਧਿਕਾਰੀ ਹਨ, ਇਸ ਲਈ ਉਨ੍ਹਾਂ ਵੱਲੋਂ ਲਗਾਏ ਗਏ ਦੋਸ਼ ਕਿਸੇ ਵੱਡੇ ਸਬੂਤਾਂ ‘ਤੇ ਅਧਾਰਤ ਹੀ ਹੋਣਗੇ, ਇਸ ਲਈ ਇਸ ਮੁੱਦੇ ‘ਤੇ ਪੂਰੀ ਜਾਂਚ ਹੋਣੀ ਚਾਹੀਦੀ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਜਦੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਹ ਦੋਸ਼ ਲਗਾਏ ਤਾਂ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ। ਉਨ੍ਹਾਂ ਨੂੰ ਇਸ ਮੌਕੇ ਭਰੋਸਾ ਦੇਣਾ ਚਾਹੀਦਾ ਸੀ ਕਿ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾਵੇਗੀ, ਪਰ ਉਹ ਇਸ ਮੁੱਦੇ ‘ਤੇ ਇਕ ਸ਼ਬਦ ਵੀ ਬੋਲਣ ਵਿਚ ਅਸਫਲ ਰਹੇ ਅਤੇ ਚੁੱਪ ਰਹਿਣ ਨੂੰ ਤਰਜੀਹ ਦਿੱਤੀ।

ਰਾਘਵ ਚੱਢਾ ਨੂੰ ਇਲਾਜ ਕਰਵਾਉਣ ਲਈ ਬਰਤਾਨੀਆ ਗਏ ਕਈ ਹਫਤੇ ਹੋ ਗਏ ਹਨ। ਮੇਰਾ ਮੰਨਣਾ ਹੈ ਕਿ ਉਸ ਨੇ ਸਿਰਫ ਇਲਾਜ ਕਰਵਾਉਣ ਦਾ ਬਹਾਨਾ ਬਣਾਇਆ ਅਤੇ ਅਸਲ ਵਿਚ ਉਹ ਸੂਬੇ ਦੀ ਜ਼ਮੀਨੀ ਸਥਿਤੀ ਤੋਂ ਬਚਣਾ ਚਾਹੁੰਦਾ ਹੈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮਾਰਚ 2022 ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਸੂਬੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨਾ ‘ਆਪ’ ਦੇ ਮੁੱਖ ਚੋਣ ਵਾਅਦਿਆਂ ਵਿੱਚੋਂ ਇੱਕ ਸੀ। ਇਸ ਦੌਰਾਨ ‘ਆਪ’ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਸਮਾਂ ਸੀਮਾ ਹੋਰ ਵਧਾ ਦਿੱਤੀ ਹੈ।

ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਰਕਾਰ ਬਣਨ ਦੇ ਚਾਰ ਮਹੀਨਿਆਂ ਦੇ ਅੰਦਰ ਨਸ਼ਿਆਂ ਨੂੰ ਖਤਮ ਕਰਨ ਦਾ ਸੰਕਲਪ ਲਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 15 ਅਗਸਤ, 2023 ਨੂੰ ਇਕ ਹੋਰ ਸਾਲ ਦੀ ਮੰਗ ਕੀਤੀ ਸੀ। ਹੁਣ ‘ਆਪ’ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਹੈ ਕਿ ਸਰਕਾਰ ਇਸ ਸਾਲ 31 ਦਸੰਬਰ ਤੱਕ ਨਸ਼ਿਆਂ ਦਾ ਖਾਤਮਾ ਕਰ ਦੇਵੇਗੀ। ਇਸ ਤਰ੍ਹਾਂ ਉਹ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੇ ਹਨ।

Leave a Reply

Your email address will not be published. Required fields are marked *