ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਗੁਰਦਾਸਪੁਰ ਵਿਖੇ ਫਲੈਗ ਮਾਰਚ

ਗੁਰਦਾਸਪੁਰ

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਅਜ਼ਾਦ, ਸ਼ਾਂਤਮਈ ਅਤੇ ਨਿਰਪੱਖ ਮਹੌਲ ਵਿੱਚ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਤਿਆਰ – ਐੱਸ.ਐੱਸ.ਪੀ. ਹਰੀਸ਼ ਦਾਯਮਾ

ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਦੀ ਅਗਵਾਈ ਹੇਠ ਅੱਜ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਏ.ਆਰ.ਪੀ. ਦੇ ਜਵਾਨਾਂ ਵੱਲੋਂ ਗੁਰਦਾਸਪੁਰ ਸ਼ਹਿਰ ਵਿਖੇ ਫਲੈਗ ਮਾਰਚ ਕੱਢਿਆ ਗਿਆ।  ਇਹ ਫਲੈਗ ਮਾਰਚ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਹਨੂਮਾਨ ਚੌਂਕ, ਗੀਤਾ ਭਵਨ ਚੌਂਕ, ਪੈਟਰੋਲ ਪੰਪ ਸਮੇਤ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦਾ ਵਾਪਸ ਪੁਲਿਸ ਲਾਈਨ ਵਿਖੇ ਪਹੁੰਚ ਕੇ ਸਮਾਪਤ ਹੋਇਆ।

ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੁਲਿਸ ਵਿਭਾਗ ਅਤੇ ਅਰਧ ਸੈਨਿਕ ਬਲਾਂ ਦੀ ਸਮੁੱਚੀ ਟੀਮ ਇਨ੍ਹਾਂ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਤੋਂ ਵੀ ਡਰਨ ਜਾਂ ਦਬਾਅ ਵਿੱਚ ਆਉਣ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ਰਾਹੀਂ ਸਮਾਜ ਵਿਰੋਧੀ ਅਨਸਰਾਂ ਨੂੰ ਵੀ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਉਹ ਚੋਣਾਂ ਦੌਰਾਨ ਡਰ ਜਾਂ ਭੈਅ ਦਾ ਮਹੌਲ ਬਣਾਉਣ ਬਾਰੇ ਸੋਚਣ ਵੀ ਨਾ ਕਿਉਂਕਿ ਪੁਲਿਸ ਵਿਭਾਗ ਅਤੇ ਸਾਡੀਆਂ ਸੁਰੱਖਿਆ ਫੋਰਸਾਂ ਅਜਿਹੇ ਅਨਸਰਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।  

ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਨੇ ਅੱਗੇ ਕਿਹਾ ਕਿ ਵੋਟ ਪਾਉਣਾ ਸਾਰੇ ਵੋਟਰਾਂ ਦਾ ਸੰਵਿਧਾਨਿਕ ਹੱਕ ਅਤੇ ਵੋਟਰ ਬਿਨਾਂ ਕਿਸੇ ਡਰ, ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ਉੱਪਰ ਪਹੁੰਚਣ।  ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲ ਦਿਨ-ਰਾਤ ਲੋਕਾਂ ਦੀ ਸੁਰੱਖਿਆ ਲਈ ਹਾਜ਼ਰ ਹਨ।

Leave a Reply

Your email address will not be published. Required fields are marked *