ਅਧਿਕਾਰੀਆਂ ਨੂੰ ਕਣਕ ਦੀ ਖ਼ਰੀਦ, ਅਦਾਇਗੀ ਅਤੇ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੀਆਂ ਸਖ਼ਤ ਹਦਾਇਤਾਂ ਜਾਰੀ
ਮੰਡੀਆਂ ਵਿੱਚ ਫ਼ਸਲ ਵੇਚਣ ਆਏ ਕਿਸਾਨਾਂ ਦੀ ਖ਼ੱਜਲ-ਖ਼ੁਆਰੀ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ
ਅਧਿਕਾਰੀ ਨਿੱਜੀ ਤੌਰ ‘ਤੇ ਮੰਡੀਆਂ ਵਿੱਚ ਜਾ ਕੇ ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਕਰਨ
ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਣਕ ਦੀ ਖ਼ਰੀਦ ਵਿੱਚ ਲੱਗੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਜਾਂ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਣਗਹਿਲੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅੱਜ ਸਵੇਰੇ 8:30 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਇੰਸਪੈਕਟਰਾਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਦਾ ਰੀਵਿਊ ਕਰ ਰਹੇ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀ ਇਕੱਲੀ-ਇਕੱਲੀ ਮੰਡੀ ਵਿੱਚ ਕਣਕ ਦੀ ਆਮਦ, ਖ਼ਰੀਦ, ਲਿਫ਼ਟਿੰਗ ਅਤੇ ਹੋਰ ਪ੍ਰਬੰਧਾਂ ਬਾਰੇ ਸਬੰਧਿਤ ਮੰਡੀ ਦੇ ਇੰਸਪੈਕਟਰਾਂ ਕੋਲੋਂ ਜਾਣਕਾਰੀ ਹਾਸਲ ਕੀਤੀ ਅਤੇ ਖ਼ਰੀਦ ਪ੍ਰਬੰਧਾਂ ਵਿੱਚ ਲੱਗੇ ਅਮਲੇ ਨੂੰ ਸਖ਼ਤ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆ ਰਹੀ ਕਣਕ ਦੀ ਫ਼ਸਲ ਨੂੰ ਬਿਨਾਂ ਕਿਸੇ ਦੇਰੀ ਖ਼ਰੀਦਿਆ ਜਾਵੇ। ਉਨ੍ਹਾਂ ਕਿਹਾ ਕਿ 48 ਘੰਟੇ ਦੇ ਅੰਦਰ ਖ਼ਰੀਦੀ ਫ਼ਸਲ ਦੀ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਹੀ ਉਨ੍ਹਾਂ ਮੰਡੀਆਂ ਵਿੱਚ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਕਿਹਾ ਕਿ ਹਰ ਮੰਡੀ ਇੰਸਪੈਕਟਰ ਇਹ ਯਕੀਨੀ ਬਣਾਵੇਗਾ ਕਿ ਖ਼ਰੀਦੀ ਗਈ ਕਣਕ ਦੀ ਫ਼ਸਲ ਦੀ ਨਾਲ ਦੀ ਨਾਲ ਹੀ ਲਿਫ਼ਟਿੰਗ ਹੋਵੇ ਤਾਂ ਜੋ ਮੰਡੀਆਂ ਵਿੱਚ ਕਿਸਾਨਾਂ ਨੂੰ ਜਗਾ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ-ਖ਼ੁਆਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਧਿਕਾਰੀ ਨਿੱਜੀ ਤੌਰ ‘ਤੇ ਮੰਡੀਆਂ ਵਿੱਚ ਜਾ ਕੇ ਕਣਕ ਦੀ ਖ਼ਰੀਦ ਦੀ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਫੂਡ ਸਪਲਾਈ ਵਿਭਾਗ ਅਤੇ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਇਹ ਯਕੀਨੀ ਬਣਾਉਣਗੇ ਕਿ ਜਿਹੜੀ ਕਣਕ ਦੀ ਢੇਰੀ ਖ਼ਰੀਦ ਦੇ ਨਿਰਧਾਰਿਤ ਮਾਪਦੰਡਾਂ ਨੂੰ ਪੂਰਾ ਕਰਦੀ ਹੈ ਉਸਦੀ ਤੁਰੰਤ ਖ਼ਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਦੌਰਾਨ ਜੇਕਰ ਕਿਸੇ ਵੀ ਪੱਧਰ ‘ਤੇ ਕੋਈ ਅਣਗਹਿਲੀ ਸਾਹਮਣੇ ਆਈ ਤਾਂ ਸਬੰਧਿਤ ਅਧਿਕਾਰੀ ਜਾਂ ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਕਣਕ ਦੀ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕਿਸੇ ਕਿਸਾਨ ਭਰਾ ਨੂੰ ਕਿਤੇ ਵੀ ਖ਼ਰੀਦ ਜਾਂ ਅਦਾਇਗੀ ਵਿੱਚ ਦਿੱਕਤ ਆ ਰਹੀ ਹੈ ਤਾਂ ਉਹ ਸਰਕਾਰ ਦੇ ਟੋਲ ਫ਼ਰੀ ਨੰਬਰ 1100 ਉੱਤੇ ਸੂਚਨਾ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਵੱਲੋਂ ਦਿੱਤੀ ਸੂਚਨਾ ਉੱਤੇ ਫ਼ੌਰੀ ਕਾਰਵਾਈ ਕੀਤੀ ਜਾਵੇਗੀ।