ਖਾਮੀਆਂ ਪਾਏ ਜਾਣ ‘ਤੇ 17 ਸਕੂਲੀ ਵਾਹਨਾਂ ਦੇ ਚਲਾਨ ਕੀਤੇ
ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ, ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੇਫ਼ ਸਕੂਲ ਵਾਹਨ ਪਾਲਿਸੀ 2013 ਤਹਿਤ ਸੁਨੀਲ ਕੁਮਾਰ ਜੋਸ਼ੀ, ਬਾਲ ਸੁਰੱਖਿਆ ਅਫ਼ਸਰ, ਗੁਰਦਾਸਪੁਰ ਅਤੇ ਸੋਸ਼ਲ ਵਰਕਰ ਧੀਰਜ ਕੁਮਾਰ ਸ਼ਰਮਾ ਵੱਲੋਂ ਟਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਮੁਹਿੰਮ ਤਹਿਤ ਸੇਂਟ ਫਰਾਂਸਿਸ ਸਕੂਲ ਬਟਾਲਾ, ਮੈਰੀਗੋਲਡ ਸਕੂਲ ਅਲੀਵਾਲ ਅਤੇ ਵਿਨਫੋਰਡ ਵਰਲਡ ਸਕੂਲ, ਬੁੱਲ੍ਹੋਵਾਲ ਦੇ ਸਕੂਲ ਵਾਹਨਾਂ ਨੂੰ ਚੈੱਕ ਕੀਤਾ ਗਿਆ। ਇਸ ਦੌਰਾਨ ਇਨ੍ਹਾਂ ਸਕੂਲਾਂ ਦੇ ਬੱਚਿਆਂ ਨੂੰ ਲਿਜਾਣ ਵਾਲੇ ਕੁਝ ਵਾਹਨਾਂ ਵਿੱਚ ਖ਼ਾਮੀਆਂ ਪਾਈਆਂ ਗਈਆਂ, ਜਿਸ ਤਹਿਤ 17 ਵਾਹਨਾਂ ਦੇ ਮੌਕੇ ‘ਤੇ ਚਲਾਨ ਕੀਤੇ ਗਏ।
ਇਸ ਮੌਕੇ ਚੈਕਿੰਗ ਟੀਮ ਨੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ਼ ਸਕੂਲ ਵਾਹਨ ਪਾਲਿਸੀ 2013 ਦੀ ਇੰਨ ਬਿਨ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜਿਹੜਾ ਵੀ ਸਕੂਲ ਸੇਫ਼ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸੁਨੀਲ ਜੋਸ਼ੀ, ਬਾਲ ਸੁਰੱਖਿਆ ਅਫ਼ਸਰ, ਗੁਰਦਾਸਪੁਰ ਨੇ ਕਿਹਾ ਕਿ ਇਹ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਪੂਰਨ ਤਰੀਕੇ ਨਾਲ ਲਾਗੂ ਕਰਵਾਉਣ ਲਈ ਉਪਰਾਲੇ ਕੀਤੇ ਜਾਣਗੇ।