ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ

ਗੁਰਦਾਸਪੁਰ

ਕਣਕ ਦੀ ਸਮੇਂ ਸਿਰ ਅਦਾਇਗੀ ਕਰਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਸੂਬੇ ਭਰ ਵਿਚੋਂ ਮੋਹਰੀ

ਪਿਛਲੇ 6 ਦਿਨਾਂ ਤੋਂ ਲਿਫ਼ਟਿੰਗ ਵਿੱਚ ਬਹੁਤ ਵਧੀਆ ਕਾਰਗੁਜ਼ਾਰੀ

ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਗੁਰਦਾਸਪੁਰ ਜ਼ਿਲ੍ਹਾ ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਜਲਦ ਅਦਾਇਗੀ ਕਰਨ ਵਿੱਚ ਸੂਬੇ ਭਰ ਵਿੱਚੋਂ ਮੋਹਰੀ ਚੱਲ ਰਿਹਾ ਹੈ। ਇਸ ਤੋਂ ਇਲਾਵਾ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਕਰਨ ਦੇ ਮਾਮਲੇ ਵਿੱਚ ਵੀ ਜ਼ਿਲ੍ਹਾ ਗੁਰਦਾਸਪੁਰ ਦੀ ਲਗਾਤਾਰ ਛੇਵੇਂ ਦਿਨ ਬਿਹਤਰ ਕਾਰਗੁਜ਼ਾਰੀ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ  330039 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਜਲਦ ਅਦਾਇਗੀ ਕਰਨ ਵਿੱਚ ਜ਼ਿਲ੍ਹਾ ਗੁਰਦਾਸਪੁਰ ਸੂਬੇ ਭਰ ਵਿੱਚੋਂ ਮੋਹਰੀ ਚੱਲ ਰਿਹਾ ਹੈ ਅਤੇ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 808.55 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਜੋ ਕਿ 108 ਫ਼ੀਸਦੀ ਬਣਦਾ ਹੈ।  

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ ਇਸ ਲਈ ਖ਼ਰੀਦੀ ਗਈ ਕਣਕ ਦੀ ਲਿਫ਼ਟਿੰਗ ਵੀ ਨਾਲ ਦੀ ਨਾਲ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਲਿਫ਼ਟਿੰਗ ਕਰਨ ਦੇ ਮਾਮਲੇ ਵਿੱਚ ਵੀ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਬਿਹਤਰ ਕਾਰਗੁਜ਼ਾਰੀ ਦਿਖਾਉਂਦਿਆਂ ਪਿਛਲੇ ਸਾਲ ਦੀ ਇੱਕ ਦਿਨ ਵਿੱਚ ਸਭ ਤੋਂ ਵੱਧ ਲਿਫ਼ਟਿੰਗ ਦੇ ਰਿਕਾਰਡ ਨੂੰ ਪਿਛਲੇ 6 ਦਿਨਾਂ ਤੋਂ ਲਗਾਤਾਰ ਪਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖ਼ਰੀਦੀ ਗਈ ਕਣਕ ਦੀ ਬਿਨਾਂ ਕਿਸੇ ਦੇਰੀ ਲਿਫ਼ਟਿੰਗ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਥਾਂ ਦੀ ਕੋਈ ਕਮੀ ਨਾ ਆਵੇ।

Leave a Reply

Your email address will not be published. Required fields are marked *