ਬੁਢਲਾਡਾ, ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ)– ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਆਇਸਾ ਦੀ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਇਕਾਈ ਵੱਲੋਂ ਜ਼ਿਲ੍ਹਾ ਕਮੇਟੀ ਮੈਂਬਰ ਸੱਤਨਾਮ ਸਿੰਘ ਗੰਢੂ ਖੁਰਦ ਅਤੇ ਜਿਲ੍ਹਾ ਸੋਸ਼ਲ ਮੀਡੀਆ ਸਕੱਤਰ ਅਮਨਦੀਪ ਸਿੰਘ ਰਾਮਪੁਰ ਮੰਡੇਰ ਦੀ ਅਗਵਾਈ ਵਿੱਚ, ਵਿਦਿਆਰਥੀਆਂ ਨੂੰ ਰੋਲ ਨੰਬਰ ਜਾਰੀ ਨਾਂ ਕਰਨ ਦੇ ਰੋਸ ਵਜੋਂ ਕਾਲਜ ਪ੍ਰਿੰਸੀਪਲ ਨੂੰ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਆਇਸਾ ਦੇ ਜ਼ਿਲ੍ਹਾ ਕਮੇਟੀ ਮੈਂਬਰ ਸੱਤਨਾਮ ਸਿੰਘ ਗੰਢੂ ਖੁਰਦ ਅਤੇ ਜਿਲ੍ਹਾ ਸੋਸ਼ਲ ਮੀਡੀਆ ਸਕੱਤਰ ਅਮਨਦੀਪ ਸਿੰਘ ਰਾਮਪੁਰ ਮੰਡੇਰ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਜਿੱਥੇ ਵਿਦਿਆਰਥੀਆਂ ਦੀ ਵਜੀਫਾ ਰਾਸ਼ੀ ਜਾਰੀ ਕਰਨ ਦੇ ਵਿੱਚ ਕੁਤਾਹੀ ਕੀਤੀ ਜਾ ਰਹੀ ਹੈ, ਉਥੇ ਨਾਲ ਹੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਰੁਕੀ ਹੋਈ ਵਜੀਫਾ ਰਾਸ਼ੀ ਵੀ ਜਾਰੀ ਨਹੀਂ ਕੀਤੀ ਗਈ, ਜਿਸ ਕਰਕੇ ਜ਼ਿਲੇ ਦੇ ਵੱਖ ਵੱਖ ਕਾਲਜਾਂ ਦੇ ਪ੍ਰਸਾਸ਼ਨ ਵੱਲੋਂ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਰੋਲ ਨੰਬਰ ਜਾਰੀ ਨਹੀਂ ਕੀਤੇ ਜਾ ਰਹੇ ਅਤੇ ਪੂਰੀਆਂ ਫ਼ੀਸਾਂ ਭਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਦੀ ਲੰਬੇ ਸਮੇਂ ਤੋਂ ਰੁਕੀ ਹੋਈ ਵਜੀਫਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ , ਵਜੀਫਾ ਫ਼ਾਰਮ ਭਰਨ ਲਈ ਲਗਾਈਆਂ ਗਈਆਂ ਵਾਧੂ ਸ਼ਰਤਾਂ ਤੁਰੰਤ ਹਟਾਈਆਂ ਜਾਣ, ਵਿਦਿਆਰਥੀਆਂ ਨੂੰ ਬਿਨਾਂ ਸ਼ਰਤ ਰੋਲ਼ ਨੰਬਰ ਜਾਰੀ ਕੀਤੇ ਜਾਣ,ਆਗੂਆਂ ਨੇ ਕਿਹਾ ਕਿ ਮੰਗਾਂ ਦਾ ਹੱਲ ਨਾ ਕੀਤੇ ਜਾਣ ਤੇ ਵਿਦਿਆਰਥੀਆਂ ਦੀ ਲਾਮਬੰਦੀ ਕਰਦਿਆਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਆਇਸਾ ਦੀ ਕਾਲਜ ਕਮੇਟੀ ਦੀ ਆਗੂ ਸੀਮਾ ਕੌਰ ਗੁੜੱਦੀ,ਮਨਪ੍ਰੀਤ ਕੌਰ ਰੰਗੜਿਆਲ, ਸਿਮਰਜੀਤ ਕੌਰ, ਹਰਜਿੰਦਰ ਕੌਰ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਅਤੇ ਦੀਪਕ ਸਿੰਘ ਆਦਿ ਵਿਦਿਆਰਥੀ ਹਾਜ਼ਰ ਸਨ।