11 ਮਈ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ

ਗੁਰਦਾਸਪੁਰ

ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਲੋਕ – ਜ਼ਿਲ੍ਹਾ ਤੇ ਸੈਸ਼ਨ ਜੱਜ

ਗੁਰਦਾਸਪੁਰ, 10 ਮਈ ( ਸਰਬਜੀਤ ਸਿੰਘ ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ 11 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।  

11 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ  ਵਿੱਚ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ, ਵਾਟਰ ਸਪਲਾਈ, ਹਾਊਸ ਟੈਕਸ, ਸਾਈਟ ਪਲੈਨ ਆਦਿ, ਸਾਰੇ ਤਰਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਿਤ ਕੋਰਟ ਵਿੱਚ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ  ਲੋਕ ਅਦਾਲਤ  ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ  ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ  ਦਾ ਫ਼ੈਸਲਾ ਅੰਤਿਮ ਹੁੰਦਾ ਹੈ।

ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਕਿਹਾ ਕਿ ਨੈਸ਼ਨਲ  ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿੱਥੇ ਲੋਕਾਂ ਦੇ ਪੈਸੇ ਦੀ ਬੱਚਤ ਹੁੰਦੀ ਹੈ ਉੱਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ। ਜੇਕਰ ਲੋਕ ਅਦਾਲਤ  ਵਿੱਚ ਕੇਸ ਦਾ ਫ਼ੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿੱਚ ਲੱਗੀ ਕੋਰਟ ਫ਼ੀਸ ਵੀ ਵਾਪਸ ਹੋ ਜਾਂਦੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿੱਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।

Leave a Reply

Your email address will not be published. Required fields are marked *