ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਵਿਚ ਪਿੰਡ ਕਾਲਾ ਨੰਗਲ ਵਿਖੇ ਅਕਾਲੀ ਆਗੂ ਅਵਤਾਰ ਸਿੰਘ ਸਰਪੰਚ ਵਲੋਂ ਚੋਣ ਮੀਟਿੰਗ ਕਰਵਾਈ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਥੇਬੰਦੀ ਹੈ, ਜਿਸ ਨੇ ਹਮੇਸ਼ਾ ਆਪਣੇ ਸਿਧਾਂਤਾਂ ‘ਤੇ ਪਹਿਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਤੋਂ ਪਹਿਲਾਂ ਕੁਝ ਮੁੱਦੇ ਚੁੱਕੇ ਸਨ; ਜਿਨ੍ਹਾਂ ਵਿਚ ਕਿਸਾਨਾਂ ਲਈ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ, ਬੰਦੀ ਸਿੰਘਾਂ ਦੀ ਰਿਹਾਈ, ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਰਕਾਰੀ ਦਖ਼ਲਅੰਦਾਜ਼ੀ ਬੰਦ ਕਰਨ ਅਤੇ ਘੱਟ-ਗਿਣਤੀਆਂ ਨਾਲ ਹੋ ਰਹੇ ਵਿਤਕਰੇ ਨੂੰ ਬੰਦ ਕਰਨ ਲਈ ਕੇਂਦਰ ਸਰਕਾਰ ਭਰੋਸਾ ਦੇਵੇ, ਪਰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੇ ਇਨ੍ਹਾਂ ਮਸਲਿਆਂ ਵੱਲ ਬਿਲਕੁਲ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ, ਜਿਸ ਕਰਕੇ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਤੋਂ ਸਾਫ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਲੰਬੇ ਅਰਸੇ ਬਾਅਦ ਆਪਣੇ ਚੋਣ ਨਿਸ਼ਾਨ ‘ਤੇ ਚੋਣ ਲੜ ਰਿਹਾ ਹੈ, ਜਿਸ ਨੂੰ ਲੈ ਕੇ ਟਕਸਾਲੀ ਅਕਾਲੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ ਨੇ ਆਖਿਆ ਕਿ ਇਸ ਵਾਰ ਲੋਕ ਸਭਾ ਚੋਣਾਂ ਪੰਜਾਬ ਦੀ ਅਣਖ ਤੇ ਹੋਂਦ ਦੀ ਲੜਾਈ ਹਨ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣਾ ਵੱਡੀ ਲੋੜ ਹੈ। ਅਕਾਲੀ ਆਗੂ ਅਵਤਾਰ ਸਿੰਘ ਸਰਪੰਚ ਨੇ ਆਖਿਆ ਕਿ ਡਾ. ਚੀਮਾ ਨੂੰ ਜਿਤਾਉਣ ਲਈ ਅਕਾਲੀ ਦਲ ਦੇ ਵਰਕਰ ਦਿਨ-ਰਾਤ ਇਕ ਕਰ ਦੇਣਗੇ।
ਇਸ ਮੌਕੇ ਜਥੇਦਾਰ ਕਿਰਪਾਲ ਸਿੰਘ ਗੁੰਜੀਆਂ ਪ੍ਰਧਾਨ ਦਿਹਾਤੀ ਗੁਰਦਾਸਪੁਰ, ਯੂਥ ਆਗੂ ਅਮਰਜੋਤ ਸਿੰਘ ਬੱਬੇਹਾਲੀ, ਅਵਤਾਰ ਸਿੰਘ ਸਰਪੰਚ ਸਰਕਲ ਪ੍ਰਧਾਨ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਕੈਪਟਨ ਹਰਭਜਨ ਸਿੰਘ, ਹਰਜਿੰਦਰ ਸਿੰਘ ਸਾਬਕਾ ਸਰਪੰਚ, ਨੰਬਰਦਾਰ ਗੁਰਚਰਨ ਸਿੰਘ, ਕਰਨੈਲ ਸਿੰਘ ਥਾਣੇਦਾਰ, ਧਿਆਨ ਸਿੰਘ ਅਤੇ ਹਰਬੰਸ ਸਿੰਘ ਕਾਲਾ ਨੰਗਲ ਆਦਿ ਵੀ ਹਾਜ਼ਰ ਸਨ।