ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿਖੇ ਵਿਧਾਨ ਸਭਾ ਹਲਕਾ ਦੀਨਾਨਗਰ ਦੀਆਂ ਈ.ਵੀ.ਐੱਮ. ਮਸ਼ੀਨਾਂ ਦੇ ਸਟਰਾਂਗ ਰੂਮ ਦੀ ਸੁਰੱਖਿਆ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਐੱਸ.ਡੀ.ਐੱਮ.-ਕਮ-ਏ.ਆਰ.ਓ. ਦੀਨਾਨਗਰ ਗੁਰਦੇਵ ਸਿੰਘ ਧਾਮ ਵੀ ਮੌਜੂਦ ਸਨ।
ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿਖੇ ਬਣਾਏ ਗਏ ਸਟਰਾਂਗ ਰੂਮ ਦਾ ਨਿਰੀਖਣ ਕਰਨ ਉਪਰੰਤ ਕੀਤੇ ਗਏ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਸਟਰਾਂਗ ਰੂਮ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿੱਥੇ 24 ਘੰਟੇ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ), ਹਥਿਆਰਬੰਦ ਪੁਲਿਸ ਅਤੇ ਪੰਜਾਬ ਪੁਲਿਸ ਤਾਇਨਾਤੀ ਦੇ ਨਾਲ ਤਿੰਨ ਪੱਧਰੀ ਸੁਰੱਖਿਆ ਉਪਾਅ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸੁਰੱਖਿਆ ਬਲ 24 ਘੰਟੇ ਸਟਰਾਂਗ ਰੂਮਾਂ ਦੀ ਸਖ਼ਤ ਨਿਗਰਾਨੀ ਕਰ ਰਹੇ ਹਨ। ਇਸ ਤੋਂ ਇਲਾਵਾ ਹਰੇਕ ਸਟਰਾਂਗ ਰੂਮਾਂ ਦੀ ਨਿਗਰਾਨੀ ਲਈ ਸੀ.ਸੀ.ਟੀਵੀ ਕੈਮਰੇ ਵੀ ਲਗਾਏ ਗਏ ਹਨ। ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਚੋਣਾਂ ਲਈ ਪੁਰੀ ਤਰ੍ਹਾਂ ਤਿਆਰ ਹੈ ਅਤੇ 1 ਜੂਨ ਨੂੰ ਲੋਕ ਸਭਾ ਚੋਣਾਂ ਪੂਰੀ ਤਰਾਂ ਆਜ਼ਾਦਾਨਾ, ਨਿਰਪੱਖ ਅਤੇ ਸ਼ਾਂਤਮਈ ਮਹੌਲ ਵਿੱਚ ਕਰਵਾਈਆਂ ਜਾਣਗੀਆਂ।