ਬੰਦੀ ਸਿੰਘਾਂ ਦੀ ਰਿਹਾਈ ਲਈ ਧਾਰੀਵਾਲ ਵਿੱਚ ਰੋਸ ਮਾਰਚ ਤੇ ਵਿਸ਼ਾਲ ਧਰਨਾ

ਗੁਰਦਾਸਪੁਰ

ਧਾਰੀਵਾਲ, ਗੁਰਦਾਸਪੁਰ, 21 ਅਗਸਤ (‌ ਸਰਬਜੀਤ ਸਿੰਘ)– ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਸਮਰਥਨ ਵਿੱਚ ਅੱਜ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਵੱਲੋਂ ਧਾਰਮਿਕ, ਸਮਾਜਿਕ ਅਤੇ ਹੋਰ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਧਾਰੀਵਾਲ ਸ਼ਹਿਰ ਦੇ ਬਾਜ਼ਾਰ ਵਿੱਚ ਰੋਸ ਮਾਰਚ ਕੀਤਾ ਗਿਆ। ਰੋਸ ਮਾਰਚ ਉਪਰੰਤ ਸਥਾਨਕ ਬੱਸ ਸਟੈਂਡ ਚੌਂਕ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ।

ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਲੰਬੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲੰਬੇ ਸਮੇਂ ਤੋਂ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 7 ਜਨਵਰੀ 2023 ਤੋਂ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਧਰਨਾ ਚੱਲ ਰਿਹਾ ਹੈ, ਪਰ ਸਰਕਾਰ ਵੱਲੋਂ ਇਸ ਗੰਭੀਰ ਮਾਮਲੇ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

ਭੋਜਰਾਜ ਨੇ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਨਿਰਧਾਰਤ ਸਜ਼ਾਵਾਂ ਤੋਂ ਵੀ ਕਈ ਗੁਣਾ ਵੱਧ ਸਮਾਂ ਜੇਲ੍ਹਾਂ ਵਿੱਚ ਬਿਤਾ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਬੰਦੀ ਸਿੰਘਾਂ ਨੂੰ ਲੰਬੇ ਸਮੇਂ ਤੱਕ ਜੇਲ੍ਹਾਂ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਅਤੇ ਨਿਆਂ ਦੇ ਮੂਲ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਨੂੰ ਸਿਰਫ਼ ਕਾਨੂੰਨੀ ਨਹੀਂ, ਸਗੋਂ ਮਨੁੱਖੀ ਅਤੇ ਸੰਵੇਦਨਸ਼ੀਲ ਪੱਖ ਤੋਂ ਵੀ ਦੇਖਣਾ ਚਾਹੀਦਾ ਹੈ।

ਕਿਸਾਨ ਆਗੂ ਭੋਜਰਾਜ ਨੇ ਸਰਕਾਰ ਤੋਂ ਮੰਗ ਕੀਤੀ ਕਿ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਗਵਰਨਰ ਹਾਊਸ ਵੱਲ ਸ਼ਾਂਤਮਈ ਪ੍ਰਦਰਸ਼ਨ ਕਰਦੇ ਸਮੇਂ ਜਿਨ੍ਹਾਂ ਆਗੂਆਂ ਅਤੇ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਮੁਕੱਦਮੇ ਵਾਪਸ ਲਏ ਜਾਣ।

ਉਨ੍ਹਾਂ ਇਹ ਵੀ ਮੰਗ ਕੀਤੀ ਕਿ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪੰਜਾਬ ਲਿਆ ਕੇ ਉਨ੍ਹਾਂ ਦੀ ਰਿਹਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ।

ਭੋਜਰਾਜ ਨੇ ਪੰਜਾਬ ਬੰਦ ਦੌਰਾਨ ਸਹਿਯੋਗ ਦੇਣ ਲਈ ਧਾਰੀਵਾਲ ਸ਼ਹਿਰ ਦੇ ਸਮੂਹ ਦੁਕਾਨਦਾਰਾਂ, ਰੇਹੜੀ-ਫੜ੍ਹੀ ਵਾਲਿਆਂ, ਟੈਕਸੀ ਸਟੈਂਡ ਦੇ ਮੈਂਬਰਾਂ, ਦਲਿਤ ਭਲਾਈ ਮੋਰਚੇ ਅਤੇ ਸਮੂਹ ਸਮਾਜਿਕ, ਧਾਰਮਿਕ ਅਤੇ ਗੁਰਦੁਆਰਾ ਕਮੇਟੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿਰਫ਼ ਕਿਸੇ ਇੱਕ ਜਥੇਬੰਦੀ ਦਾ ਨਹੀਂ, ਸਗੋਂ ਨਿਆਂ, ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੇ ਰਾਜ ਨਾਲ ਜੁੜਿਆ ਹੋਇਆ ਮਸਲਾ ਹੈ।

ਇਸ ਮੌਕੇ ਧਰਨੇ ਨੂੰ ਸਮਾਜ ਸੇਵਕ ਦਲਬੀਰ ਸਿੰਘ ਚਾਹਲ, ਬੀ ਕੇ ਯੂ ਮਾਝਾ ਤੋਂ ਰਜਿੰਦਰ ਸਿੰਘ ਜਫਰਵਾਲ, ਬੀ ਕੇ ਯੂ ਰਾਜੇਵਾਲ ਤੋਂ ਹਰਦੇਵ ਸਿੰਘ ਮਾਲੀ ਸਮਰਾ, ਅਕਾਲੀ ਦਲ ਵਾਰਸ ਪੰਜਾਬ ਦੇ ਮੀਤ ਪ੍ਰਧਾਨ ਫੌਜੀ ਸਿਮਰਨਜੀਤ ਸਿੰਘ, ਸਕੱਤਰ ਸੁਖਦੇਵ ਸਿੰਘ, ਪੰਕਜ਼ ਸਿੰਘ ਲੇਹਲ,ਧਰਮਪ੍ਰੀਤ ਸਿੰਘ ਸੰਘਰ, ਸੁਖਜਿੰਦਰ ਸਿੰਘ ਬੜੋਏ, ਚੇਅਰਮੈਨ ਵਾਲਮੀਕੀ ਸਮਾਜ ਗੁਰਦਾਸਪੁਰ ਨਿਸ਼ਾਨ ਸਿੰਘ ਗਿੱਲ, ਪ੍ਰਧਾਨ ਅਮਰਜੀਤ ਸਿੰਘ ਬਸਰਾ,ਐਡਵੋਕੇਟ ਇੰਦਰਜੀਤ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਵਡਾਲਾ ਬਾਂਗਰ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਧਾਰੀਵਾਲ, ਬੀਕੇਯੂ ਉਗਰਾਹਾ ਤੋਂ ਸਵਰਨ ਸਿੰਘ ਕਲੇਰ, ਦਮਦਮੀ ਟਕਸਾਲ ਮਹਿਤਾ ਦੇ ਵਿਦਿਆਰਥੀ ਭਾਈ ਜੋਰਾਵਰ ਸਿੰਘ, ਹਰਦੀਪ ਸਿੰਘ ਅਤੇ ਸੰਦੀਪ ਸਿੰਘ ਜੋਗੋਵਾਲ ਜੱਟਾਂ ਸਮੇਤ ਵੱਖ-ਵੱਖ ਆਗੂਆਂ ਨੇ ਸੰਬੋਧਨ ਕੀਤਾ।

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਹੋਰ ਦੇਰੀ ਨਾ ਕੀਤੀ ਜਾਵੇ ਅਤੇ ਮਨੁੱਖੀ ਅਧਿਕਾਰਾਂ, ਨਿਆਂ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਫ਼ੈਸਲਾ ਲਿਆ ਜਾਵੇ।

ਜਾਰੀ ਕਰਤਾ:
ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ

Leave a Reply

Your email address will not be published. Required fields are marked *