ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੋਲਿੰਗ ਸਟੇਸ਼ਨਾਂ ਉੱਪਰ ਵੋਟਰਾਂ ਦੀ ਸਹੂਲਤ ਲਈ ਕੀਤੇ ਜਾਣਗੇ ਵਿਸ਼ੇਸ਼ ਪ੍ਰਬੰਧ – ਜ਼ਿਲ੍ਹਾ ਚੋਣ ਅਧਿਕਾਰੀ

ਗੁਰਦਾਸਪੁਰ

ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ‘ਤੇ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤੇ ਜਾਣਗੇ

ਗੁਰਦਾਸਪੁਰ, 28 ਮਈ ( ਸਰਬਜੀਤ ਸਿੰਘ) – 1 ਜੂਨ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਹਰ ਪੋਲਿੰਗ ਸਟੇਸ਼ਨ ਉੱਪਰ ਲਈ ਚੋਣ ਅਮਲੇ ਅਤੇ ਵੋਟਰਾਂ ਲਈ ਗਰਮੀ ਤੋਂ ਬਚਾਅ ਲਈ ਪੱਖੇ ਅਤੇ ਕੂਲਰਾਂ ਦੇ ਪ੍ਰਬੰਧ ਕੀਤੇ ਜਾਣਗੇ। ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਉੱਪਰ ਵੋਟਰਾਂ ਲਈ ਠੰਢੀਆਂ ਛਬੀਲਾਂ ਦਾ ਪ੍ਰਬੰਧ ਕੀਤਾ ਜਾਵੇਗਾ। ਪੋਲਿੰਗ ਸਟਾਫ਼ ਲਈ ਵਿਸ਼ੇਸ਼ ਤੌਰ ‘ਤੇ ਲੱਸੀ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੋਲਿੰਗ ਪਾਰਟੀ ਦੇ ਹਰ ਮੈਂਬਰ ਨੂੰ ਹਾਈਜੀਨ ਕਿੱਟ ਵੀ ਦਿੱਤੀ ਜਾਵੇਗੀ। ਹਰ ਪੋਲਿੰਗ ਸਟੇਸ਼ਨ ਉੱਪਰ ਵੋਟਰਾਂ ਦੀ ਸਹਾਇਤਾ ਲਈ ਬੀ.ਐੱਲ.ਓਜ਼ ਅਤੇ ਵਲੰਟੀਅਰ ਵੱਲੋਂ ਵੋਟਰ ਅਸਿਸਟੈਂਟ ਬੂਥ ਸਥਾਪਤ ਕੀਤੇ ਜਾਣਗੇ।

ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਸ ਵਾਰ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 7 ਵਿਧਾਨ ਸਭਾ ਹਲਕਿਆਂ ਵਿੱਚ 7 ਪੋਲਿੰਗ ਬੂਥ ਪਿੰਕ ਬੂਥ ਬਣਾਏ ਜਾਣਗੇ। ਇਨ੍ਹਾਂ ਪਿੰਕ ਪੋਲਿੰਗ ਬੂਥਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬਾਬੋਵਾਲ, ਸਰਕਾਰੀ ਪ੍ਰਾਇਮਰੀ ਸਕੂਲ ਝੰਡੇ ਚੱਕ, ਅਹਿਮਦੀਆ ਕੰਪਿਊਟਰ ਸੈਕਸ਼ਨ ਕਾਦੀਆਂ, ਸਰਕਾਰੀ ਪ੍ਰਾਇਮਰੀ ਸਕੂਲ ਅਬਾਦੀ ਗੌਂਸਪੁਰਾ ਬਟਾਲਾ, ਸਰਕਾਰੀ ਗਰਲਜ਼ ਸੀਨੀਅਰ ਸਕੈਂਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਸਾਹਿਬ (ਸੈਂਟਰ), ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਫ਼ਤਹਿਗੜ੍ਹ ਚੂੜੀਆਂ ਅਤੇ ਸਰਕਾਰੀ ਮਿਡਲ ਸਕੂਲ ਹਰੂਵਾਲ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਗਰੀਨ ਪੋਲਿੰਗ ਬੂਥ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਕੰਨਿਆ) ਧਰਮਪੁਰਾ ਕਾਲੋਨੀ ਬਟਾਲਾ ਵਿਖੇ ਸਥਾਪਤ ਕੀਤਾ ਜਾਵੇਗਾ। ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਤਿੱਬੜ ਵਿਖੇ ਯੂਥ ਪੋਲਿੰਗ ਸਟੇਸ਼ਨ ਸਥਾਪਤ ਕੀਤਾ ਜਾਵੇਗਾ ਜਿੱਥੇ ਸਾਰਾ ਸਟਾਫ਼ ਨੌਜਵਾਨ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਗੁਰੂ ਨਾਨਕ ਖ਼ਾਲਸਾ ਮਿਡਲ ਸਕੂਲ (ਗਰਲਜ਼) ਗੁਰਦਾਸਪੁਰ ਵਿਖੇ ਸਥਾਪਤ ਕੀਤਾ ਜਾਵੇਗਾ ਇਸ ਬੂਥ ਨੂੰ ਪੀ.ਡਬਲਿਊ.ਡੀ. ਕਰਮਚਾਰੀਆਂ ਵੱਲੋਂ ਚਲਾਇਆ ਜਾਵੇਗਾ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਪੀ.ਡਬਲਿਊ.ਡੀ. ਵੋਟਰਾਂ ਦੀ ਸਹੂਲਤ ਲਈ ਹਰ ਪੋਲਿੰਗ ਸਟੇਸ਼ਨ ਉੱਪਰ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਹਰੇਕ ਪੋਲਿੰਗ ਸਟੇਸ਼ਨ ਉੱਪਰ ਵੋਟਰ ਫੈਸਲੀਏਸ਼ਨ ਪੋਸਟਰ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕਰਕੇ ਮਾਣਯੋਗ ਚੋਣ ਕਮਿਸ਼ਨ ਦੇ ਟੀਚੇ ‘ਇਸ ਵਾਰ 70 ਪਾਰ’ ਨੂੰ ਪੂਰਾ ਕੀਤਾ ਜਾਵੇਗਾ।

Leave a Reply

Your email address will not be published. Required fields are marked *