ਚੋਣ ਕਮਿਸ਼ਨ ਦੇ ਟੀਚੇ “ਇਸ ਵਾਰ 70 ਪਾਰ” ਨੂੰ ਪੂਰਾ ਕਰਨ ਲਈ ਚੋਣ ਅਮਲਾ ਪੂਰੀ ਤਨਦੇਹੀ ਨਾਲ ਕੰਮ ਕਰੇ
ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ ) – ਲੋਕ ਸਭਾ ਚੋਣਾਂ-2019 ਦੇ ਮੁਕਾਬਲੇ ਇਸ ਵਾਰ 2024 ਦੀਆਂ ਲੋਕ ਸਭਾ ਚੋਣਾਂ ਵਿੱਚ 10 ਫ਼ੀਸਦੀ ਜਾਂ ਇਸ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਵਿੱਚ ਵਾਧਾ ਕਰਨ ਵਾਲੇ ਬੀ.ਐਲ.ਓਜ਼ ਨੂੰ ਚੋਣ ਕਮਿਸ਼ਨ ਵੱਲੋਂ 5000 ਰੁਪਏ ਦਾ ਨਕਦ ਇਨਾਮ ਦੇਣ ਦੇ ਨਾਲ ਸੂਬਾ ਪੱਧਰੀ ਸਮਾਰੋਹ ਵਿੱਚ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੂਥਾਂ ਉੱਤੇ ਵੋਟਿੰਗ ਪ੍ਰਤੀਸ਼ਤ 75 ਫ਼ੀਸਦੀ ਤੋਂ ਵੱਧ ਹੋਵੇਗੀ, ਉੱਥੋਂ ਦੇ ਬੀ.ਐਲ.ਓਜ਼ ਨੂੰ ਵੀ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਹ ਐਲਾਨ ਬੀਤੇ ਦਿਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਕੀਤਾ ਗਿਆ ਹੈ ਕਿ ਜਿਹੜੇ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪੋ-ਆਪਣੇ ਬੂਥਾਂ ‘ਤੇ ਵੋਟਿੰਗ ਪ੍ਰਤੀਸ਼ਤ ਵਧਾਉਣਗੇ, ਉਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਇਨਾਮੀ ਰਾਸ਼ੀ ਨਾਲ ਸਨਮਾਨ ਕੀਤਾ ਜਾਵੇਗਾ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਬੀ.ਐਲ.ਓਜ਼ ਵੋਟਰ ਸਲਿਪਾਂ ਅਤੇ ‘ਵੋਟਿੰਗ ਸੱਦਾ ਪੱਤਰ’ ਘਰ-ਘਰ ਜਾ ਕੇ ਖ਼ੁਦ ਵੰਡਣ ਅਤੇ ਇਹ ਜ਼ਿੰਮੇਵਾਰੀ ਕਿਸੇ ਹੋਰ ਨੂੰ ਨਾ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਆਪਣੇ ਇਲਾਕੇ ਦੇ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੇ ਟੀਚੇ “ਇਸ ਵਾਰ 70 ਪਾਰ” ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ।