ਬਰਨਾਲਾ, ਗੁਰਦਾਸਪੁਰ, 30 ਮਈ (ਸਰਬਜੀਤ ਸਿੰਘ)– ਇੱਕ ਜੂਨ ਨੂੰ ਪੰਜਾਬ ਵਿੱਚ ਅਠਾਰਵੀਂ ਲੋਕ ਸਭਾ ਦੀਆਂ ਚੋਣਾ ਦੇ ਲਈ ਵੋਟਾਂ ਪੈਣੀਆਂ ਹਨ। ਸੀ ਪੀ ਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਇਹਨਾਂ ਚੋਣਾਂ ਵਿੱਚ ਭਾਜਪਾ ਨੂੰ ਸੱਤ੍ਹਾ ਤੋਂ ਪਾਸੇ ਕੀਤਾ ਜਾਵੇ। ਮੋਦੀ ਦੇ ਦਸ ਸਾਲ ਦੇ ਰਾਜ ਵਿੱਚ ਆਮ ਜਨਤਾ ਦੀ ਖ਼ੂਨ ਪਸੀਨੇ ਦੀ ਕਮਾਈ ਨੂੰ ਦੋਵੇਂ ਹੱਥੀਂ ਲੁੱਟ ਕੇ ਅਤੇ ਨਿੱਤ ਵਰਤੋਂ ਦੀਆਂ ਚੀਜ਼ਾਂ ਦੇ ਭਾਅ ਅਸਮਾਨੀ ਚੜ੍ਹਾਕੇ ਅੰਬਾਨੀ ਅਡਾਨੀ ਵਰਗੇ ਵੱਡੇ ਮਹਾਂਭ੍ਰਿਸਟ ਕਾਰਪੋਰੇਟਾਂ ਦੀਆਂ ਤਜੌਰੀਆਂ ਵਿੱਚ ਅਥਾਹ ਵਾਧਾ ਹੋਇਆ ਹੈ। ਮੋਦੀ ਸਰਕਾਰ ਨੇ ਕਾਰਪੋਰੇਟਾਂ ਦਾ ਚੌਦਾਂ ਲੱਖ ਕਰੋੜ ਦਾ ਕਰਜ਼ਾ ਮੁਆਫ਼ ਕਰਕੇ ਸਰਕਾਰੀ ਬੈਂਕਾਂ ਨੂੰ ਦੀਵਾਲੀਆ ਬਣਾ ਦਿੱਤਾ ਹੈ। ਪਿਛਲੇ ਦਸ ਸਾਲ ਵਿੱਚ ਗ਼ਰੀਬੀ, ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਸਭ ਹੱਦਾਂ ਬੰਨੇ ਪਾਰ ਕਰ ਗਿਆ ਹੈ। ਪੂਰੇ ਦੇਸ਼ ਵਿੱਚ ਔਰਤਾਂ ਉੱਪਰ ਜ਼ੁਲਮਾਂ ਵਿੱਚ ਭਾਰੀ ਵਾਧਾ ਹੋਇਆ ਹੈ। ਮੋਦੀ ਸਰਕਾਰ ਦੇਸ਼ ਦੇ ਸੰਵਿਧਾਨ, ਫੈਡਰਲ ਢਾਂਚੇ ਨੂੰ ਖ਼ਤਮ ਕਰਨ ਤੇ ਤੁਲੀ ਹੋਈ ਹੈ ਅਤੇ ਦਲਿਤਾਂ ਨੂੰ ਮਿਲੀ ਰੀਜ਼ਰਵੇਸ਼ਨ ਵੀ ਖ਼ਤਮ ਕਰਨਾ ਚਾਹੁੰਦੀ ਹੈ। ਮੋਦੀ ਦੇ ਰਾਜ ਵਿੱਚ ਗ਼ਰੀਬ ਲੋਕਾਂ ਦੀ ਹਾਲਤ ਲਗਾਤਾਰ ਬਦ ਤੋਂ ਬਦਤਰ ਹੋ ਗਈ ਹੈ। ਕਰਜ਼ੇ ਬਦਲੇ ਲੱਖਾਂ ਗ਼ਰੀਬ ਮਜ਼ਦੂਰ ਅਤੇ ਕਿਸਾਨ ਖ਼ੁਦਕੁਸ਼ੀਆਂ ਕਰ ਗਏ ਹਨ। ਸਿੱਖਿਆ ਦਾ ਭਗਵਾਂਕਰਨ ਕੀਤਾ ਜਾ ਚੁੱਕਾ ਹੈ। ਦੇਸ਼ ਵਿੱਚ ਹਜ਼ਾਰਾਂ ਲੋਕ ਮੋਦੀ ਦੀਆਂ ਨੀਤੀਆਂ ਦੇ ਖ਼ਿਲਾਫ਼ ਲੜਦੇ ਹੋਏ ਸ਼ਹੀਦ ਹੋ ਚੁੱਕੇ ਹਨ। ਆਗੂ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੂੰ ਵੀ ਸਬਕ ਸਿਖਾਇਆ ਜਾਵੇ, ਜਿਹੜੀ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ। ਪਾਰਟੀ ਆਗੂ ਨੇ ਚੋਣ ਕਮਿਸ਼ਨ ਪੰਜਾਬ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਗਰਮੀ ਦਾ ਕਹਿਰ ਵੀ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸ ਲਈ ਵੋਟਾਂ ਵਾਲੇ ਦਿਨ ਹਰ ਪੋਲਿੰਗ ਬੂਥ ਤੇ ਛਾਂ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ।