ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਥਾਪਤ ਕੀਤੇ ਗਏ ਸਟਰਾਂਗ ਰੂਮ ਤੇ ਕਾਊਂਟਿੰਗ ਸੈਂਟਰ ਦਾ ਦੌਰਾ

ਗੁਰਦਾਸਪੁਰ

ਸਟਰਾਂਗ ਰੂਮ ਤੇ ਕਾਊਂਟਿੰਗ ਸੈਂਟਰਾਂ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ

ਗੁਰਦਾਸਪੁਰ, 30 ਮਈ (ਸਰਬਜੀਤ  ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਥਾਪਿਤ ਕੀਤੇ ਗਏ ਸਟਰਾਂਗ ਰੂਮ ਤੇ ਕਾਊਂਟਿੰਗ ਸੈਂਟਰ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਨੇ ਕਾਊਂਟਿੰਗ ਸੈਂਟਰਾਂ ਦੀਆਂ ਤਿਆਰੀਆਂ ਅਤੇ ਈ.ਵੀ.ਐੱਮ. ਦੇ ਸਟਰਾਂਗ ਰੂਮ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 4 ਜੂਨ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਜ਼ਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ 6 ਵਿਧਾਨ ਸਭਾ ਹਲਕਿਆਂ ਦੀ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ ਕੀਤੀ ਜਾਵੇਗੀ ਅਤੇ ਇਸ ਸੰਸਥਾ ਵਿੱਚ ਹਰ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ।

ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਦੀ ਗਿਣਤੀ ਲਈ ਬਣਾਏ ਕਾਊਂਟਿੰਗ ਸੈਂਟਰ ਵਿੱਚ ਟੇਬਲ ਲਗਾਏ ਗਏ ਹਨ, ਜਿੱਥੇ ਕਾਊਂਟਿੰਗ ਸਟਾਫ਼ ਵੱਲੋਂ ਕਾਊਂਟਿੰਗ ਏਜੰਟਾਂ ਦੀ ਹਾਜ਼ਰੀ ਵਿੱਚ ਪੋਸਟਲ ਬੈਲਟ ਪੇਪਰ ਅਤੇ ਈ.ਵੀ.ਐੱਮ ਮਸ਼ੀਨਾਂ ਰਾਹੀਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਮੀਦਵਾਰਾਂ, ਕਾਊਂਟਿੰਗ ਏਜੰਟਾਂ ਅਤੇ ਕਾਊਂਟਿੰਗ ਸਟਾਫ਼ ਲਈ ਵਿਸ਼ੇਸ਼ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਾਊਂਟਿੰਗ ਸੈਂਟਰ ਵਿੱਚ ਬਣਨ ਵਾਲੇ ਮੀਡੀਆ ਸੈਂਟਰ ਦਾ ਜਾਇਜ਼ਾ ਵੀ ਲਿਆ।

ਇਸ ਮੌਕੇ ਉਨ੍ਹਾਂ ਨੇ ਸੁਖਜਿੰਦਰਾ ਕਾਲਜ ਵਿਖੇ ਚੱਲ ਰਹੀ ਪੋਲਿੰਗ ਸਟਾਫ਼ ਦੀ ਰਿਹਰਸਲ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਪੋਲਿੰਗ ਸਟਾਫ਼ ਨੂੰ ਕਿਹਾ ਕਿ ਉਹ ਬਹੁਤ ਸੁਭਾਗਸ਼ਾਲੀ ਹਨ ਜਿਨ੍ਹਾਂ ਨੂੰ ਚੋਣਾਂ ਦੀ ਅਤਿ-ਅਹਿਮ ਡਿਊਟੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਵੋਟਾਂ ਵਾਲੇ ਦਿਨ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਤਾਂ ਜੋ ਪੂਰਾ ਚੋਣ ਅਮਲ ਸ਼ਾਂਤਮਈ, ਆਜ਼ਾਦਾਨਾ ਅਤੇ ਤਰੁੱਟੀ ਰਹਿਤ ਮੁਕੰਮਲ ਹੋ ਸਕੇ।

Leave a Reply

Your email address will not be published. Required fields are marked *