ਗੁਰਦਾਸਪੁਰ, 1 ਜੂਨ ( ਸਰਬਜੀਤ ਸਿੰਘ) – ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ 1 ਜੂਨ, 2024 (ਸ਼ਨੀਵਾਰ) ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਪੰਜਾਬ ਵਿੱਚ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸੁਭਾਸ਼ ਚੰਦਰ ਨੇ ਦੱਸਿਆ ਕਿ ਪੰਜਾਬ ਭਰ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਲਈ ਮਿਤੀ 01.06.2024 (ਸ਼ਨੀਵਾਰ) ਨੂੰ ਗਜ਼ਟਿਡ ਛੁੱਟੀ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਿਕ 01-06-2024 ਨੂੰ ਅਦਾਇਗੀ ਯੋਗ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫ਼ਿਕੇਸ਼ਨ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।