ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਵਿਰੁੱਧ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ- ਡਾ ਸੁਨੀਲ ਤਰਗੋਤਰਾ
ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਪੰਜਾਬ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਸੇਵਾਵਾਂ ਨਿਭਾਅ ਰਹੇ ਕਮਿਊਨਿਟੀ ਹੈਲਥ ਅਫ਼ਸਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਦੇ ਹੱਲ ਨਾ ਹੋਣ ਕਾਰਨ CHO ਐਸੋਸੀਏਸ਼ਨ ਪੰਜਾਬ ਵੱਲੋਂ 3 ਸਤੰਬਰ ਨੂੰ ਦਿੜ੍ਹਬਾ ਵਿਖੇ ਵਿਸ਼ਾਲ ਰੋਸ ਧਰਨਾ ਅਤੇ ਰੋਸ ਮਾਰਚ ਕੀਤਾ ਜਾਵੇਗਾ।
ਸੂਬਾ ਪ੍ਰਧਾਨ ਡਾ ਸੁਨੀਲ ਤਰਗੋਤਰਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਵਿੱਤੀ ਮੰਗਾਂ ਸਬੰਧੀ ਸਰਕਾਰ ਅਤੇ ਸਿਹਤ ਵਿਭਾਗ ਨਾਲ ਲਗਾਤਾਰ ਮੀਟਿੰਗਾਂ ਅਤੇ ਪੱਤਰ-ਵਿਹਾਰ ਕਰ ਰਹੇ ਹਨ। ਕਈ ਵਾਰ ਭਰੋਸੇ ਦੇਣ ਦੇ ਬਾਵਜੂਦ ਮੰਗਾਂ ਦਾ ਪੂਰਨ ਅਤੇ ਠੋਸ ਹੱਲ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ₹5000/- ਤਨਖਾਹ ਵਿੱਚ ਵਾਧਾਬੋਨਸ ਦੀ ਬਹਾਲੀ ਆਦਿ ਨਾਲ ਸਬੰਧਤ ਮੰਗਾਂ ਦੀਆਂ ਫਾਈਲਾਂ ਲੰਬੇ ਸਮੇਂ ਤੋਂ ਵਿੱਤ ਵਿਭਾਗ ਕੋਲ ਲੰਬਿਤ ਪਈਆਂ ਹਨ। ਇਸ ਕਾਰਨ ਸੀਐਚਓ ਨੂੰ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰਨਾ ਪੈ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਰਿਵਾਈਜ਼ ਕਰਨ ਦੀ ਮੰਗ ਨੂੰ ਸਿਹਤ ਵਿਭਾਗ ਵੱਲੋਂ ਮੰਨਿਆ ਵੀ ਜਾ ਚੁੱਕਾ ਹੈ, ਪਰੰਤੂ ਇਸ ਦੇ ਬਾਵਜੂਦ ਅਜੇ ਤੱਕ ਰਿਵਾਈਜ਼ਡ ਜਾਰੀ ਕਰਨ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੀਟਿੰਗਾਂ ਦੌਰਾਨ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਜਦੋਂ ਮੰਗਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾਂਦਾ ਤਾਂ ਇਹ ਮੁਲਾਜ਼ਮਾਂ ਨਾਲ ਵਾਅਦਾ-ਖ਼ਿਲਾਫ਼ੀ ਹੈ
ਆਗੂਆਂ ਨੇ ਕਿਹਾ ਕਿ ਸੀਐਚਓ ਪਿੰਡਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਾਲੀ ਅਹਿਮ ਕੜੀ ਹਨ ਅਤੇ ਸਰਕਾਰ ਦੀਆਂ ਸਿਹਤ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਸੇਵਾ ਅਤੇ ਵਿੱਤੀ ਮੰਗਾਂ ਨੂੰ ਲੰਬੇ ਸਮੇਂ ਤੋਂ ਲਟਕਾਉਣਾ ਬਹੁਤ ਮੰਦਭਾਗਾ ਹੈ।
ਜੇਕਰ ਸਰਕਾਰ ਵੱਲੋਂ ਇਸ ਤੋਂ ਬਾਅਦ ਵੀ ਸੀਐਚਓ ਦੀਆਂ ਮੰਗਾਂ ਦਾ ਸਮਾਂਬੱਧ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਯੂਨੀਅਨ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।


