ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 61 ਹਜ਼ਾਰ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਵਿੱਚ ਸਖੀਆਂ ਦਾ ਅਹਿਮ ਯੋਗਦਾਨ: ਰਮਨ ਬਹਿਲ

ਗੁਰਦਾਸਪੁਰ

ਰਮਨ ਬਹਿਲ ਦੀ ਅਗਵਾਈ ਹੇਠ ‘ਸਤਿਕਾਰ ਸਖੀ ਸਨਮਾਨ ਸਮਾਰੋਹ’

ਸਮਾਜ ਸੇਵਾ ਅਤੇ ਯੋਜਨਾ ਨੂੰ ਘਰ-ਘਰ ਪਹੁੰਚਾਉਣ ਲਈ ਸਖੀਆਂ ਦਾ ਵਿਸ਼ੇਸ਼ ਸਨਮਾਨ

ਕਿਹਾ-ਇਸ ਨੇਕ ਸੇਵਾ ਲਈ ਤੁਹਾਡਾ ਨਾਂ ਇਤਿਹਾਸ ਵਿੱਚ ਦਰਜ

ਗੁਰਦਾਸਪੁਰ, 29 ਅਗਸਤ 2026 (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੀ ਗਾਰੰਟੀ ਨੂੰ ਪੂਰਾ ਕਰਦਿਆਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਚਲਾਈ ਗਈ ਹੈ। ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਅਤੇ ਉਨ੍ਹਾਂ ਦੇ ਫਾਰਮ ਭਰਨ ਦਾ ਕੰਮ ਸਖੀਆਂ ਨੂੰ ਸੌਂਪਿਆ ਗਿਆ ਸੀ।

ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਇਸ ਯੋਜਨਾ ਤਹਿਤ 61 ਹਜ਼ਾਰ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੋਣਾ ਸਖੀਆਂ ਦੀ ਮਿਹਨਤ ਅਤੇ ਸੇਵਾ ਭਾਵਨਾ ਦਾ ਨਤੀਜਾ ਹੈ। ਇਹ ਪ੍ਰਗਟਾਵਾ ਰਮਨ ਬਹਿਲ, ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਨੇ ਅੱਜ ਮੰਗਲਮ ਰਿਜ਼ੋਰਟ, ਪ੍ਰੇਮ ਨਗਰ, ਗੁਰਦਾਸਪੁਰ ਵਿਖੇ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕਾਰਜਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਸਖੀਆਂ ਦੇ ਸਨਮਾਨ ਲਈ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਕੀਤਾ।

ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਬੇਹੱਦ ਖੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ 61 ਹਜ਼ਾਰ ਤੋਂ ਵੱਧ ਯੋਗ ਮਹਿਲਾਵਾਂ ਨੂੰ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੱਡੀ ਉਪਲਬਧੀ ਦਾ ਸਾਰਾ ਸਿਹਰਾ ਸਖੀਆਂ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪੂਰੀ ਮਿਹਨਤ ਅਤੇ ਸੇਵਾ ਭਾਵਨਾ ਨਾਲ ਯੋਗ ਮਹਿਲਾਵਾਂ ਦੇ ਫਾਰਮ ਭਰੇ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਇਸ ਨੇਕ ਸੇਵਾ ਲਈ ਤੁਹਾਡਾ ਨਾਂ ਇਤਿਹਾਸ ਵਿੱਚ ਦਰਜ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਮਹਿਲਾਵਾਂ ਦੇ ਕਾਗਜ਼ਾਤ ਪੂਰੇ ਜਾਂ ਅਧੂਰੇ ਸਨ। ਸਖੀਆਂ ਨੇ ਮਿਹਨਤ ਕਰਕੇ ਉਨ੍ਹਾਂ ਦੇ ਲੋੜੀਂਦੇ ਦਸਤਾਵੇਜ਼ ਪੂਰੇ ਕਰਵਾਏ ਅਤੇ ਯੋਗ ਮਹਿਲਾਵਾਂ ਨੂੰ ਇਸ ਯੋਜਨਾ ਨਾਲ ਜੋੜਨ ਲਈ ਹਰ ਸੰਭਵ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਪੱਧਰ ’ਤੇ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਸਖੀਆਂ ਵੱਲੋਂ ਕੀਤੀ ਗਈ ਮਿਹਨਤ ਸ਼ਲਾਘਾਯੋਗ ਹੈ ਅਤੇ ਉਨ੍ਹਾਂ ਦੀ ਸੇਵਾ ਭਾਵਨਾ ਨੂੰ ਸਲਾਮ ਕਰਨਾ ਬਣਦਾ ਹੈ।

ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਮਾਵਾਂ-ਧੀਆਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਯੋਗ ਮਹਿਲਾਵਾਂ ਨੂੰ ਸਤਿਕਾਰ ਭੱਤਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਵੱਲੋਂ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਇੱਕ ਹੋਰ ਮਿਸਾਲ ਹੈ। ਉਨ੍ਹਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਅਤੇ ਵਿਸ਼ੇਸ਼ ਤੌਰ ’ਤੇ ਸਖੀਆਂ ਵੱਲੋਂ ਕੀਤੀ ਗਈ ਮਿਹਨਤ ਦੀ ਸ਼ਲਾਘਾ ਕੀਤੀ।

ਰਮਨ ਬਹਿਲ ਨੇ ਕਿਹਾ ਕਿ ਸਖੀਆਂ ਨੇ ਸਿਰਫ਼ ਫਾਰਮ ਭਰਨ ਤੱਕ ਹੀ ਆਪਣੀ ਜ਼ਿੰਮੇਵਾਰੀ ਸੀਮਤ ਨਹੀਂ ਰੱਖੀ, ਸਗੋਂ ਲੋਕਾਂ ਨੂੰ ਸਰਕਾਰ ਦੀ ਇਸ ਯੋਜਨਾ ਬਾਰੇ ਜਾਣਕਾਰੀ ਦੇਣ, ਯੋਗ ਮਹਿਲਾਵਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਦਸਤਾਵੇਜ਼ ਪੂਰੇ ਕਰਵਾਉਣ ਵਿੱਚ ਵੀ ਮਹੱਤਵਪੂਰਨ ਸਹਿਯੋਗ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਅਜਿਹੀ ਸੇਵਾ ਭਾਵਨਾ ਬਹੁਤ ਜ਼ਰੂਰੀ ਹੈ।

ਇਸ ਮੌਕੇ ਰਮਨ ਬਹਿਲ ਵੱਲੋਂ ਸਮਾਜ ਸੇਵਾ, ਲੋਕ ਭਲਾਈ ਅਤੇ ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਹਲਕੇ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਯੋਗਦਾਨ ਪਾਉਣ ਵਾਲੀਆਂ ਸਖੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਖੀਆਂ ਵੱਲੋਂ ਕੀਤੀ ਗਈ ਮਿਹਨਤ ਨਾ ਸਿਰਫ਼ ਸ਼ਲਾਘਾਯੋਗ ਹੈ, ਸਗੋਂ ਹੋਰਨਾਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ।

ਸਮਾਗਮ ਦੌਰਾਨ ਸਖੀਆਂ ਵੱਲੋਂ ਰਮਨ ਬਹਿਲ ਅਤੇ ਉਨ੍ਹਾਂ ਦੀ ਧਰਮਪਤਨੀ ਅਰਚਨਾ ਬਹਿਲ ਦਾ ਧੰਨਵਾਦ ਕੀਤਾ ਗਿਆ।

ਸਖੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੇਵਾ ਕਾਰਜਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਸਖੀਆਂ ਦਾ ਸਨਮਾਨ ਕਰਨਾ ਉਨ੍ਹਾਂ ਦਾ ਹੌਸਲਾ ਵਧਾਉਣ ਵਾਲਾ ਉਪਰਾਲਾ ਹੈ ਅਤੇ ਇਸ ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਲੋਕ ਸੇਵਾ ਲਈ ਹੋਰ ਉਤਸ਼ਾਹ ਮਿਲੇਗਾ।

ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਸੰਗਠਨ ਪ੍ਰਧਾਨ ਵਿਧਾਨ ਸਭਾ ਹਲਕਾ ਗੁਰਦਾਸਪੁਰ ਭਾਰਤ ਭੂਸ਼ਣ ਸ਼ਰਮਾ, ਰਘੁਬੀਰ ਸਿੰਘ ਖਾਲਸਾ, ਚੇਅਰਮੈਨ ਵਪਾਰ ਮੰਡਲ ਗੁਰਦਾਸਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ. ਸੁੱਚਾ ਸਿੰਘ ਮੁਲਤਾਨੀ, ਨਗਰ ਸੁਧਾਰ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ, ਹਨੀ ਬਹਿਲ, ਬਾਵਾ ਬਹਿਲ, ਨਿੱਕੂ ਸ਼ੇਰਗਿੱਲ, ਸਰਪੰਚ ਪਿੰਡ ਬੱਬਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਖੀਆਂ, ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਸਰਪੰਚ ਅਤੇ ਸਮੂਹ ਲੀਡਰਸ਼ਿਪ ਹਾਜ਼ਰ ਸੀ।

Leave a Reply

Your email address will not be published. Required fields are marked *