ਹਰੇਕ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ- ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਵਿਆਪਕ ਪੱਧਰ ’ਤੇ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਮਨਰੂਪ ਸਿੰਘ ਰੰਧਾਵਾ, ਪ੍ਰਧਾਨ ਰਾਜੇਸ਼ ਕੁਮਾਰ ਬਿੱਟਾ, ਭੁਪਿੰਦਰ ਸਿੰਘ ਈ ਓ ਡੇਰਾ ਬਾਬਾ ਨਾਨਕਐਮ ਸੀ ਅਤੇ ਸ਼ਹਿਰ ਵਾਸੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ
‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਦੇ ਦੂਜੇ ਦਿਨ ਕਸਬਾ ਡੇਰਾ ਬਾਬਾ ਨਾਨਕ ਵਿਖੇ ਚੱਲ ਰਹੀ10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ।
ਇਸ ਮੌਕੇ ਉਨ੍ਹਾਂ ਸਫ਼ਾਈ ਸੇਵਕਾਂ ਵੱਲੋਂ ਕੀਤੀ ਜਾ ਰਹੀ ਮਿਹਨਤ ਅਤੇ ਸੇਵਾ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ। ਨਾਲ ਹੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਫ਼ਾਈ ਮੁਹਿੰਮ ਵਿੱਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾਉਣ ਅਤੇ ਡੇਰਾ ਬਾਬਾ ਨਾਨਕ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਖੂਬਸੂਰਤ ਬਣਾਉਣ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮ ਦਾ ਮਕਸਦ ਸਿਰਫ਼ ਕੂੜਾ ਹਟਾਉਣਾ ਹੀ ਨਹੀਂ, ਸਗੋਂ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਕੇ ਸਾਫ਼-ਸੁਥਰੇ ਸ਼ਹਿਰ ਦੀ ਸਿਰਜਣਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਫਾਈ ਅਭਿਆਨ ਨਿਰੰਤਰ ਜਾਰੀ ਰਹੇਗਾ।
ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ, ਕੂੜਾ-ਕਰਕਟ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਅਤੇ ਸਫ਼ਾਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।


