ਗੁਰਦਾਸਪੁਰ, 4 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਨੁਪੂਰਕ ਪ੍ਰੀਖਿਆਵਾਂ ਮਿਤੀ 4 ਜੁਲਾਈ ਤੋਂ 20 ਜੁਲਾਈ 2024 ਤੱਕ ਸਵੇਰ ਦੇ ਸੈਸ਼ਨ ਵਿੱਚ 11:00 ਵਜੇ ਤੋਂ ਦੁਪਹਿਰ 2:15 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।
ਪ੍ਰੀਖਿਆ ਕੇਂਦਰਾਂ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਨਾ ਹੋਣ ਅਤੇ ਟਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਸੁਭਾਸ਼ ਚੰਦਰ, ਪੀ.ਸੀ.ਐੱਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਬਟਾਲਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਡੇਰਾ ਬਾਬਾ ਨਾਨਕ ਅਤੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਮਿਤੀ 4 ਜੁਲਾਈ ਤੋਂ 20 ਜੁਲਾਈ 2024 ਤੱਕ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਉਨ੍ਹਾਂ ਵਿਅਕਤੀਆਂ ਉੱਪਰ ਲਾਗੂ ਨਹੀਂ ਹੋਣਗੇ ਜੋ ਇਨ੍ਹਾਂ ਪ੍ਰੀਖਿਆਵਾਂ ਵਿੱਚ ਡਿਊਟੀ ‘ਤੇ ਹੋਣਗੇ। ਇਹ ਹੁਕਮ ਇੱਕਤਰਫ਼ਾ ਪਾਸ ਕੀਤਾ ਗਿਆ ਹੈ।